ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅੱਜ ਆਪਣੇ ਸਮਰਥਕਾਂ ਸਮੇਤ ਨਾਭਾ ਜੇਲ੍ਹ ਪਹੁੰਚੇ ਜਿੱਥੇ ਉਨ੍ਹਾਂ ਨੇ ਜੇਲ੍ਹ ਪ੍ਰਸ਼ਾਸਨ ਤੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ ਦੀ ਇਜ਼ਾਜਤ ਮੰਗੀ। ਜੇਲ੍ਹ ਪ੍ਰਸ਼ਾਸਨ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਅਸਮਰਥਾ ਜਾਹਰ ਕਰਨ ਤੋਂ ਬਾਅਦ ਸਾਬਕਾ ਵਿਧਾਇਕ ਸਾਥੀਆਂ ਸਮੇਤ ਜੇਲ੍ਹ ਦੇ ਗੇਟ ਅੱਗੇ ਬੈਠ ਗਏ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਨੇ ਕਿਹਾ ਕਿ ਉਹ ਸਾਥੀਆਂ ਸਮੇਤ ਮਜੀਠੀਆ ਨੂੰ ਮਿਲਣ ਆਏ ਸਨ ਪਰ ਜੇਲ੍ਹ ਪ੍ਰਸ਼ਾਸਨ ਨੇ ਇਜ਼ਾਜਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਧੱਕੇਸ਼ਾਹੀ ਐ, ਜਿਸ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ ਐ।
ਇਸ ਦੌਰਾਨ ਲੋਧੀਨੰਗਲ ਦੀ ਪੁਲਿਸ ਤੇ ਜੇਲ੍ਹ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਾਫ ਧੱਕੇਸ਼ਾਹੀ ਹੈ ਕਿ ਬਿਕਰਮ ਮਜੀਠੀਆ ਨਾਲ ਮਿਲਣ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਰਹੀ, ਜਦਕਿ ਸੌਦਾ ਸਾਧ ਰਾਮ ਰਹੀਮ ਨੂੰ ਕਈ ਵਾਰੀ ਪੈਰੋਲ ‘ਤੇ ਛੱਡਿਆ ਗਿਆ। ਲੋਧੀਨੰਗਲ ਨੇ ਆਖਿਆ ਕਿ ਪੰਜਾਬ ਸਰਕਾਰ ਅਕਾਲੀ ਆਗੂਆਂ ਨਾਲ ਰਾਜਨੀਤੀ ਪੱਖਪਾਤ ਕਰ ਰਹੀ ਹੈ, ਜੋ ਨਿੰਦਣਯੋਗ ਹੈ।
ਲੋਧੀਨੰਗਲ ਨੇ ਇਹ ਵੀ ਕਿਹਾ ਕਿ ਜੇਕਰ ਅਜਿਹਾ ਵਿਵਹਾਰ ਜਾਰੀ ਰਿਹਾ ਤਾਂ ਅਕਾਲੀ ਦਲ ਲੋਕਾਂ ਦੇ ਵਿਚਕਾਰ ਜਾ ਕੇ ਇਸ ਧੱਕੇਸ਼ਾਹੀ ਦਾ ਮੁਕਾਬਲਾ ਕਰੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਨੂੰ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੇ ਰਵੱਈਏ ਲਈ ਜਵਾਬਦੇਹ ਬਣਾਇਆ ਜਾਵੇਗਾ। ਇਸ ਮਾਮਲੇ ਨੇ ਸਿਆਸੀ ਤਾਪਮਾਨ ਵਧਾ ਦਿੱਤਾ ਹੈ ਅਤੇ ਆਮ ਲੋਕ ਵੀ ਹੁਣ ਇਸ ਨੂੰ ਲੈ ਕੇ ਸਵਾਲ ਚੁੱਕਣ ਲੱਗ ਪਏ ਹਨ।