ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਇਆ 557ਵਾਂ ਪ੍ਰਕਾਸ਼ ਦਿਹਾੜਾ/ ਜਥੇਦਾਰ ਗੜਗੱਜ ਨੇ ਦਿੱਤਾ ਅਮਨ-ਸ਼ਾਂਤੀ ਦਾ ਸੰਦੇਸ਼/ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੁੱਲ੍ਹਣ ਦੀ ਪ੍ਰਗਟਾਈ ਆਸ

0
5

 

ਨਨਕਾਣਾ ਸਾਹਿਬ: ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਗੁਰਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਵਿੱਚ ਦੁਨੀਆ ਭਰ ਤੋਂ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਕਾਸ਼ ਗੁਰਪੁਰਬ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਭਾਰਤ ਤੋਂ ਪਾਕਿਸਤਾਨ ਪੁੱਜੇ ਸਿੱਖ ਜਥੇ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਮੁਹੰਮਦ ਸ਼ਹਿਬਾਜ਼ ਸ਼ਰੀਫ ਦੇ ਪੁੱਤਰ ਅਤੇ ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮੀਆਂ ਹਮਜ਼ਾ ਸ਼ਹਿਬਾਜ਼ ਸ਼ਰੀਫ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਜਗਤ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰੀ, ਪਿਆਰ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਇਤਿਹਾਸ ਵਿੱਚ ਭਾਈ ਮਰਦਾਨਾ ਜੀ ਦਾ ਜ਼ਿਕਰ ਵੀ ਬੇਹੱਦ ਮਹੱਤਵਪੂਰਨ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਦੀਆਂ ਪਹਿਲਾਂ ਹੀ ਮਨੁੱਖੀ ਬਰਾਬਰੀ ਦਾ ਸਿਧਾਂਤ ਦੁਨੀਆ ਸਾਹਮਣੇ ਰੱਖਿਆ ਸੀ। ਗੁਰਬਾਣੀ ਦਾ ਸੰਦੇਸ਼ ਹੈ ਕਿ ਸਮੁੱਚੀ ਮਨੁੱਖਤਾ ਇੱਕ ਪ੍ਰਭੂ ਦੀ ਜੋਤ ਤੋਂ ਪੈਦਾ ਹੋਈ ਹੈ ਅਤੇ ਕਿਸੇ ਵੀ ਮਨੁੱਖ ਨਾਲ ਜਾਤ, ਧਰਮ ਜਾਂ ਹੋਰ ਕਿਸੇ ਆਧਾਰ ’ਤੇ ਵਿਤਕਰਾ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿੱਖੀ ਦਾ ਮੂਲ ਸਿਧਾਂਤ ਹੀ ਮਨੁੱਖਤਾ ਦੀ ਬਰਾਬਰੀ ਅਤੇ ਸੇਵਾ ਹੈ।
ਦੁਨੀਆ ਵਿੱਚ ਬਣੇ ਮੌਜੂਦਾ ਤਣਾਅਪੂਰਨ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਵਿਸ਼ਵ ਪੱਧਰ ’ਤੇ ਜੰਗ ਦਾ ਮਾਹੌਲ ਬਣਦਾ ਹੈ ਤਾਂ ਇਸ ਦੇ ਨਤੀਜੇ ਮਨੁੱਖਤਾ ਲਈ ਬਹੁਤ ਭਿਆਨਕ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੇ ਸੰਸਾਰ ਨੂੰ ਪਿਆਰ, ਮੁਹੱਬਤ ਅਤੇ ਸ਼ਾਂਤੀ ਦਾ ਰਸਤਾ ਦਿਖਾਉਂਦੀਆਂ ਹਨ। ਉਨ੍ਹਾਂ ਇਜ਼ਰਾਈਲ ਸਮੇਤ ਦੁਨੀਆ ਦੇ ਹਰ ਖੇਤਰ ਵਿੱਚ ਅਮਨ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਲੰਗਰ ਅਤੇ ਸੇਵਾ ਦੀ ਪਰੰਪਰਾ ਅੱਜ ਪੂਰੀ ਦੁਨੀਆ ਵਿੱਚ ਮਨੁੱਖਤਾ ਲਈ ਮਿਸਾਲ ਬਣੀ ਹੋਈ ਹੈ। ਜਦੋਂ ਵੀ ਦੁਨੀਆ ਦੇ ਕਿਸੇ ਹਿੱਸੇ ਵਿੱਚ ਕੁਦਰਤੀ ਆਫ਼ਤ ਜਾਂ ਕੋਈ ਹੋਰ ਸੰਕਟ ਆਉਂਦਾ ਹੈ ਤਾਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਉੱਥੇ ਪਹੁੰਚ ਕੇ ਲੋੜਵੰਦਾਂ ਦੀ ਸੇਵਾ ਕੀਤੀ ਜਾਂਦੀ ਹੈ।
ਸ੍ਰੀ ਨਨਕਾਣਾ ਸਾਹਿਬ ਨੂੰ ਸਿੱਖਾਂ ਲਈ ਬੇਹੱਦ ਪਵਿੱਤਰ ਅਸਥਾਨ ਦੱਸਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਕਰੋੜਾਂ ਸਿੱਖ ਇਸ ਪਵਿੱਤਰ ਧਰਤੀ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦੀ ਅਰਦਾਸ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਭਾਵਨਾ ਹੈ ਕਿ ਉਹ ਆਪਣੇ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਕਰ ਸਕਣ। ਕਰਤਾਰਪੁਰ ਸਾਹਿਬ ਲਾਂਘੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਸ ਪ੍ਰਗਟਾਈ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਅਰਦਾਸ ਹੈ ਕਿ ਇਹ ਲਾਂਘਾ ਜਲਦ ਖੁੱਲ੍ਹੇ ਅਤੇ ਸਿੱਖ ਸੰਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦਾ ਮੌਕਾ ਮਿਲੇ।
ਪਾਕਿਸਤਾਨ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਗੁਰਧਾਮਾਂ ਅਤੇ ਸਥਾਨਾਂ ਦੀ ਸੰਭਾਲ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਗਿਆਨੀ ਗੜਗੱਜ ਨੇ ਪਾਕਿਸਤਾਨ ਸਰਕਾਰ ਅਤੇ ਲਹਿੰਦੇ ਪੰਜਾਬ ਦੀ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਸ੍ਰੀ ਨਨਕਾਣਾ ਸਾਹਿਬ ਦੇ ਬਾਜ਼ਾਰਾਂ ਦੀ ਹਾਲਤ ਵਿੱਚ ਸੁਧਾਰ ਹੋਇਆ ਹੈ ਅਤੇ ਲਹਿੰਦੇ ਪੰਜਾਬ ਵਿੱਚ ਕਈ ਗੁਰਦੁਆਰਾ ਸਾਹਿਬਾਨ ਮੁੜ ਖੋਲ੍ਹਣ ਅਤੇ ਉਨ੍ਹਾਂ ਦੀ ਸੇਵਾ-ਸੰਭਾਲ ਦੇ ਕਾਰਜ ਵੀ ਜਾਰੀ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਵੱਲੋਂ ਰਮੇਸ਼ ਸਿੰਘ ਅਰੋੜਾ ਨੂੰ ਮੰਤਰੀ ਦੀ ਜ਼ਿੰਮੇਵਾਰੀ ਦੇ ਕੇ ਸਿੱਖ ਭਾਈਚਾਰੇ ਨੂੰ ਨੁਮਾਇੰਦਗੀ ਦੇਣ ਦੀ ਵੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਸਿੱਖ ਇਤਿਹਾਸ ਨਾਲ ਸਬੰਧਤ ਲਾਹੌਰ ਦਿਵਾਨਖ਼ਾਨੇ ਨੂੰ ਖੋਲ੍ਹਣ ਦੀ ਮੰਗ ਵੀ ਮੁੜ ਦੁਹਰਾਈ।
ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਯਾਤਰਾਵਾਂ ਨਾਲ ਸਬੰਧਤ ਮੁਲਤਾਨ ਸਮੇਤ ਹੋਰ ਇਤਿਹਾਸਕ ਸਥਾਨਾਂ ’ਤੇ ਵੀ ਗੁਰਦੁਆਰਾ ਸਾਹਿਬਾਨ ਅਤੇ ਇਤਿਹਾਸਕ ਨਿਸ਼ਾਨੀਆਂ ਦੀ ਸੰਭਾਲ ਲਈ ਕਾਰਜ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕਿਸੇ ਦੇ ਦੁਸ਼ਮਣ ਨਹੀਂ ਹਨ ਅਤੇ ਸਿੱਖ ਭਾਈਚਾਰੇ ਦੀਆਂ ਆਪਸੀ ਭਾਈਚਾਰਕ ਸਾਂਝਾਂ ਹਮੇਸ਼ਾ ਕਾਇਮ ਰਹਿਣੀਆਂ ਚਾਹੀਦੀਆਂ ਹਨ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਾਕਿਸਤਾਨ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਜ਼ਰੂਰ ਆਉਣ ਅਤੇ ਆਪਣੀ ਨਵੀਂ ਪੀੜ੍ਹੀ ਨੂੰ ਵੀ ਇਨ੍ਹਾਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਕਰਵਾਉਣ, ਤਾਂ ਜੋ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਉਨ੍ਹਾਂ ਦਾ ਨਾਤਾ ਮਜ਼ਬੂਤ ਬਣਿਆ ਰਹੇ। ਇਸ ਮੌਕੇ ਪਾਕਿਸਤਾਨ ਦੇ ਸੂਬਾ ਮੰਤਰੀ ਖੇਲ ਦਾਸ ਖੋਹੀਸਤਾਨ, ਲਹਿੰਦੇ ਪੰਜਾਬ ਦੇ ਘੱਟਗਿਣਤੀ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਰਮੇਸ਼ ਸਿੰਘ ਅਰੋੜਾ, ਓਕਾਫ਼ ਬੋਰਡ ਦੇ ਚੇਅਰਮੈਨ ਕਮਰ ਉਜ਼ ਜਮਾਨ, ਸਕੱਤਰ ਨਾਸਿਰ ਮੁਸਤਾਕ, ਨਨਕਾਣਾ ਸਾਹਿਬ ਤੋਂ ਐੱਮ.ਪੀ.ਏ. ਸ਼ਿਜਰਾ ਮਨਸਬ ਅਲੀ ਖਰਾਲ ਅਤੇ ਆਗ੍ਹਾ ਅਲੀ ਹੈਦਰ ਸਮੇਤ ਕਈ ਸ਼ਖ਼ਸੀਅਤਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here