
ਜਲੰਧਰ ਦੇ ਸ਼ਾਹਕੋਟ ਅਧੀਨ ਪੈਂਦੇ ਪਿੰਡ ਤਲਵੰਡੀ ਸੰਘੇੜਾ ਦੇ ਦੋ ਸਕੇ ਭਰਾਵਾਂ ਦਾ ਗਰੀਸ ਵਿੱਚ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਦੀ ਪਛਾਣ 26 ਸਾਲਾ ਦਲਜੀਤ ਸਿੰਘ ਅਤੇ 23 ਸਾਲਾ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਦੋਵਾਂ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਪਰਿਵਾਰ ਦੇ ਹੀ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ’ਤੇ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਹੀ ਦੋਵਾਂ ਭਰਾਵਾਂ ਨੂੰ ਬਿਹਤਰ ਭਵਿੱਖ ਦਾ ਸੁਪਨਾ ਦਿਖਾ ਕੇ ਗਰੀਸ ਲੈ ਕੇ ਗਿਆ ਸੀ।
ਘਟਨਾ ਦੇ ਕਰੀਬ 18 ਦਿਨਾਂ ਬਾਅਦ ਦੋਵਾਂ ਭਰਾਵਾਂ ਦੀਆਂ ਮ੍ਰਿਤਕ ਦੇਹਾਂ ਭਾਰਤ ਲਿਆਂਦੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪਹੁੰਚਣਗੀਆਂ। ਇਸ ਖ਼ਬਰ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮ੍ਰਿਤਕਾਂ ਦੇ ਪਿਤਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਆਰਥਿਕ ਹਾਲਤ ਕਾਫ਼ੀ ਮਾੜੀ ਸੀ ਅਤੇ ਉਹ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਰਹਿੰਦੇ ਸਨ। ਉਨ੍ਹਾਂ ਦੇ ਤਿੰਨ ਪੁੱਤਰ ਸਨ, ਜਿਨ੍ਹਾਂ ਵਿੱਚੋਂ ਸਭ ਤੋਂ ਵੱਡਾ ਸੁਪਿੰਦਰ ਸਿੰਘ 29 ਸਾਲ ਦਾ ਹੈ, ਜਦਕਿ ਦਲਜੀਤ ਸਿੰਘ 26 ਅਤੇ ਗੁਰਵਿੰਦਰ ਸਿੰਘ 23 ਸਾਲ ਦਾ ਸੀ।

ਪਿਤਾ ਮੁਤਾਬਕ ਕਰੀਬ ਅੱਠ ਮਹੀਨੇ ਪਹਿਲਾਂ ਜਲੰਧਰ ਦੇ ਪਿੰਡ ਗੁਮਟਾਲੀ ਦੇ ਰਹਿਣ ਵਾਲੇ ਉਨ੍ਹਾਂ ਦੇ ਦੂਰ ਦੇ ਰਿਸ਼ਤੇਦਾਰ ਸੰਦੀਪ ਸਿੰਘ ਨੇ ਦਲਜੀਤ ਨੂੰ ਵਰਕ ਪਰਮਿਟ ’ਤੇ ਗਰੀਸ ਭੇਜਣ ਦੀ ਪੇਸ਼ਕਸ਼ ਕੀਤੀ ਸੀ। ਪਰਿਵਾਰ ਨੇ ਕਰਜ਼ਾ ਲੈ ਕੇ ਦਲਜੀਤ ਨੂੰ ਵਿਦੇਸ਼ ਭੇਜਿਆ। ਇਸ ਤੋਂ ਕਰੀਬ ਤਿੰਨ ਮਹੀਨੇ ਬਾਅਦ ਦਲਜੀਤ ਦੇ ਕਹਿਣ ’ਤੇ ਪਰਿਵਾਰ ਨੇ ਛੋਟੇ ਪੁੱਤਰ ਗੁਰਵਿੰਦਰ ਨੂੰ ਵੀ ਗਰੀਸ ਭੇਜ ਦਿੱਤਾ। ਦੋਵੇਂ ਭਰਾ ਗਰੀਸ ਵਿੱਚ ਇੱਕ ਸੂਰ ਫਾਰਮ ’ਤੇ ਇਕੱਠੇ ਕੰਮ ਕਰਦੇ ਸਨ। ਪਰਿਵਾਰ ਨੂੰ ਉਮੀਦ ਸੀ ਕਿ ਦੋਵੇਂ ਭਰਾ ਮਿਹਨਤ ਕਰਕੇ ਘਰ ਦੀ ਆਰਥਿਕ ਹਾਲਤ ਸੁਧਾਰਨਗੇ ਅਤੇ ਪਰਿਵਾਰ ਦੇ ਸੁਨਹਿਰੀ ਭਵਿੱਖ ਦਾ ਸਹਾਰਾ ਬਣਨਗੇ। ਪਰ 3 ਨਵੰਬਰ ਨੂੰ ਵਾਪਰੀ ਘਟਨਾ ਨੇ ਪਰਿਵਾਰ ਦੀਆਂ ਸਾਰੀਆਂ ਉਮੀਦਾਂ ਤੋੜ ਦਿੱਤੀਆਂ।
ਪਿਤਾ ਬੂਟਾ ਸਿੰਘ ਦੇ ਦੋਸ਼ਾਂ ਮੁਤਾਬਕ ਸੰਦੀਪ ਸਿੰਘ ਨੇ ਦੋਵਾਂ ਭਰਾਵਾਂ ’ਤੇ ਵੱਖ-ਵੱਖ ਥਾਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮ ਨੇ ਇਸ ਖ਼ੌਫ਼ਨਾਕ ਵਾਰਦਾਤ ਦੀ ਵੀਡੀਓ ਵੀ ਬਣਾਈ ਸੀ। ਪਰਿਵਾਰ ਦਾ ਕਹਿਣਾ ਹੈ ਕਿ ਜਿਸ ਰਿਸ਼ਤੇਦਾਰ ’ਤੇ ਉਨ੍ਹਾਂ ਨੇ ਭਰੋਸਾ ਕਰਕੇ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਿਆ ਸੀ, ਉਸੇ ਨੇ ਉਨ੍ਹਾਂ ਦਾ ਹੱਸਦਾ-ਵੱਸਦਾ ਪਰਿਵਾਰ ਉਜਾੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਗਰੀਸ ਪੁਲਿਸ ਵੱਲੋਂ ਮੁਲਜ਼ਮ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਾਲਾਂਕਿ ਪਰਿਵਾਰ ਨੂੰ ਸ਼ੱਕ ਹੈ ਕਿ ਇਸ ਕਤਲ ਕਾਂਡ ਵਿੱਚ ਹੋਰ ਲੋਕ ਵੀ ਸ਼ਾਮਲ ਹੋ ਸਕਦੇ ਹਨ। ਇਸ ਮਾਮਲੇ ਨੂੰ ਲੈ ਕੇ ਪਿਤਾ ਬੂਟਾ ਸਿੰਘ, ਮਾਤਾ ਬਲਜਿੰਦਰ ਕੌਰ ਅਤੇ ਵੱਡੇ ਭਰਾ ਸੁਪਿੰਦਰ ਸਿੰਘ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਵੇ ਅਤੇ ਕਤਲ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇ। ਪਰਿਵਾਰ ਆਪਣੇ ਦੋਵਾਂ ਪੁੱਤਰਾਂ ਦੀਆਂ ਮ੍ਰਿਤਕ ਦੇਹਾਂ ਦੀ ਉਡੀਕ ਕਰ ਰਿਹਾ ਹੈ ਅਤੇ ਇਨਸਾਫ਼ ਦੀ ਮੰਗ ਕਰ ਰਿਹਾ ਹੈ।

