ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਜ਼ੋਰਾਂ ‘ਤੇ/ 116 ਏਕੜ ‘ਚ ਤਿਆਰ ਹੋ ਰਿਹਾ ਵਿਸ਼ਾਲ ਪੰਡਾਲ/ ਬਲਤੇਜ ਪੰਨੂ ਤੇ ਸ਼ੈਰੀ ਕਲਸੀ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

0
4

ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਵਿਖੇ ਕਰਵਾਈ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਪਾਰਟੀ ਦੇ ਸਥਾਪਨਾ ਦਿਵਸ ਮੌਕੇ ਹੋਣ ਵਾਲੀ ਇਸ ਰੈਲੀ ਵਿੱਚ ‘ਆਪ’ ਸੁਪਰੀਮੋ ਕੇਜਰੀਵਾਲ, ਮੁੱਖ ਮੰਤਰੀ ਮਾਨ ਸਮੇਤ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸ਼ਿਰਕਤ ਕਰੇਗੀ। ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪਾਰਟੀ ਦੇ ਪੰਜਾਬ ਬੁਲਾਰੇ ਬਲਤੇਜ ਪੰਨੂ ਅਤੇ ਵਿਧਾਇਕ ਸ਼ੈਰੀ ਕਲਸੀ ਵਿਸ਼ੇਸ਼ ਤੌਰ ‘ਤੇ ਮੋਗਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ, ਪਾਰਕਿੰਗ, ਬੈਠਣ ਅਤੇ ਹੋਰ ਸਹੂਲਤਾਂ ਦਾ ਨਿਰੀਖਣ ਕੀਤਾ। ਰੈਲੀ ਲਈ ਕਰੀਬ 116 ਏਕੜ ਜਗ੍ਹਾ ਵਿੱਚ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਪਾਰਟੀ ਆਗੂਆਂ ਮੁਤਾਬਕ ਇਸ ਰੈਲੀ ਵਿੱਚ ਇੱਕ ਲੱਖ ਤੋਂ ਵੱਧ ਵਰਕਰਾਂ ਅਤੇ ਸਮਰਥਕਾਂ ਦੇ ਪਹੁੰਚਣ ਦੀ ਉਮੀਦ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਰੈਲੀ ਵਿੱਚ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਦੋਵੇਂ ਪਾਸੇ ਵੱਖ-ਵੱਖ ਪਾਰਕਿੰਗ ਬਣਾਈ ਜਾ ਰਹੀ ਹੈ। ਲੁਧਿਆਣਾ ਵਾਲੇ ਪਾਸੇ ਤੋਂ ਆਉਣ ਵਾਲੀਆਂ ਬੱਸਾਂ ਅਤੇ ਹੋਰ ਵਾਹਨਾਂ ਲਈ ਵੱਖਰੀ ਪਾਰਕਿੰਗ ਹੋਵੇਗੀ, ਜਦਕਿ ਮੋਗਾ ਵਾਲੇ ਪਾਸੇ ਤੋਂ ਆਉਣ ਵਾਲੇ ਵਾਹਨਾਂ ਲਈ ਵੱਡੀ ਪਾਰਕਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੱਸਾਂ ਤੋਂ ਉਤਰਨ ਤੋਂ ਬਾਅਦ ਔਰਤਾਂ, ਬਜ਼ੁਰਗਾਂ ਅਤੇ ਹੋਰ ਲੋੜਵੰਦ ਵਿਅਕਤੀਆਂ ਨੂੰ ਪੰਡਾਲ ਤੱਕ ਪਹੁੰਚਾਉਣ ਲਈ ਈ-ਰਿਕਸ਼ਾ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਰੈਲੀਆਂ ਵਿੱਚ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਪਾਰਟੀ ਦੀ ਕੋਸ਼ਿਸ਼ ਹੈ ਕਿ ਰੈਲੀ ਵਿੱਚ ਸ਼ਾਮਲ ਹੋਣ ਵਾਲੇ ਕਿਸੇ ਵੀ ਵਿਅਕਤੀ ਨੂੰ ਆਵਾਜਾਈ, ਪਾਰਕਿੰਗ, ਬੈਠਣ ਜਾਂ ਹੋਰ ਸਹੂਲਤਾਂ ਸਬੰਧੀ ਕੋਈ ਦਿੱਕਤ ਨਾ ਆਵੇ। ਬਲਤੇਜ ਪੰਨੂ ਨੇ ਕਿਹਾ ਕਿ 26 ਨਵੰਬਰ ਦੀ ਰੈਲੀ ਪੰਜਾਬ ਦੇ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਰੈਲੀਆਂ ਵਿੱਚੋਂ ਇੱਕ ਹੋਵੇਗੀ। ਉਨ੍ਹਾਂ ਕਿਹਾ ਕਿ ਮੋਗਾ ਪੰਜਾਬ ਦੇ ਵਿਚਕਾਰ ਸਥਿਤ ਹੋਣ ਕਾਰਨ ਰਾਜਨੀਤਿਕ ਸਮਾਗਮਾਂ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ। ਮਾਝਾ, ਦੁਆਬਾ, ਮਾਲਵਾ ਅਤੇ ਸਰਹੱਦੀ ਇਲਾਕਿਆਂ ਤੋਂ ਲੋਕਾਂ ਲਈ ਮੋਗਾ ਪਹੁੰਚਣਾ ਸੁਖਾਲਾ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਰਾਹੀਂ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਦਾ ਬਿਗਲ ਵੀ ਵਜਾਇਆ ਜਾਵੇਗਾ।
ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੇ ਦਾਅਵੇਦਾਰਾਂ ਅਤੇ ਪਾਰਟੀ ਵਿੱਚ ਨਵੇਂ ਚਿਹਰਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੋਇਆ ਹੈ। ਪਾਰਟੀ ਵਿੱਚ ਬਹੁਤ ਸਾਰੇ ਅਜਿਹੇ ਲੋਕ ਹਨ, ਜੋ ਪਹਿਲੀ ਵਾਰ ਵਿਧਾਨ ਸਭਾ ਚੋਣ ਲੜਨ ਦੀ ਇੱਛਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਆਮ ਲੋਕਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਅਤੇ ਲੋਕਾਂ ਦੀ ਸੇਵਾ ਕਰਨ ਦੇ ਮੌਕੇ ਦਿੱਤੇ ਹਨ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਕਈ ਨਵੇਂ ਚਿਹਰੇ ਵਿਧਾਇਕ ਬਣ ਕੇ ਵਿਧਾਨ ਸਭਾ ਵਿੱਚ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ 117 ਸੀਟਾਂ ਦੇ ਮੁਕਾਬਲੇ ਦਾਅਵੇਦਾਰਾਂ ਦੀ ਗਿਣਤੀ ਕਾਫ਼ੀ ਜ਼ਿਆਦਾ ਹੈ, ਜੋ ਪਾਰਟੀ ਦੇ ਵੱਡੇ ਪਰਿਵਾਰ ਦਾ ਸਬੂਤ ਹੈ।
ਗੱਲਬਾਤ ਦੌਰਾਨ ਬਲਤੇਜ ਪੰਨੂ ਨੇ ਪਟਿਆਲਾ ਖੇਤਰ ਵਿੱਚ ਭਾਖੜਾ ਨਹਿਰ ’ਤੇ ਬਣੇ ਪੁਲ ਦੇ ਨੁਕਸਾਨੇ ਜਾਣ ਦੀ ਘਟਨਾ ਬਾਰੇ ਵੀ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਨਿਰਮਾਣ ਕਾਰਜਾਂ ਅਤੇ ਰੱਖ-ਰਖਾਅ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕੌਮੀ ਮਾਰਗਾਂ ਦੇ ਨਿਰਮਾਣ ਦੌਰਾਨ ਗੁਣਵੱਤਾ ਦਾ ਖ਼ਾਸ ਧਿਆਨ ਰੱਖਣਾ ਚਾਹੀਦਾ ਹੈ, ਕਿਉਂਕਿ ਇਨ੍ਹਾਂ ਸੜਕਾਂ ਤੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਵਾਹਨ ਲੰਘਦੇ ਹਨ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਵੀ ਸਬੰਧਤ ਵਿਭਾਗ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਐਨਐਚਏਆਈ ਦੀ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ। ਇਸ ਸਬੰਧੀ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਵੀ ਮਾਮਲਾ ਉਠਾਉਣ ਦੀ ਗੱਲ ਕਹੀ ਗਈ।

 

LEAVE A REPLY

Please enter your comment!
Please enter your name here