ਪੰਜਾਬ ਅਜਨਾਲਾ ’ਚ ਵਿਧਾਇਕ ਧਾਲੀਵਾਲ ਵੱਲੋਂ ਡੋਰ-ਟੂ-ਡੋਰ ਮੁਹਿੰਮ/ ਕਾਂਗਰਸ ’ਤੇ ਵੀ ਸਾਧੇ ਨਿਸ਼ਾਨੇ/ 2027 ’ਚ ਮੁੜ ‘ਆਪ’ ਸਰਕਾਰ ਬਣਾਉਣ ਦੀ ਕੀਤੀ ਅਪੀਲ By admin - November 23, 2026 0 1 Facebook Twitter Pinterest WhatsApp ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਆਮ ਆਦਮੀ ਪਾਰਟੀ ਦੀ ਟੀਮ ਸਮੇਤ ਡੋਰ-ਟੂ-ਡੋਰ ਮੁਹਿੰਮ ਚਲਾਈ ਗਈ। ਇਸ ਦੌਰਾਨ ਐਮ.ਸੀ. ਗੁਰਦੇਵ ਸਿੰਘ ਸਮੇਤ ਪਾਰਟੀ ਦੇ ਹੋਰ ਅਹੁਦੇਦਾਰਾਂ ਅਤੇ ਵਰਕਰਾਂ ਨੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਘਰ-ਘਰ ਜਾ ਕੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮਾਵਾਂ-ਭੈਣਾਂ ਅਤੇ ਆਮ ਲੋਕ ਪਿਆਰ ਤੇ ਸਤਿਕਾਰ ਨਾਲ ਸਵਾਗਤ ਕਰਦੇ ਹਨ ਤਾਂ ਉਨ੍ਹਾਂ ਨੂੰ ਬੇਹੱਦ ਖੁਸ਼ੀ ਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਹਿੰਮ ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਧਾਲੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜਾਰੀ ਰੱਖਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਅਜਨਾਲਾ ਹਲਕੇ ਵਿੱਚ ਪਾਰਟੀ ਦੀ ਚੋਣ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ। ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਜਾ ਵੜਿੰਗ ਦੇ ਬਿਆਨ ਨੂੰ ਲੈ ਕੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਾਂਗਰਸ ਦੀ ਅੰਦਰੂਨੀ ਏਕਤਾ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਪਾਰਟੀ ਦੇ ਆਗੂ ਇਕਜੁੱਟ ਨਹੀਂ ਹਨ ਅਤੇ ਚਰਨਜੀਤ ਸਿੰਘ ਚੰਨੀ ਤੇ ਰਾਜਾ ਵੜਿੰਗ ਵੱਖ-ਵੱਖ ਤਰੀਕੇ ਨਾਲ ਸਿਆਸੀ ਸਰਗਰਮੀਆਂ ਕਰ ਰਹੇ ਹਨ। ਉਨ੍ਹਾਂ ਕਾਂਗਰਸ ਦੀ ਪਿਛਲੀ ਕਾਰਗੁਜ਼ਾਰੀ ਅਤੇ ਆਗੂਆਂ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ। ਧਾਲੀਵਾਲ ਨੇ ਇੱਕ ਨਿਹੰਗ ਸਿੰਘ ਦਾ ਬਾਟਾ ਦਿਖਾਉਂਦਿਆਂ ਤਿੱਖਾ ਸਿਆਸੀ ਤਨਜ਼ ਕੱਸਿਆ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਇਸ ਬਾਟੇ ਵਾਂਗ ਮਾਂਜ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਟੀਮ ਇਸੇ ਤਰ੍ਹਾਂ ਲੋਕਾਂ ਦੇ ਘਰਾਂ ਤੱਕ ਪਹੁੰਚ ਕੇ ਸਰਕਾਰ ਦੇ ਕੰਮਾਂ ਅਤੇ ਯੋਜਨਾਵਾਂ ਬਾਰੇ ਜਾਣਕਾਰੀ ਦਿੰਦੀ ਰਹੇਗੀ। ਇਸ ਮੌਕੇ ਵਾਰਡ ਦੀ ਸਮੁੱਚੀ ਪਾਰਟੀ ਟੀਮ ਅਤੇ ਸਥਾਨਕ ਵਰਕਰ ਵੀ ਮੌਜੂਦ ਸਨ।