
ਪੰਜਾਬ ਵਿੱਚ ਨਸ਼ਿਆਂ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਂਦਾ ਨਜ਼ਰ ਆ ਰਿਹਾ ਹੈ। ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੰਗ ਨੂੰ ਲੈ ਕੇ ਸੰਗਰੂਰ ਦੇ ਲਹਿਰਾਗਾਗਾ ਵਿੱਚ ਐਂਟੀ ਡਰੱਗ ਕਮੇਟੀ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ‘ਬੋਲੀਏ ਸਾਰੇ ਇੱਕ ਆਵਾਜ਼, ਨਸ਼ਾ ਮੁਕਤ ਹੋਵੇ ਪੰਜਾਬ’ ਦੇ ਨਾਅਰੇ ਹੇਠ ਕੱਢੇ ਗਏ ਇਸ ਮਾਰਚ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਨਿਹੰਗ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਵਧ ਰਹੀ ਸਮੱਸਿਆ ‘ਤੇ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਗਈ।

ਇਸ ਮੌਕੇ ਐਂਟੀ ਡਰੱਗ ਕਮੇਟੀ ਦੇ ਮੁਖੀ ਗੁਰਸੇਵਕ ਸਿੰਘ ਗੁਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਨਸ਼ਿਆਂ ਨਾਲ ਜੁੜੇ ਐੱਚ.ਆਈ.ਵੀ. ਸੰਕਰਮਣ ਦੇ ਖ਼ਤਰੇ ‘ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਲੋਕਾਂ ਨੂੰ ਇਸ ਦੇ ਸਿਹਤ ਸਬੰਧੀ ਖ਼ਤਰਿਆਂ ਬਾਰੇ ਜਾਗਰੂਕ ਕਰਨਾ ਵੀ ਬਹੁਤ ਜ਼ਰੂਰੀ ਹੈ। ਕਮੇਟੀ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਨਸ਼ਿਆਂ ਦੀ ਲਪੇਟ ਵਿੱਚ ਆਏ ਨੌਜਵਾਨਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।
ਰੋਸ ਮਾਰਚ ਵਿੱਚ ਸ਼ਾਮਲ ਆਗੂਆਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ ਤਾਂ ਸਰਕਾਰ, ਪੁਲਿਸ ਪ੍ਰਸ਼ਾਸਨ, ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਗਿਆ।

