ਪੰਜਾਬ ਅੰਮ੍ਰਿਤਸਰ ‘ਚ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਸਾਂਝੀ ਮੀਟਿੰਗ/ ਅਟਾਰੀ-ਵਾਹਗਾ ਤੇ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਉਠੀ ਮੰਗ/ ਅੰਦੋਲਨ ਦਾ ਐਲਾਨ By admin - November 29, 2026 0 1 Facebook Twitter Pinterest WhatsApp ਭਾਰਤ-ਪਾਕਿਸਤਾਨ ਵਿਚਾਲੇ ਬੰਦ ਪਏ ਵਪਾਰਕ ਰਸਤੇ ਅਤੇ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ ਵਿੱਚ ਕਿਸਾਨਾਂ, ਅਧਿਆਪਕਾਂ ਅਤੇ ਸਮਾਜਿਕ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ। ਹਿੰਦ-ਪਾਕਿ ਦੋਸਤੀ ਮੰਚ, ਫੋਕਲੋਰ ਰਿਸਰਚ ਅਕੈਡਮੀ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਅਟਾਰੀ-ਵਾਹਗਾ ਬਾਰਡਰ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਸਰਹੱਦੀ ਵਪਾਰ ਬੰਦ ਹੋਣ ਨਾਲ ਪੰਜਾਬ ਦੀ ਕਿਸਾਨੀ, ਵਪਾਰ ਅਤੇ ਰੁਜ਼ਗਾਰ ’ਤੇ ਮਾੜਾ ਪ੍ਰਭਾਵ ਪੈ ਰਿਹਾ ਹੈ। ਰਮੇਸ਼ ਯਾਦਵ ਨੇ ਕਿਹਾ ਕਿ ਪਹਿਲਾਂ ਅਟਾਰੀ ਬਾਰਡਰ ਰਾਹੀਂ ਵੱਡੀ ਗਿਣਤੀ ਵਿੱਚ ਟਰੱਕਾਂ ਦੀ ਆਵਾਜਾਈ ਹੁੰਦੀ ਸੀ, ਜਿਸ ਨਾਲ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਮਿਲਦਾ ਸੀ। ਉਨ੍ਹਾਂ ਕਿਹਾ ਕਿ ਵਪਾਰਕ ਰਸਤਾ ਬੰਦ ਹੋਣ ਕਾਰਨ ਪਾਕਿਸਤਾਨ ਤੋਂ ਆਉਣ ਵਾਲਾ ਡਰਾਈ ਫਰੂਟ ਹੁਣ ਹੋਰ ਦੇਸ਼ਾਂ ਦੇ ਰਸਤੇ ਮਹਿੰਗੇ ਭਾਅ ਭਾਰਤ ਪਹੁੰਚ ਰਿਹਾ ਹੈ। ਰਮੇਸ਼ ਯਾਦਵ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੀ ਆਪਣੀਆਂ ਫ਼ਸਲਾਂ ਦਾ ਢੁੱਕਵਾਂ ਮੁੱਲ ਨਹੀਂ ਮਿਲ ਰਿਹਾ। ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਅਟਾਰੀ ਬਾਰਡਰ ਖੋਲ੍ਹਣ ਦੇ ਮੁੱਦੇ ਨੂੰ ਆਪਣੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇ। ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਸਲੇ ਗੱਲਬਾਤ ਰਾਹੀਂ ਹੱਲ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਅਤੇ ਵਪਾਰਕ ਸਾਂਝ ਨੂੰ ਮੌਕਾ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਆਉਂਦੇ ਨਸ਼ਿਆਂ ਅਤੇ ਹਥਿਆਰਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੀ ਲੋੜ ’ਤੇ ਜ਼ੋਰ ਦਿੱਤਾ। ਸਤਨਾਮ ਸਿੰਘ ਮਾਣਕ ਨੇ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਡੇਰਾ ਬਾਬਾ ਨਾਨਕ ਵਿਖੇ ਵੱਡੀ ਕਨਵੈਨਸ਼ਨ ਵੀ ਕੀਤੀ ਜਾਵੇਗੀ। ਕਿਸਾਨ ਆਗੂ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਅਤੇ ਸਬਜ਼ੀਆਂ ਨੂੰ ਢੁੱਕਵੀਂ ਮੰਡੀ ਨਹੀਂ ਮਿਲ ਰਹੀ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਅਤੇ ਸੱਭਿਆਚਾਰਕ ਸਾਂਝ ਬਹਾਲ ਕਰਨ ਲਈ ਸਰਹੱਦਾਂ ਖੋਲ੍ਹਣੀਆਂ ਜ਼ਰੂਰੀ ਹਨ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਲੋਕਾਂ ਦੀਆਂ ਆਰਥਿਕ ਲੋੜਾਂ ਨੂੰ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈ ਕੇ ਵੱਡਾ ਜਨ ਅੰਦੋਲਨ ਖੜ੍ਹਾ ਕਰਨ ਦੀ ਲੋੜ ਹੈ। ਮੀਟਿੰਗ ਦੇ ਅਖੀਰ ਵਿੱਚ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਅਟਾਰੀ-ਵਾਹਗਾ ਬਾਰਡਰ ਅਤੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਨੂੰ ਲੈ ਕੇ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਸਰਕਾਰਾਂ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।