ਅੰਮ੍ਰਿਤਸਰ ਵਿਖੇ ਮਹਿਲਾਵਾਂ ਦਾ ਮਾਂ ਬੋਲੀ ਤੇ ਪੁਰਾਤਨ ਵਿਰਸੇ ਨੂੰ ਸੰਭਾਲਣ ਲਈ ਵਿਲੱਖਣ ਮੁਕਾਬਲਾ

0
2

ਅੰਮ੍ਰਿਤਸਰ: ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨੂੰ ਸੰਭਾਲਣ ਅਤੇ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਸਭਿਆਚਾਰ ਸੱਥ ਮਾਝਾ ਮਾਲਵਾ ਵੱਲੋਂ ਅੰਮ੍ਰਿਤਸਰ ਵਿੱਚ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਮਹਿਲਾਵਾਂ ਲਈ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ।
ਮੁਕਾਬਲੇ ਦੌਰਾਨ ਮਹਿਲਾਵਾਂ ਨੇ ਪੰਜਾਬ ਦੇ ਪੁਰਾਤਨ ਸੱਭਿਆਚਾਰ, ਰਵਾਇਤੀ ਪਹਿਰਾਵੇ ਅਤੇ ਵਿਰਸੇ ਨਾਲ ਜੁੜੀਆਂ ਵੱਖ-ਵੱਖ ਵਸਤੂਆਂ ਨੂੰ ਖੂਬਸੂਰਤੀ ਨਾਲ ਪੇਸ਼ ਕੀਤਾ। ਇਸ ਦੌਰਾਨ ਪੰਜਾਬੀ ਸੱਭਿਆਚਾਰ ਦੀ ਪੁਰਾਤਨ ਝਲਕ ਦੇਖਣ ਨੂੰ ਮਿਲੀ। ਮੁਕਾਬਲੇ ਵਿੱਚ ਜੇਤੂ ਰਹਿਣ ਵਾਲੀਆਂ ਮਹਿਲਾਵਾਂ ਦੇ ਨਾਂ ਐਲਾਨੇ ਗਏ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਸੰਸਥਾ ਦੀ ਪ੍ਰਧਾਨ ਗੁਰਸ਼ਰਨਜੀਤ ਕੌਰ ਨੇ ਕਿਹਾ ਕਿ ਆਧੁਨਿਕ ਸਮੇਂ ਵਿੱਚ ਲੋਕ ਹੌਲੀ-ਹੌਲੀ ਆਪਣੇ ਪੁਰਾਤਨ ਵਿਰਸੇ, ਰਵਾਇਤੀ ਪਹਿਰਾਵੇ, ਪੁਰਾਣੇ ਭਾਂਡਿਆਂ ਅਤੇ ਸੱਭਿਆਚਾਰ ਨਾਲ ਜੁੜੀਆਂ ਹੋਰ ਅਨਮੋਲ ਵਸਤੂਆਂ ਤੋਂ ਦੂਰ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਰਾਸਤੀ ਚੀਜ਼ਾਂ ਨੂੰ ਸੰਭਾਲਣਾ ਸਮੇਂ ਦੀ ਲੋੜ ਹੈ।
ਉਨ੍ਹਾਂ ਦੱਸਿਆ ਕਿ ਪੰਜਾਬੀ ਵਿਰਸੇ ਨੂੰ ਸਾਂਭਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਸੱਭਿਆਚਾਰ ਪ੍ਰੇਮੀਆਂ ਵੱਲੋਂ ਮਿਲ ਕੇ ਸਭਿਆਚਾਰ ਸੱਥ ਮਾਝਾ ਮਾਲਵਾ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ, ਸੱਭਿਆਚਾਰ ਅਤੇ ਪੁਰਾਤਨ ਵਿਰਸੇ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here