
ਤਰਨ ਤਾਰਨ: ਹਲਕਾ ਪੱਟੀ ਅਧੀਨ ਪੈਂਦੇ ਕਸਬਾ ਹਰੀਕੇ ਤੋਂ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਹਰੀਕੇ ਤੋਂ ਸ਼ੁਰੂ ਹੋ ਕੇ ਮਖੂ ਸਟੇਡੀਅਮ ਤੱਕ ਪਹੁੰਚਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਹੜ੍ਹਾਂ ਕਾਰਨ ਹੋ ਰਹੇ ਨੁਕਸਾਨ ਦਾ ਸਥਾਈ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਸਤਲੁਜ ਦਰਿਆ ਦੇ ਕੰਢੇ ਵੱਸਦੇ ਲੋਕਾਂ ਨੂੰ ਹਰ ਸਾਲ ਦਰਿਆ ਦੇ ਪਾਣੀ ਦੀ ਮਾਰ ਦਾ ਸਾਹਮਣਾ ਕਰਨਾ ਪੈਂਦਾ ਹੈ। ਹੜ੍ਹਾਂ ਕਾਰਨ ਕਿਸਾਨਾਂ ਦੀਆਂ ਫ਼ਸਲਾਂ, ਜ਼ਮੀਨਾਂ ਅਤੇ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਦਾ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨਾਂ ਦੀਆਂ ਜ਼ਮੀਨਾਂ ਹੜ੍ਹਾਂ ਅਤੇ ਦਰਿਆ ਦੇ ਵਹਾਅ ਕਾਰਨ ਸਤਲੁਜ ਵਿੱਚ ਸਮਾ ਚੁੱਕੀਆਂ ਹਨ, ਜਦਕਿ ਕਈ ਲੋਕਾਂ ਦੇ ਘਰ ਵੀ ਇਸ ਦੀ ਮਾਰ ਹੇਠ ਆ ਚੁੱਕੇ ਹਨ।

ਸਤਲੁਜ ਨੂੰ ਨਹਿਰੀ ਰੂਪ ਦੇਣ ਦੀ ਮੰਗ : ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਹੈ ਕਿ ਸਤਲੁਜ ਦਰਿਆ ਨੂੰ ਨਹਿਰੀ ਰੂਪ ਦਿੱਤਾ ਜਾਵੇ, ਤਾਂ ਜੋ ਦਰਿਆ ਦੇ ਪਾਣੀ ਦੀ ਮਾਰ ਨੂੰ ਕਾਬੂ ਕੀਤਾ ਜਾ ਸਕੇ ਅਤੇ ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਦੇ ਇੰਤਕਾਲ ਤੋੜੇ ਗਏ ਹਨ, ਉਨ੍ਹਾਂ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਦੇ ਨਾਲ ਹੀ ਜਦੋਂ ਤੱਕ ਸਤਲੁਜ ਦਰਿਆ ਨੂੰ ਨਹਿਰੀ ਰੂਪ ਦੇਣ ਦਾ ਪੱਕਾ ਹੱਲ ਨਹੀਂ ਹੁੰਦਾ, ਉਦੋਂ ਤੱਕ ਹੜ੍ਹ ਪੀੜਤ ਕਿਸਾਨਾਂ ਨੂੰ ਪ੍ਰਤੀ ਏਕੜ ਇੱਕ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।
ਕਿਸਾਨਾਂ ਦੀਆਂ ਮੰਗਾਂ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕਰਨ ਦੀ ਅਪੀਲ: ਕਿਸਾਨ ਆਗੂ ਨੇ ਕਿਹਾ ਕਿ ਹਰ ਸਾਲ ਹੜ੍ਹਾਂ ਕਾਰਨ ਹੋਣ ਵਾਲੇ ਵੱਡੇ ਨੁਕਸਾਨ ਨੇ ਕਈ ਕਿਸਾਨਾਂ ਨੂੰ ਆਰਥਿਕ ਤੌਰ ’ਤੇ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਕਈ ਕਿਸਾਨ ਆਪਣੀ ਜਾਨ ਤੱਕ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਥਾਈ ਹੱਲ ਵੱਲ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਖੇਤਰ ਦੇ ਕਿਸਾਨਾਂ ਨੂੰ ਹੜ੍ਹਾਂ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ। ਕਿਸਾਨ ਸੰਘਰਸ਼ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

