
ਫਗਵਾੜਾ ਦੇ ਪਿੰਡ ਬੋਹਾਨੀ ਵਿੱਚ ਅਣਪਛਾਤਿਆਂ ਵੱਲੋਂ ਮੌਜੂਦਾ ਸਰਪੰਚ ਦੀ ਦੁਕਾਨ ‘ਤੇ ਗੋਲੀਆਂ ਚਲਾਉਣ ਦੀ ਖਬਰ ਐ। ਅਣਪਛਾਤਿਆਂ ਨੇ ਦੁਕਾਨ ਤੇ 6 ਰਾਊਂਡ ਫਾਇਰਿੰਗ ਕੀਤੀ, ਜਿਸ ਵਿਚੋਂ 4 ਗੋਲੀਆਂ ਦੁਕਾਨ ਦੇ ਸ਼ਟਰ ਤੇ ਲੱਗੀਆਂ ਜਦਕਿ ਦੋ ਦਾ ਨਿਸ਼ਾਨਾ ਖੁੰਝ ਗਿਆ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਸਰਪੰਚ ਸਵੇਰ ਵੇਲੇ ਦੁਕਾਨ ਖੋਲ੍ਹਣ ਲਈ ਪਹੁੰਚਿਆ। ਸ਼ਟਰ ’ਚ ਗੋਲੀਆਂ ਦੇ ਨਿਸ਼ਾਨ ਵੇਖ ਕੇ ਸੀਸੀਟੀਵੀ ਫੁਟੇਜ ਵੇਖੀ ਤਾਂ ਸਾਰੀ ਤਸਵੀਰ ਸਾਫ ਹੋ ਗਈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਗੋਲੀਆਂ ਦੇ ਖੋਲ੍ਹ ਬਰਾਮਦ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਦੁਕਾਨ ਖੋਲ੍ਹਣ ਲਈ ਪਹੁੰਚੇ ਤਾਂ ਉਨ੍ਹਾਂ ਨੇ ਦੁਕਾਨ ਵਿੱਚ ਚਾਰ ਛੇਕ ਦੇਖੇ। ਉਨ੍ਹਾਂ ਕਿਹਾ ਕਿ ਜਦੋਂ ਉਹ ਅੰਦਰ ਗਏ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਤਾਂ ਉਨ੍ਹਾਂ ਦੇਖਿਆ ਕਿ ਦੋ ਵਿਅਕਤੀ, ਜਿਨ੍ਹਾਂ ਨੇ ਮੂੰਹ ਢੱਕਿਆ ਹੋਇਆ ਸੀ, ਮੋਟਰਸਾਈਕਲ ‘ਤੇ ਆਏ ਅਤੇ ਦੁਕਾਨ ‘ਤੇ ਗੋਲੀਬਾਰੀ ਕਰ ਕੇ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੇ ਰਾਵਲਪਿੰਡੀ ਪੁਲਿਸ ਸਟੇਸ਼ਨ ਏਐਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਬੋਹਾਨੀ ਦੇ ਸਰਪੰਚ ਤੋਂ ਸੂਚਨਾ ਮਿਲੀ। ਮੌਕੇ ‘ਤੇ ਪਹੁੰਚਣ ‘ਤੇ, ਉਨ੍ਹਾਂ ਨੇ ਚਾਰ ਗੋਲੀਆਂ ਅਤੇ ਦੋ ਗਲਤ ਫਾਇਰ ਬਰਾਮਦ ਕੀਤੇ, ਅਤੇ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਘਟਨਾ ਸਵੇਰੇ 1:06 ਵਜੇ ਵਾਪਰੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ, ਅਤੇ ਗੋਲੀਬਾਰੀ ਦਾ ਕਾਰਨ ਅਜੇ ਵੀ ਸਪੱਸ਼ਟ ਨਹੀਂ ਹੈ, ਕਿਉਂਕਿ ਸਰਪੰਚ, ਉਨ੍ਹਾਂ ਦੇ ਅਨੁਸਾਰ, ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।
ਫ਼ੋਨ ‘ਤੇ ਗੱਲ ਕਰਦੇ ਹੋਏ, ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਇੰਚਾਰਜ ਮੇਜਰ ਸਿੰਘ ਨੇ ਕਿਹਾ ਕਿ ਮੌਜੂਦਾ ਸਰਪੰਚ ‘ਤੇ ਗੋਲੀਬਾਰੀ ਕਰਨ ਦੇ ਸਬੰਧ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਫਗਵਾੜਾ ਤੋਂ ਆਇਆ ਸੀ। ਸੀਸੀਟੀਵੀ ਕੈਮਰਿਆਂ ਦੀ ਜਾਂਚ ਲਈ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ। ਸਾਰੇ ਦੋਸ਼ੀਆਂ ਨੂੰ ਜਲਦੀ ਹੀ ਲੱਭ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਪਿੰਡ ਚਹੇੜੂ ਦੇ ਲਾਗੇ ਮਸ਼ਹੂਰ ਈਸਟਵੁੱਡ ਵਿਲੇਜ ‘ਚ ਕੁਝ ਨੌਜਵਾਨਾਂ ਵੱਲੋਂ ਉੱਥੇ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਬਾਊਂਸਰ ਸੰਦੀਪ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਤੋਂ ਬਾਅਦ ਉਸ ਨੂੰ ਗੋਲੀ ਮਾਰੀ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਹਾਲੇ ਫਗਵਾੜਾ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਕਿ ਪਿੰਡ ਬੋਹਾਨੀ ਵਾਲੀ ਘਟਨਾ ਵਾਪਰ ਗਈ ਐ। ਪੁਲਿਸ ਵੱਲੋਂ ਦੋਵੇਂ ਘਟਨਾਵਾਂ ਨੂੰ ਜੋੜ ਕੇ ਵੇਖਿਆ ਜਾ ਰਿਹਾ ਐ। ਘਟਨਾ ਤੋਂ ਬਾਅਦ ਡ ‘ਚ ਦਹਿਸ਼ਤ ਅਤੇ ਡਰ ਦਾ ਮਾਹੌਲ ਬਣਿਆ ਹੋਇਆ ਹੈ। ਪੁਲਸ ਨੂੰ ਮੌਕੇ ਤੋਂ ਚਲਾਈਆਂ ਗਈਆਂ ਗੋਲੀਆਂ ਦੇ ਖਾਲੀ ਰੋਂਦ ਬਰਾਮਦ ਹੋਏ ਹਨ। ਪੁਲਿਸ ਨੇ ਮਾਮਲੇ ਦੀ ਵੱਖ ਵੱਖ ਐਂਗਲਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਐ।


