ਗੜ੍ਹਾ ਮੋੜਾ ਟੋਲ ਪਲਾਜ਼ਾ ’ਤੇ ਟੈਕਸੀ ਯੂਨੀਅਨਾਂ ਦਾ ਜ਼ਬਰਦਸਤ ਹੰਗਾਮਾ/ ਹਿਮਾਚਲ ਟੈਕਸੀ ਯੂਨੀਅਨ ਪ੍ਰਧਾਨ ਨਾਲ ਬਦਸਲੂਕੀ ਦੇ ਦੋਸ਼/ ਮੁਲਾਜ਼ਮ ਨੌਕਰੀ ਤੋਂ ਬਰਖ਼ਾਸਤ

0
2

 

ਕੀਰਤਪੁਰ ਸਾਹਿਬ : ਕੀਰਤਪੁਰ ਸਾਹਿਬ ਨੇੜੇ ਗੜ੍ਹਾ ਮੋੜਾ ਟੋਲ ਪਲਾਜ਼ਾ ’ਤੇ ਹਿਮਾਚਲ ਟੈਕਸੀ ਯੂਨੀਅਨ ਦੇ ਪ੍ਰਧਾਨ ਨਾਲ ਕਥਿਤ ਬਦਸਲੂਕੀ ਦਾ ਮਾਮਲਾ ਭਖ ਗਿਆ। ਇਸ ਘਟਨਾ ਦੇ ਵਿਰੋਧ ਵਿੱਚ ਪੰਜਾਬ ਦੀਆਂ ਵੱਖ-ਵੱਖ ਟੈਕਸੀ ਯੂਨੀਅਨਾਂ ਇਕਜੁੱਟ ਹੋ ਕੇ ਟੋਲ ਪਲਾਜ਼ਾ ’ਤੇ ਪਹੁੰਚ ਗਈਆਂ ਅਤੇ ਟੋਲ ਕਰਮਚਾਰੀਆਂ ਦੇ ਵਿਵਹਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਧਰਨਾ ਲਗਾ ਦਿੱਤਾ। ਇਸ ਕਾਰਨ ਟੋਲ ਪਲਾਜ਼ਾ ’ਤੇ ਤਣਾਅਪੂਰਨ ਮਾਹੌਲ ਬਣ ਗਿਆ।
ਜਾਣਕਾਰੀ ਅਨੁਸਾਰ ਹਿਮਾਚਲ ਟੈਕਸੀ ਯੂਨੀਅਨ ਦੇ ਪ੍ਰਧਾਨ ਰਾਮ ਰਤਨ ਸ਼ਰਮਾ ਨਾਲ ਟੋਲ ਪਲਾਜ਼ਾ ਦੇ ਇੱਕ ਕਰਮਚਾਰੀ ਵੱਲੋਂ ਕਥਿਤ ਤੌਰ ’ਤੇ ਦੁਰਵਿਵਹਾਰ ਕੀਤਾ ਗਿਆ ਸੀ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਪੰਜਾਬ ਦੀਆਂ ਵੱਖ-ਵੱਖ ਟੈਕਸੀ ਯੂਨੀਅਨਾਂ ਦੇ ਮੈਂਬਰ ਇਕੱਠੇ ਹੋ ਕੇ ਗੜ੍ਹਾ ਮੋੜਾ ਟੋਲ ਪਲਾਜ਼ਾ ’ਤੇ ਪਹੁੰਚੇ ਅਤੇ ਆਪਣਾ ਰੋਸ ਜ਼ਾਹਰ ਕੀਤਾ।
ਯੂਨੀਅਨ ਆਗੂਆਂ ਨੇ ਟੋਲ ਕਰਮਚਾਰੀਆਂ ਦੇ ਵਿਵਹਾਰ ’ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਪ੍ਰਬੰਧਕਾਂ ਤੋਂ ਕਾਰਵਾਈ ਦੀ ਮੰਗ ਕੀਤੀ। ਮਾਹੌਲ ਤਣਾਅਪੂਰਨ ਹੁੰਦਾ ਦੇਖ ਕੀਰਤਪੁਰ ਸਾਹਿਬ ਪੁਲਿਸ ਮੌਕੇ ’ਤੇ ਪਹੁੰਚੀ। ਪੁਲਿਸ ਵੱਲੋਂ ਟੋਲ ਪਲਾਜ਼ਾ ਦੇ ਪ੍ਰਬੰਧਕਾਂ ਅਤੇ ਪ੍ਰਦਰਸ਼ਨ ਕਰ ਰਹੇ ਟੈਕਸੀ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਵਾਈ ਗਈ, ਤਾਂ ਜੋ ਵਿਵਾਦ ਨੂੰ ਸ਼ਾਂਤਮਈ ਢੰਗ ਨਾਲ ਸੁਲਝਾਇਆ ਜਾ ਸਕੇ।
ਇਸ ਦੌਰਾਨ ਟੋਲ ਪ੍ਰਬੰਧਕਾਂ ਵੱਲੋਂ ਕਥਿਤ ਬਦਸਲੂਕੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਰਮਚਾਰੀ ਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ। ਪ੍ਰਬੰਧਕਾਂ ਦੀ ਇਸ ਕਾਰਵਾਈ ਤੋਂ ਬਾਅਦ ਟੈਕਸੀ ਯੂਨੀਅਨਾਂ ਨੇ ਆਪਣਾ ਧਰਨਾ ਖ਼ਤਮ ਕਰ ਦਿੱਤਾ ਅਤੇ ਟੋਲ ਪਲਾਜ਼ਾ ’ਤੇ ਸਥਿਤੀ ਆਮ ਵਾਂਗ ਹੋ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਟੈਕਸੀ ਚਾਲਕਾਂ ਅਤੇ ਆਮ ਲੋਕਾਂ ਨਾਲ ਸਨਮਾਨਜਨਕ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ। ਉੱਥੇ ਹੀ ਪੁਲਿਸ ਵੱਲੋਂ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਕਰਵਾ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ ਗਿਆ।

LEAVE A REPLY

Please enter your comment!
Please enter your name here