
ਜਲੰਧਰ ਸ਼ਹਿਰ ਦੇ ਮਖਦੂਮਪੁਰਾ ਇਲਾਕੇ ਵਿੱਚ ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 45 ਸਾਲਾ ਕੁਲਦੀਪ ਠਾਕੁਰ ਉਰਫ਼ ਲੱਕੀ ਠਾਕੁਰ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 4 ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖਮੀ ਕੁਲਦੀਪ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੇ ਵੱਡੇ ਭਰਾ ਮਨਮੋਹਨ ਸਿੰਘ ਨੇ ਦੋਸ਼ ਲਾਇਆ ਕਿ ਕੁਲਦੀਪ ਆਪਣੇ ਘਰ ਦੇ ਬਾਹਰ ਇੱਕ ਦੁਕਾਨ ਨੇੜੇ ਖੜ੍ਹਾ ਸੀ। ਇਸ ਦੌਰਾਨ ਇਲਾਕੇ ਦੇ ਰਹਿਣ ਵਾਲੇ ਸ਼ਿਵ ਸੈਨਾ ਆਗੂ ਨਰਿੰਦਰ ਥਾਪਰ ਦਾ ਪੁੱਤਰ ਰਾਮ ਕਿਸ਼ਨ ਆਪਣੇ ਕੁਝ ਸਾਥੀਆਂ ਸਮੇਤ ਉੱਥੇ ਪਹੁੰਚਿਆ ਅਤੇ ਕੁਲਦੀਪ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹਮਲਾਵਰਾਂ ਦੀ ਗਿਣਤੀ 10 ਤੋਂ ਵੱਧ ਸੀ। ਉਨ੍ਹਾਂ ਕੁਲਦੀਪ ਨੂੰ ਘੇਰ ਕੇ ਬੇਰਹਿਮੀ ਨਾਲ ਹਮਲਾ ਕੀਤਾ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਵਾਰਦਾਤ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪਰਿਵਾਰ ਨੇ ਦੱਸਿਆ ਕਿ ਦੋਵਾਂ ਧਿਰਾਂ ਵਿਚਕਾਰ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਮਾਂ ਪਹਿਲਾਂ ਕੁਲਦੀਪ ਦੇ ਪੁੱਤਰ ਨੂੰ ਨਸ਼ੀਲਾ ਪਦਾਰਥ ਦੇਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਸਬੰਧੀ ਪਰਿਵਾਰ ਵੱਲੋਂ ਥਾਣਾ ਨੰਬਰ 4 ਵਿੱਚ ਸ਼ਿਕਾਇਤ ਵੀ ਦਿੱਤੀ ਗਈ ਸੀ ਅਤੇ ਮਾਮਲਾ ਅਦਾਲਤ ਤੱਕ ਵੀ ਪਹੁੰਚਿਆ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਸੇ ਪੁਰਾਣੀ ਰੰਜਿਸ਼ ਕਾਰਨ ਹਮਲਾ ਕਰਕੇ ਕੁਲਦੀਪ ਦਾ ਕਤਲ ਕੀਤਾ ਗਿਆ।
ਏਸੀਪੀ ਓਂਕਾਰ ਸਿੰਘ ਬਰਾੜ ਨੇ ਦੱਸਿਆ ਕਿ ਪੁਲਿਸ ਨੂੰ ਮਖਦੂਮਪੁਰਾ ਇਲਾਕੇ ਵਿੱਚ ਦੋ ਧੜਿਆਂ ਵਿਚਕਾਰ ਲੜਾਈ ਹੋਣ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਨੰਬਰ 4 ਦੇ ਐੱਸਐੱਚਓ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਜ਼ਖਮੀ ਕੁਲਦੀਪ ਠਾਕੁਰ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਏਸੀਪੀ ਮੁਤਾਬਕ ਸ਼ੁਰੂਆਤੀ ਜਾਂਚ ਵਿੱਚ ਦੋਵਾਂ ਧਿਰਾਂ ਵਿਚਕਾਰ ਲੰਬੇ ਸਮੇਂ ਤੋਂ ਚੱਲ ਰਹੀ ਰੰਜਿਸ਼ ਦੀ ਗੱਲ ਸਾਹਮਣੇ ਆਈ ਹੈ। ਪਰਿਵਾਰ ਵੱਲੋਂ ਕੁਝ ਵਿਅਕਤੀਆਂ ਦੇ ਨਾਮ ਪੁਲਿਸ ਨੂੰ ਦੱਸੇ ਗਏ ਹਨ ਅਤੇ ਇਨ੍ਹਾਂ ਦੇ ਆਧਾਰ ’ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ, ਤਾਂ ਜੋ ਵਾਰਦਾਤ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ ਅਤੇ ਹਮਲਾਵਰਾਂ ਦੀ ਗਿਣਤੀ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਜਾ ਸਕੇ।

