ਅੰਮ੍ਰਿਤਸਰ ਪੁਲਿਸ ਵੱਲੋਂ ਕੋਟ ਖਾਲਸਾ ’ਚ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ/ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੱਦਾ

0
1

ਅੰਮ੍ਰਿਤਸਰ : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਕੋਟ ਖਾਲਸਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਮ ਜਨਤਾ ਦੀ ਭਾਗੀਦਾਰੀ ਯਕੀਨੀ ਬਣਾਉਣਾ ਸੀ। ਇਸ ਮੌਕੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਦੌਰਾਨ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਬੂਟੇ ਵੀ ਲਗਾਏ ਗਏ। ਇਸ ਤੋਂ ਇਲਾਵਾ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਨੂੰ ਦਰਸਾਉਂਦਾ ਰਵਾਇਤੀ ਗੱਤਕਾ ਪ੍ਰਦਰਸ਼ਨ ਕਰਵਾਇਆ ਗਿਆ। ਪੁਲਿਸ ਵੱਲੋਂ ਨੌਜਵਾਨਾਂ ਨੂੰ ਖੇਡਾਂ ਅਤੇ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੇ ਮਕਸਦ ਨਾਲ ਪਿੰਡ ਭੈਣੀ ਵਿਖੇ ਵਾਲੀਬਾਲ ਮੁਕਾਬਲੇ ਵੀ ਕਰਵਾਏ ਗਏ।
ਦੂਜੇ ਪਾਸੇ ਨਸ਼ਾ ਤਸਕਰੀ ਅਤੇ ਗੈਰ-ਸਮਾਜਿਕ ਗਤੀਵਿਧੀਆਂ ਨੂੰ ਰੋਕਣ ਲਈ ਸ਼ਹਿਰ ਦੇ ਵੱਖ-ਵੱਖ ਹੌਟਸਪੌਟ ਇਲਾਕਿਆਂ ਵਿੱਚ ਪੁਲਿਸ ਵੱਲੋਂ CASO (ਕੋਰਡਨ ਐਂਡ ਸਰਚ ਆਪ੍ਰੇਸ਼ਨ) ਵੀ ਚਲਾਏ ਗਏ। ਇਨ੍ਹਾਂ ਆਪ੍ਰੇਸ਼ਨਾਂ ਰਾਹੀਂ ਸ਼ੱਕੀ ਥਾਵਾਂ ਦੀ ਜਾਂਚ ਕਰਦਿਆਂ ਪੁਲਿਸ ਚੌਕਸੀ ਨੂੰ ਹੋਰ ਮਜ਼ਬੂਤ ਕਰਨ ਅਤੇ ਗੈਰ-ਸਮਾਜਿਕ ਅਨਸਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ’ਤੇ ਜ਼ੋਰ ਦਿੱਤਾ ਗਿਆ।
ਇਸ ਮੌਕੇ ਡੀ.ਸੀ.ਪੀ. ਹੈੱਡਕੁਆਰਟਰ ਸ੍ਰੀਮਤੀ ਆਕਰਸ਼ੀ ਜੈਨ ਨੇ ਪੁਲਿਸ ਕਰਮਚਾਰੀਆਂ ਸਮੇਤ ਇਲਾਕਾ ਨਿਵਾਸੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਇਲਾਕਾ ਨਿਵਾਸੀਆਂ ਤੋਂ ਸੁਝਾਅ ਵੀ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ ਅਤੇ ਸਾਰਿਆਂ ਨੂੰ ਮਿਲ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯਤਨ ਕਰਨੇ ਚਾਹੀਦੇ ਹਨ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ, ਖੇਡ ਮੁਕਾਬਲਿਆਂ, ਲੋਕਾਂ ਦੀ ਭਾਗੀਦਾਰੀ ਅਤੇ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਯਤਨ ਜਾਰੀ ਰੱਖਣ ਦੀ ਗੱਲ ਕਹੀ ਗਈ।

LEAVE A REPLY

Please enter your comment!
Please enter your name here