ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਕੇਂਦਰੀ ਮੰਤਰੀ ਵੀ ਸੋਮੰਨਾ; ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

0
57

ਕੇਂਦਰੀ ਰੇਲ ਤੇ ਜਲ ਸ਼ਕਤੀ ਰਾਜ ਮੰਤਰੀ ਵੀ. ਸੋਮੰਨਾ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪਲ ਉਨ੍ਹਾਂ ਲਈ ਬਹੁਤ ਪਵਿੱਤਰ ਤੇ ਆਤਮਕ ਸ਼ਾਂਤੀ ਪ੍ਰਦਾਨ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਆਉਣਾ ਉਨ੍ਹਾਂ ਦੇ ਜੀਵਨ ਦਾ ਇਕ ਅਦੁੱਤੀ ਅਨੁਭਵ ਹੈ।

ਉਨ੍ਹਾਂ ਕਿਹਾ ਕਿ ਇਹ ਪਵਿੱਤਰ ਸਥਾਨ ਮਨ ਵਿੱਚ ਸ਼ਾਂਤੀ, ਸਥਿਰਤਾ ਅਤੇ ਸਕਾਰਾਤਮਕ ਊਰਜਾ ਭਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਚਰਨਾਂ ਵਿੱਚ ਆ ਕੇ ਉਨ੍ਹਾਂ ਨੂੰ ਅਪਾਰ ਸੰਤੋਖ ਤੇ ਆਤਮ ਬਲ ਪ੍ਰਾਪਤ ਹੋਇਆ ਹੈ। ਪੰਜਾਬ ਵਿੱਚ ਹਾਲ ਹੀ ਆਈ ਹੜ੍ਹ ਦੀ ਸਥਿਤੀ ‘ਤੇ ਗੱਲ ਕਰਦਿਆਂ ਵੀ. ਸੋਮੰਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਹਾਇਤਾ ਲਈ ਫੰਡ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਫੰਡ ਜਿੰਨਾ ਜਲਦੀ ਹੋ ਸਕੇ, ਹੜ੍ਹ ਪੀੜਤ ਪਰਿਵਾਰਾਂ ਤੱਕ ਪਹੁੰਚਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਤੁਰੰਤ ਰਾਹਤ ਮਿਲ ਸਕੇ।

ਮੰਤਰੀ ਨੇ ਦੱਸਿਆ ਕਿ ਉਹ ਖੁਦ ਵੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਉੱਥੇ ਦੇ ਲੋਕਾਂ ਦੀ ਪੀੜ ਨੂੰ ਨੇੜੇ ਤੋਂ ਵੇਖਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਪੰਜਾਬ ਦੇ ਲੋਕਾਂ ਦੇ ਨਾਲ ਖੜੀ ਹੈ ਅਤੇ ਕੁਦਰਤੀ ਆਫ਼ਤਾਂ ਦੇ ਸਮੇਂ ਹਰ ਸੰਭਵ ਸਹਾਇਤਾ ਜਾਰੀ ਰੱਖੇਗੀ। ਅੰਤ ਵਿੱਚ ਵੀ. ਸੋਮੰਨਾ ਨੇ ਕਿਹਾ ਕਿ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਹੈ ਕਿ ਪੰਜਾਬ ਤੇ ਪੂਰੇ ਦੇਸ਼ ਵਿੱਚ ਸ਼ਾਂਤੀ, ਖੁਸ਼ਹਾਲੀ ਅਤੇ ਏਕਤਾ ਕਾਇਮ ਰਹੇ।

LEAVE A REPLY

Please enter your comment!
Please enter your name here