ਬਠਿੰਡਾ ਪੁਲਿਸ ਵੱਲੋਂ 1 ਕਿਲੋ 250 ਗ੍ਰਾਮ ਅਫੀਮ ਸਮੇਤ ਇੱਕ ਗ੍ਰਿਫ਼ਤਾਰ/ਰਾਜਸਥਾਨ ਤੋਂ ਅਫੀਮ ਲਿਆਉਣ ਦਾ ਸ਼ੱਕ/ ਸਪਲਾਈ ਨੈੱਟਵਰਕ ਦੀ ਜਾਂਚ ਜਾਰੀ

0
1

ਬਠਿੰਡਾ: ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਸਿਟੀ ਰਾਮਪੁਰਾ ਪੁਲਿਸ ਨੇ ਇੱਕ ਵਿਅਕਤੀ ਨੂੰ 1 ਕਿਲੋ 250 ਗ੍ਰਾਮ ਅਫੀਮ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ। ਮੁਲਜ਼ਮ ਦੀ ਪਛਾਣ ਆਤਮਾ ਰਾਮ ਪੁੱਤਰ ਦੇਸ਼ਰਾਜ, ਵਾਸੀ ਗਲੀ ਨੰਬਰ 12, ਕਾਂਢੀ ਬਸਤੀ, ਬਠਿੰਡਾ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਰਾਮਪੁਰਾ ਦੇ ਐੱਸਐੱਚਓ ਐੱਸਆਈ ਰਾਜਪਾਲ ਸਿੰਘ ਨੇ ਦੱਸਿਆ ਕਿ 22 ਨਵੰਬਰ 2026 ਨੂੰ ਐੱਸਐੱਸਪੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਏਐੱਸਆਈ ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ‘ਤੇ ਆਤਮਾ ਰਾਮ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿਲੋ 250 ਗ੍ਰਾਮ ਅਫੀਮ ਬਰਾਮਦ ਹੋਈ।
ਪੁਲਿਸ ਮੁਤਾਬਕ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਕਥਿਤ ਤੌਰ ‘ਤੇ ਰਾਜਸਥਾਨ ਦੇ ਚਿਤੌੜਗੜ੍ਹ ਤੋਂ ਅਫੀਮ ਲਿਆਉਣ ਬਾਰੇ ਦੱਸਿਆ ਹੈ। ਇਸ ਬਰਾਮਦਗੀ ਦੇ ਆਧਾਰ ‘ਤੇ ਥਾਣਾ ਸਿਟੀ ਰਾਮਪੁਰਾ ਵਿਖੇ 22 ਨਵੰਬਰ ਨੂੰ ਐਨਡੀਪੀਐਸ ਐਕਟ ਦੀ ਧਾਰਾ 18-ਸੀ ਤਹਿਤ ਮੁਕੱਦਮਾ ਨੰਬਰ 311 ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਹੁਣ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਰਿਮਾਂਡ ਦੌਰਾਨ ਉਸ ਕੋਲੋਂ ਅਫੀਮ ਦੀ ਸਪਲਾਈ ਦੇ ਸਰੋਤ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜੇਕਰ ਕਿਸੇ ਹੋਰ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here