ਪੰਜਾਬ 6 ਸਾਲ ਬਾਦ ਮੁੜ ਇਕੱਠਾ ਹੋਏ ਅਕਾਲੀ ਦਲ ਤੇ ਭਾਜਪਾ/ ਗੁਰਪੁਰਬ ਮੌਕੇ ਹੋਇਆ ਗੱਠਜੋੜ/ਸੁਖਬੀਰ ਬੋਲੇ- ਸਿਆਸੀ ਗਠਜੋੜ ਨਹੀਂ, ਨਹੁੰ-ਮਾਸ ਦਾ ਰਿਸ਼ਤਾ ਹੈ ਗਠਜੋੜ By admin - November 24, 2026 0 7 Facebook Twitter Pinterest WhatsApp ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਫੇਰਬਦਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਕਰੀਬ 6 ਸਾਲਾਂ ਬਾਅਦ ਮੁੜ ਗਠਜੋੜ ਕਰ ਲਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵੀਂ ਦਿੱਲੀ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗਠਜੋੜ ਦਾ ਰਸਮੀ ਐਲਾਨ ਕੀਤਾ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਸਮੇਤ ਦੋਵਾਂ ਪਾਰਟੀਆਂ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੀ। ਗਠਜੋੜ ਦੇ ਐਲਾਨ ਦੌਰਾਨ ਅਮਿਤ ਸ਼ਾਹ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਵਿੱਚ ਰਹੇਗਾ। ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਦੇ ਮੁੜ ਨਾਲ ਆਉਣ ਨਾਲ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਪੰਜਾਬ ਵਿੱਚ ਹਿੰਦੂ-ਸਿੱਖ ਏਕਤਾ ਨੂੰ ਹੋਰ ਮਜ਼ਬੂਤ ਕਰਨ ਦੇ ਭਾਜਪਾ ਦੇ ਯਤਨਾਂ ਨੂੰ ਬਲ ਮਿਲੇਗਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੋਵਾਂ ਪਾਰਟੀਆਂ ਦੀ ਸਾਂਝ ਨੂੰ ਮਹਿਜ਼ ਸਿਆਸੀ ਸਮਝੌਤਾ ਦੱਸਣ ਦੀ ਬਜਾਏ ‘ਨਹੁੰ-ਮਾਸ ਦਾ ਰਿਸ਼ਤਾ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਗਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਇਸ ਸਾਂਝ ਨੇ ਹਮੇਸ਼ਾ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਮਜ਼ਬੂਤ ਕੀਤਾ ਹੈ। ਅਕਾਲੀ ਦਲ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ 106 ਸਾਲ ਪੁਰਾਣੀ ਜਥੇਬੰਦੀ ਹੈ ਅਤੇ ਦੇਸ਼, ਪੰਜਾਬ ਤੇ ਸਿੱਖ ਕੌਮ ਦੇ ਹਰ ਮਸਲੇ ਅਤੇ ਸੰਘਰਸ਼ ਵਿੱਚ ਇਸ ਦਾ ਅਹਿਮ ਯੋਗਦਾਨ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੀ ਮੁੜ ਹੋਈ ਸਾਂਝ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਨਵਾਂ ਰਾਹ ਖੋਲ੍ਹੇਗੀ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਵੀ ਇਸ ਗਠਜੋੜ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸੁਭਾਵਿਕ ਸਾਂਝ ਦੱਸਿਆ। ਜ਼ਿਕਰਯੋਗ ਹੈ ਕਿ ਸਾਲ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਦਹਾਕਿਆਂ ਪੁਰਾਣਾ ਗਠਜੋੜ ਤੋੜ ਲਿਆ ਸੀ। ਹੁਣ ਕਰੀਬ 6 ਸਾਲਾਂ ਬਾਅਦ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।