ਪੰਜਾਬ ਮਾਨਸਾ ਦੀ ਧੀ ਨੇ ਦੇਸ਼ ਭਰ ‘ਚ ਮਾਰੀਆਂ ਮੱਲਾਂ/ ਇਲੈਕਟ੍ਰੀਕਲ ਟਰੇਡ ‘ਚ ਹਾਸਲ ਕੀਤਾ ਪਹਿਲਾ ਸਥਾਨ/ PM ਮੋਦੀ ਨੇ ਕੀਤਾ ਸਨਮਾਨਿਤ/ ਪਿੰਡ ਪਹੁੰਚਣ ‘ਤੇ ਫੁੱਲਾਂ ਨਾਲ ਸਵਾਗਤ By admin - November 24, 2026 0 4 Facebook Twitter Pinterest WhatsApp ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੋਪਾਲ ਦੀ ਧੀ ਜਸਪ੍ਰੀਤ ਕੌਰ ਨੇ ਪੂਰੇ ਦੇਸ਼ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਜਸਪ੍ਰੀਤ ਕੌਰ ਨੇ ਭਾਰਤੀ ਪੱਧਰ ‘ਤੇ ਇਲੈਕਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਆਪਣੇ ਪਿੰਡ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੈਂਗਲੁਰੂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਉਸਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਪ੍ਰਾਪਤੀ ਤੋਂ ਬਾਅਦ ਜਦੋਂ ਜਸਪ੍ਰੀਤ ਕੌਰ ਆਪਣੇ ਪਿੰਡ ਭੋਪਾਲ ਪਹੁੰਚੀ ਤਾਂ ਪਿੰਡ ਵਾਸੀਆਂ ਵੱਲੋਂ ਉਸਦਾ ਫੁੱਲਾਂ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪੂਰੇ ਪਿੰਡ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਲੋਕਾਂ ਨੇ ਉਸਦੀ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਿਆਂ ਵਧਾਈ ਦਿੱਤੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਪੁਸ਼ਪਿੰਦਰ ਸਿੰਘ ਚਾਹਲ ਨੇ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਪਿੰਡ ਭੋਪਾਲ ਅਤੇ ਮਾਨਸਾ ਜ਼ਿਲ੍ਹੇ ਲਈ ਬੇਹੱਦ ਮਾਣ ਵਾਲੀ ਗੱਲ ਹੈ। ਉਸਨੇ ਦੇਸ਼ ਭਰ ਵਿੱਚ ਮਾਨਸਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੱਚੇ ਸਿੱਖਿਆ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ। ਉੱਧਰ, ਜਸਪ੍ਰੀਤ ਕੌਰ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਅਧਿਆਪਕਾਂ ਅਤੇ ਪਰਿਵਾਰ ਨੂੰ ਦਿੰਦਿਆਂ ਕਿਹਾ ਕਿ ਉਹ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ ਇਲੈਕਟ੍ਰੀਕਲ ਟਰੇਡ ਦੀ ਵਿਦਿਆਰਥਣ ਹੈ। ਇਸ ਮੁਕਾਮ ਤੱਕ ਪਹੁੰਚਣ ਵਿੱਚ ਉਸਦੇ ਅਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ ਰਿਹਾ ਹੈ। ਇਸ ਦੇ ਨਾਲ ਹੀ ਉਸਨੇ ਅਧਿਆਪਕਾਂ ਦੀਆਂ ਤਨਖਾਹਾਂ ਦਾ ਮੁੱਦਾ ਵੀ ਚੁੱਕਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦਾ ਭਵਿੱਖ ਬਣਾਉਣ ਲਈ ਸਖ਼ਤ ਮਿਹਨਤ ਕਰਦੇ ਹਨ, ਪਰ ਉਨ੍ਹਾਂ ਨੂੰ ਉਸ ਮੁਤਾਬਕ ਤਨਖਾਹ ਨਹੀਂ ਮਿਲਦੀ। ਸਰਕਾਰ ਨੂੰ ਅਧਿਆਪਕਾਂ ਦੀ ਮਿਹਨਤ ਦਾ ਸਨਮਾਨ ਕਰਦਿਆਂ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨਾ ਚਾਹੀਦਾ ਹੈ। ਅੰਤ ਵਿੱਚ ਜਸਪ੍ਰੀਤ ਕੌਰ ਨੇ ਆਪਣੀ ਇਸ ਕਾਮਯਾਬੀ ਵਿੱਚ ਸਾਥ ਦੇਣ ਵਾਲੇ ਅਧਿਆਪਕਾਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ।