ਸੰਗਰੂਰ ਤੋਂ ਜਨਗਣਨਾ ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਸ਼ੁਰੂ/ ਮੁੱਖ ਮੰਤਰੀ ਮਾਨ ਨੇ ਕਰਵਾਈ ਸ਼ੁਰੂਆਤ/ ਘਰ ਬੈਠੇ ਆਨਲਾਈਨ ਦਰਜ ਹੋਵੇਗੀ ਜਨਗਣਨਾ

0
5

 

ਮੁੱਖ ਮੰਤਰੀ ਭਗਵੰਤ ਮਾਨ ਅੱਜ ਆਪਣੇ ਜੱਦੀ ਹਲਕਾ ਸੰਗਰੂਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ‘ਭਾਰਤ ਦੀ ਜਨਗਣਨਾ-2027’ ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ। ਇਹ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਜਾਰੀ ਰਹੇਗੀ। ਇਸ ਦੌਰਾਨ ਲੋਕ ਆਨਲਾਈਨ ਪੋਰਟਲ ਰਾਹੀਂ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਦਰਜ ਕਰ ਸਕਣਗੇ। ਇਸ ਤੋਂ ਬਾਅਦ 4 ਜਨਵਰੀ ਤੋਂ ਅਧਿਕਾਰੀ ਅਤੇ ਕਰਮਚਾਰੀ ਘਰ-ਘਰ ਜਾ ਕੇ ਜਨਗਣਨਾ ਕਰਨਗੇ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਹੀ ਜਾਣਕਾਰੀ ਦਰਜ ਕਰਵਾ ਕੇ ਇਸ ਕੌਮੀ ਪ੍ਰਕਿਰਿਆ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਕਿਰਿਆ 16 ਤੋਂ 30 ਨਵੰਬਰ ਤੱਕ ਜਾਰੀ ਰਹੇਗੀ, ਜਿਸ ਰਾਹੀਂ ਲੋਕ ਘਰ ਬੈਠੇ ਹੀ ਆਨਲਾਈਨ ਆਪਣੇ ਵੇਰਵੇ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ। ਇਕੱਤਰ ਕੀਤੇ ਗਏ ਇਹ ਅੰਕੜੇ ਸੂਬੇ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਨੂੰ ਨਵਾਂ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਕੌਮੀ ਕਾਰਜ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਦੇਣ ਅਤੇ ਸਰਕਾਰ ਨੂੰ ਆਪਣਾ ਸਹਿਯੋਗ ਦੇਣ।”
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 16 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤ ਦੀ ਜਨਗਣਨਾ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਨੇ ਇਸ ਵਿਸ਼ਾਲ ਦੇਸ਼ ਵਿਆਪੀ ਮੁਹਿੰਮ ਦਾ ਹਿੱਸਾ ਬਣਨ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਕਿਹਾ, “ਜਨਗਣਨਾ ਦੋ ਪੜਾਵਾਂ ਵਿੱਚ ਕਰਵਾਈ ਜਾ ਰਹੀ ਹੈ, ਜਿਸ ਦਾ ਪਹਿਲਾ ਪੜਾਅ, ਜਿਸ ਵਿੱਚ ਘਰਾਂ ਦੀ ਸੂਚੀ ਬਣਾਉਣਾ ਅਤੇ ਮਕਾਨਾਂ ਦੀ ਗਣਨਾ ਸ਼ਾਮਲ ਸੀ, ਪੰਜਾਬ ਵਿੱਚ ਪਹਿਲਾਂ ਹੀ ਸਫ਼ਲਤਾਪੂਰਵਕ ਮੁਕੰਮਲ ਹੋ ਚੁੱਕਾ ਹੈ। ਇਸ ਪੜਾਅ ਦੌਰਾਨ ਘਰਾਂ ਦੀ ਹਾਲਤ, ਉਪਲਬਧ ਸਹੂਲਤਾਂ ਅਤੇ ਘਰੇਲੂ ਜਾਇਦਾਦਾਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ ਸੀ।”
ਮੁੱਖ ਮੰਤਰੀ ਨੇ ਕਿਹਾ ਕਿ ਦੂਜਾ ਪੜਾਅ, ‘ਆਬਾਦੀ ਗਣਨਾ’ ਅੱਜ ਨੂੰ ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਹਰੇਕ ਨਾਗਰਿਕ ਦੀ ਜਨਸੰਖਿਆ ਪ੍ਰੋਫਾਈਲ, ਸਮਾਜਿਕ-ਆਰਥਿਕ ਸਥਿਤੀ, ਪਰਵਾਸ, ਸਿੱਖਿਆ ਅਤੇ ਪ੍ਰਜਨਨ ਦਰ ਨਾਲ ਸਬੰਧਤ ਜਾਣਕਾਰੀ ਇਕੱਤਰ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ, “ਇਸ ਮੁਹਿੰਮ ਰਾਹੀਂ ਇਕੱਠੇ ਕੀਤੇ ਗਏ ਅੰਕੜੇ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੀ ਯੋਜਨਾਬੰਦੀ, ਵਿਕਾਸ ਅਤੇ ਲੋਕ ਭਲਾਈ ਨੀਤੀਆਂ ਨੂੰ ਸੇਧ ਦੇਣ ਲਈ ਮਹੱਤਵਪੂਰਨ ਨੀਂਹ ਵਜੋਂ ਕੰਮ ਕਰਨਗੇ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇਸ਼ ਦੇ ਉਨ੍ਹਾਂ ਪਹਿਲੇ ਸੂਬਿਆਂ ਵਿੱਚੋਂ ਇੱਕ ਹੈ, ਜਿੱਥੇ ਇਹ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ। ਜਨਗਣਨਾ 2027 ਦੇ ਕਾਰਜਕ੍ਰਮ ਅਨੁਸਾਰ ਆਨਲਾਈਨ ਸਵੈ-ਗਣਨਾ 16 ਤੋਂ 30 ਨਵੰਬਰ, 2026 ਤੱਕ ਹੋਵੇਗੀ, ਜਿਸ ਤੋਂ ਬਾਅਦ 1 ਦਸੰਬਰ, 2026 ਤੋਂ 4 ਜਨਵਰੀ, 2027 ਤੱਕ ਘਰ-ਘਰ ਜਾ ਕੇ ਗਣਨਾ ਕੀਤੀ ਜਾਵੇਗੀ।

LEAVE A REPLY

Please enter your comment!
Please enter your name here