ਪੰਜਾਬ ਗੁਰਸਿੱਖ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਜਥੇਬੰਦੀ ਦਾ ਐਲਾਨ/ 28 ਨਵੰਬਰ ਨੂੰ ਮਾਨਾਂਵਾਲਾ ਰੇਲਵੇ ਟਰੈਕ ਜਾਮ ਕਰਨ ਦੀ ਚਿਤਾਵਨੀ By admin - November 23, 2026 0 2 Facebook Twitter Pinterest WhatsApp ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਬਹੂਵਿੰਡ ਦੇ ਇੱਕ ਗੁਰਸਿੱਖ ਪਰਿਵਾਰ ਨੂੰ ਇਨਸਾਫ ਦਿਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਥਾਣਾ ਕੱਚਾ ਪੱਕਾ ਵਿਖੇ ਪਿਛਲੇ ਦੋ ਦਿਨਾਂ ਤੋਂ ਲਗਾਏ ਧਰਨੇ ਦੌਰਾਨ ਕਿਸਾਨ ਆਗੂਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦਾ ਦੋਸ਼ ਹੈ ਕਿ ਵਾਰ-ਵਾਰ ਸਬੂਤ ਪੇਸ਼ ਕਰਨ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਪਰਿਵਾਰ ਨੂੰ ਇਨਸਾਫ ਨਹੀਂ ਦਿੱਤਾ ਜਾ ਰਿਹਾ। ਦਰਅਸਲ, ਮਾਮਲਾ ਪਿੰਡ ਬਹੂਵਿੰਡ ਦੇ ਵਸਨੀਕ ਬਲਵੰਤ ਸਿੰਘ ਨਾਲ ਸਬੰਧਤ ਹੈ। ਕਿਸਾਨ ਜਥੇਬੰਦੀ ਅਨੁਸਾਰ ਇੱਕ ਵਿਅਕਤੀ ਵੱਲੋਂ ਆਪਣੀ ਲੜਕੀ ਦਾ ਰਿਸ਼ਤਾ ਬਲਵੰਤ ਸਿੰਘ ਦੇ ਪਰਿਵਾਰ ਵਿੱਚ ਨਾ ਕਰਨ ਦੇ ਰੋਸ ਵਜੋਂ ਕਥਿਤ ਤੌਰ ’ਤੇ ਉਸ ਦੇ ਘਰ ਵਿੱਚ ਡੇਢ ਕਿਲੋ ਹੈਰੋਇਨ ਰਖਵਾ ਦਿੱਤੀ ਗਈ ਅਤੇ ਉਸ ਖ਼ਿਲਾਫ਼ ਨਸ਼ਾ ਤਸਕਰੀ ਦਾ ਝੂਠਾ ਮਾਮਲਾ ਦਰਜ ਕਰਵਾ ਦਿੱਤਾ ਗਿਆ। ਜਥੇਬੰਦੀ ਨੇ ਦਾਅਵਾ ਕੀਤਾ ਕਿ ਜਿਸ ਵਿਅਕਤੀ ’ਤੇ ਹੈਰੋਇਨ ਰੱਖਣ ਦੇ ਇਲਜ਼ਾਮ ਹਨ, ਉਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਸਬੰਧੀ ਸਪੱਸ਼ਟੀਕਰਨ ਵੀ ਦਿੱਤਾ ਹੈ ਅਤੇ ਉਨ੍ਹਾਂ ਕੋਲ ਹੋਰ ਸਬੂਤ ਵੀ ਮੌਜੂਦ ਹਨ। ਇਸ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਅਤੇ ਸੂਬਾ ਜਨਰਲ ਸਕੱਤਰ ਦਿਲਬਾਗ ਸਿੰਘ ਦਰਾਜਕੇ ਨੇ ਪੰਜਾਬ ਭਰ ਦੇ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਅਗਲੇ ਦਿਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਐੱਸਐੱਸਪੀਜ਼ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਦੇ ਨਾਲ ਹੀ 28 ਨਵੰਬਰ ਨੂੰ ਮਾਨਾਂਵਾਲਾ ਰੇਲਵੇ ਸਟੇਸ਼ਨ ’ਤੇ ਰੇਲਵੇ ਟਰੈਕ ਜਾਮ ਕਰਕੇ ਅਣਮਿੱਥੇ ਸਮੇਂ ਲਈ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਬਲਵੰਤ ਸਿੰਘ ਨੂੰ ਰਿਹਾਅ ਕਰਕੇ ਪਰਿਵਾਰ ਨੂੰ ਇਨਸਾਫ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਰੇਲਵੇ ਟਰੈਕ ਜਾਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਸੁਣਵਾਈ ਨਾ ਕੀਤੀ ਤਾਂ ਪੂਰੇ ਪੰਜਾਬ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।