ਪੰਜਾਬ ਸੰਗਰੂਰ ’ਚ ਵਿੱਤ ਮੰਤਰੀ ਹਰਪਾਲ ਚੀਮਾ ਦੀ ਅਚਨਚੇਤ ਚੈਕਿੰਗ/ GST ਤੇ ਐਕਸਾਈਜ਼ ਦਫ਼ਤਰਾਂ ’ਚ ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ/ ਹਾਜ਼ਰੀ ਰਜਿਸਟਰ ਕੀਤੇ ਚੈੱਕ By admin - November 25, 2026 0 2 Facebook Twitter Pinterest WhatsApp ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿਖੇ ਜੀ.ਐੱਸ.ਟੀ. ਅਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ। ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਦਫ਼ਤਰ ਪਹੁੰਚੇ ਵਿੱਤ ਮੰਤਰੀ ਨੂੰ ਕਈ ਦਫ਼ਤਰ ਖਾਲੀ ਮਿਲੇ, ਜਿਸ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਦੀ ਜਾਂਚ ਕੀਤੀ। ਚੈਕਿੰਗ ਦੌਰਾਨ ਹਰਪਾਲ ਚੀਮਾ ਨੇ ਹਾਜ਼ਰੀ ਰਜਿਸਟਰ ਚੈੱਕ ਕੀਤਾ ਅਤੇ ਡਿਊਟੀ ਤੋਂ ਗੈਰ-ਹਾਜ਼ਰ ਮਿਲੇ ਅਧਿਕਾਰੀਆਂ ਤੇ ਕਰਮਚਾਰੀਆਂ ਬਾਰੇ ਮੌਕੇ ’ਤੇ ਹੀ ਅਧਿਕਾਰੀਆਂ ਤੋਂ ਜਵਾਬ ਮੰਗਿਆ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ ਅਤੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਡਿਊਟੀ ’ਤੇ ਦੇਰ ਨਾਲ ਆਉਣਾ ਇੱਕ ਚਲਨ ਬਣਦਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕ ਆਪਣੇ ਕੰਮ ਕਰਵਾਉਣ ਲਈ ਆਉਂਦੇ ਹਨ, ਇਸ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਮੇਂ ਸਿਰ ਹਾਜ਼ਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨਾ ਲਾਜ਼ਮੀ ਹੈ। ਅਚਨਚੇਤ ਚੈਕਿੰਗ ਦੌਰਾਨ ਵਿਭਾਗ ਦੇ ਰੋਜ਼ਾਨਾ ਕੰਮਕਾਜ ਅਤੇ ਕਰਮਚਾਰੀਆਂ ਦੀ ਹਾਜ਼ਰੀ ਦਾ ਜਾਇਜ਼ਾ ਲਿਆ ਗਿਆ। ਗੈਰ-ਹਾਜ਼ਰ ਮਿਲੇ ਮੁਲਾਜ਼ਮਾਂ ਦੇ ਮਾਮਲੇ ਵਿੱਚ ਵਿਭਾਗੀ ਪੱਧਰ ’ਤੇ ਕਾਰਵਾਈ ਦੇ ਸੰਕੇਤ ਦਿੱਤੇ ਗਏ ਹਨ। ਵਿੱਤ ਮੰਤਰੀ ਦੀ ਅਚਾਨਕ ਚੈਕਿੰਗ ਨਾਲ ਜੀ.ਐੱਸ.ਟੀ. ਅਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ਵਿੱਚ ਕਾਫ਼ੀ ਹਲਚਲ ਦੇਖਣ ਨੂੰ ਮਿਲੀ। ਚੈਕਿੰਗ ਤੋਂ ਬਾਅਦ ਗੈਰ-ਹਾਜ਼ਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕੀਤੀ ਜਾਣ ਵਾਲੀ ਕਾਰਵਾਈ ’ਤੇ ਹੁਣ ਸਭ ਦੀ ਨਜ਼ਰ ਰਹੇਗੀ।