ਪੰਜਾਬ ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਲਈ ਸਿਆਸੀ ਸਰਗਰਮੀਆਂ ਤੇਜ਼/ ਸਿਆਸੀ ਧਿਰਾਂ ਦੇ 67 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ/ 28 ਨੂੰ ਪੈਣਗੀਆਂ ਵੋਟਾਂ, DSP ਦੀ ਸ਼ਰਾਰਤੀਆਂ ਨੂੰ ਚੇਤਾਵਨੀ By admin - November 20, 2026 0 3 Facebook Twitter Pinterest WhatsApp ਬਾਘਾ ਪੁਰਾਣਾ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਕੁੱਲ 67 ਉਮੀਦਵਾਰਾਂ ਵੱਲੋਂ ਆਪਣੇ ਕਾਗਜ਼ਾਤ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ 16-16, ਕਾਂਗਰਸ ਦੇ 15, ਭਾਜਪਾ ਦੇ 10 ਅਤੇ 10 ਆਜ਼ਾਦ ਉਮੀਦਵਾਰ ਸ਼ਾਮਲ ਹਨ। 20 ਨਵੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ, ਜਦਕਿ 21 ਨਵੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਤਰੀਕ ਹੈ। ਇਨ੍ਹਾਂ ਚੋਣਾਂ ਲਈ 28 ਨਵੰਬਰ ਨੂੰ ਵੋਟਾਂ ਪੈਣਗੀਆਂ। ਉੱਧਰ, ਚੋਣਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਡੀਐਸਪੀ ਜਸਬਿੰਦਰ ਸਿੰਘ ਖਹਿਰਾ ਨੇ ਸਪੱਸ਼ਟ ਕੀਤਾ ਹੈ ਕਿ ਚੋਣਾਂ ਦੌਰਾਨ ਗੁੰਡਾਗਰਦੀ, ਧਮਕੀਆਂ ਜਾਂ ਵੋਟਰਾਂ ‘ਤੇ ਦਬਾਅ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਐਸਡੀਐਮ ਨਿਹਾਲ ਸਿੰਘ ਵਾਲਾ ਕਮ ਰਿਟਰਨਿੰਗ ਅਫਸਰ ਗਗਨਦੀਪ ਸਿੰਘ ਦੇ ਦੱਸਣ ਮੁਤਾਬਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਦੌਰਾਨ ਸਾਰੇ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰਾਂ ਅਤੇ ਆਜ਼ਾਦ ਉਮੀਦਵਾਰਾਂ ਵੱਲੋਂ ਉਤਸ਼ਾਹ ਨਾਲ ਆਪਣੇ ਕਾਗਜ਼ਾਤ ਜਮ੍ਹਾਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ 20 ਨਵੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ (ਸਕਰੂਟਨੀ) ਕੀਤੀ ਜਾਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 21 ਨਵੰਬਰ ਹੈ। ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਨਗਰ ਕੌਂਸਲ ਚੋਣਾਂ ਲਈ 28 ਨਵੰਬਰ 2026 ਨੂੰ ਵੋਟਾਂ ਪਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੁਸਤੈਦੀ ਨਾਲ ਨਾਮਜ਼ਦਗੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਗਿਆ ਹੈ। ਇਸ ਦੌਰਾਨ ਪੁਲਿਸ ਵਿਭਾਗ ਵੱਲੋਂ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਪੂਰੀ ਪ੍ਰਕਿਰਿਆ ਦੀ ਸੀਸੀਟੀਵੀ ਕੈਮਰਿਆਂ ਅਤੇ ਵੀਡੀਓਗ੍ਰਾਫੀ ਰਾਹੀਂ ਰਿਕਾਰਡਿੰਗ ਵੀ ਕਰਵਾਈ ਗਈ ਹੈ, ਤਾਂ ਜੋ ਚੋਣ ਪ੍ਰਕਿਰਿਆ ਵਿੱਚ ਕਿਸੇ ਤਰ੍ਹਾਂ ਦੀ ਗੜਬੜ ਦੀ ਗੁੰਜਾਇਸ਼ ਨਾ ਰਹੇ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਚੋਣਾਂ ਲੋਕਤੰਤਰ ਦੀ ਬੁਨਿਆਦੀ ਇਕਾਈ ਹਨ ਅਤੇ ਹਰ ਨਾਗਰਿਕ ਨੂੰ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਆਪਣੀ ਪਸੰਦ ਦੇ ਉਮੀਦਵਾਰ ਦੀ ਚੋਣ ਕਰਨ ਅਤੇ ਸ਼ਹਿਰ ਵਿੱਚ ਅਮਨ-ਸ਼ਾਂਤੀ ਦਾ ਮਾਹੌਲ ਬਣਾਈ ਰੱਖਣ।