ਲੁਧਿਆਣਾ ’ਚ ਬਿਜਲੀ ਮੰਤਰੀ ਦੇ ਘਰ ਅੱਗੇ ਧਰਨਾ; ਪਾਵਰਕਾਮ ਦੇ ਕੱਚੇ ਮੁਲਾਜ਼ਮਾਂ ਨੇ ਕੀਤੀ ਨਾਅਰੇਬਾਜ਼ੀ

0
64

ਬਿਜਲੀ ਮਹਿਕਮੇ ਅੰਦਰ ਕੱਚੇ ਤੌਰ ’ਤੇ ਕੰਮ ਕਰਦੇ ਕਾਮਿਆਂ ਨੇ ਪੰਜਾਬ ਸਰਕਾਰ ਖਿਲਾਫ ਆਰ-ਪਾਰ ਦੀ ਲੜਾਈ ਲਈ ਮੋਰਚਾ ਖੋਲ੍ਹ ਦਿੱਤਾ ਐ। ਬਿਜਲੀ ਮਹਿਕਮੇ ਅੰਦਰ ਆਊਟਸੋਰਸ ਦੇ ਤੌਰ ਤੇ ਕੰਮ ਕਰਦੇ ਮੁਲਾਜਮਾਂ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ ਸਰਕਾਰ ਤੋਂ ਨਿੱਜੀਕਰਨ ਦੀ ਨੀਤੀ ਰੱਦ ਕਰ ਕੇ ਠੇਕਾ ਕਾਮਿਆਂ ਨੂੰ ਵਿਭਾਗ ਵਿਚ ਸਿੱਧਾ ਸ਼ਾਮਲ ਕਰਨ ਦੀ ਮੰਗ ਕੀਤੀ। ਮੁਲਾਜਮਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਮੰਗਾਂ ਨਾ ਮੰਨੀਆਂ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਬਿਜਲੀ ਮੰਤਰੀ ਦੀ ਰਿਹਾਇਸ਼ ਅੱਗੇ ਪਰਿਵਾਰਾਂ ਤੇ ਬੱਚਿਆਂ ਸਮੇਤ ਪਹੁੰਚੇ ਠੇਕਾ ਕਾਮਿਆਂ ਨੇ ਸੂਬਾ ਪੱਧਰੀ ਧਰਨਾ ਦੇ ਕੇ ਸਰਕਾਰ ਖਿਲਾਫ ਗੁੱਸਾ ਜਾਹਰ ਕੀਤਾ।  ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਜਨਰਲ ਸਕੱਤਰ ਰਾਜੇਸ਼ ਕੁਮਾਰ ਮੌੜ ਸੂਬਾ ਸਹਾਇਕ ਸਕੱਤਰ ਟੇਕ ਚੰਦ  ਸੂਬਾ ਦਫਤਰੀ ਸਕੱਤਰ ਸ਼ੇਰ ਸਿੰਘ, ਪ੍ਰੈਸ ਸਕੱਤਰ ਇੰਦਰਪ੍ਰੀਤ ਸਿੰਘ ਅਪਣੇ ਵਿਚਾਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਬਿਜਲੀ ਕਾਰਪੋਰੇਸ਼ਨ ਦੇ ਨਿਜੀਕਰਣ ਦੀਆਂ ਤਿਆਰੀਆਂ ਤੇਜ਼ ਕਰਨ ਦੇ ਫੈਸਲੇ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਕੇਂਦਰ ਸਰਕਾਰ ਵੱਲੋਂ 2025 ਬਿਜਲੀ ਸੋਧ ਬਿਲ ਖਰੜੇ ਨੂੰ ਰੱਦ ਕਰਨ ਦੀ ਮੰਗ ਕੀਤੀ ਅਤੇ ਠੇਕੇਦਾਰ ਕੰਪਨੀਆਂ ਨੂੰ ਬਾਹਰ ਕੱਢ  ਸਮੂਹ ਆਉਟਸੋਰਸਡ ਠੇਕਾ ਕਾਮਿਆਂ ਨੂੰ  ਸਿੱਧਾ ਵਿਭਾਗ ਵਿੱਚ ਸ਼ਾਮਿਲ ਕਰਨ ਸਮੇਤ ਘੱਟੋ ਘੱਟ 1948 ਐਕਟ ਮੁਤਾਬਕ ਜਾਂ 15ਵੀਂ ਲੇਬਰ ਕਾਨਫਰੰਸ ਤਹਿਤ  ਤਨਖਾਹ ਜਾਰੀ ਕਰਨ ਬਿਜਲੀ ਮਹਿਕਮੇ ਵਿੱਚੋਂ ਖਤਮ ਕੀਤੀਆਂ ਪੋਸਟਾਂ ਨੂੰ ਦੁਬਾਰਾ ਭਰਨ  ਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਦੇ ਮੂੰਹ ਪਏ ਕਾਮਿਆਂ ਦੇ ਵਾਰਸਾਂ ਨੂੰ ਪੱਕੀ ਨੌਕਰੀ ਪੱਕੀ ਪੈਨਸ਼ਨ ਅਤੇ ਕਾਨੂੰਨ ਮੁਤਾਬਕ ਮਿਲਣ ਯੋਗ ਮੁਆਵਜ਼ੇ ਦੀ ਗਰੰਟੀ ਕਰਨ  ਦੀ ਨਾਰਿਆਂ ਦੀ ਆਵਾਜ਼ ‘ਚ ਮੰਗ ਕੀਤੀ ।
ਬਿਜਲੀ ਖੇਤਰ ਵਿੱਚ ਕੰਮ ਕਰਦੇ ਰੈਗੂਲਰ, ਆਊਟਸੋਰਸਡ ਅਤੇ ਪੈਨਸ਼ਨਰ ਸਾਥੀਆਂ ਨੂੰ ਅਪੀਲ ਕੀਤੀ  ਕਿ ਨਿਜੀਕਰਣ ਦੇ ਇਸ ਤਬਾਹਕੁੰਨ ਹੱਲੇ ਵਿਰੁੱਧ ਵਿਸ਼ਾਲ, ਸਾਂਝੇ, ਲੰਬੇ ਅਤੇ ਤਿੱਖੇ ਸੰਘਰਸ਼ ਦੀਆਂ ਜ਼ੋਰਦਾਰ ਤਿਆਰੀਆਂ ਵਿੱਚ ਜੁਟਣ ਦੀ ਲੋੜ ਹੈ ਕਿਉਂਕਿ ਪੰਜਾਬ ਸਰਕਾਰ ਪਿਛਲੇ ਦਿਨਾਂ ਤੋਂ ਜਿਸ ਕਿਸਮ ਦੇ ਕਦਮ ਲੈ ਰਹੀ ਹੈ ਉਨ੍ਹਾਂ ਤੋਂ ਸਪੱਸ਼ਟ ਹੈ ਕਿ ਉਹ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਜਲਦੀ ਹੀ ਬਿਜਲੀ ਕਾਰਪੋਰੇਸ਼ਨ ਦਾ ਭੋਗ ਪਾਉਣ ਦੀਆਂ ਤਿਆਰੀਆਂ ਵਿੱਚ ਜੁਟੀ ਹੋਈ ਹੈ।  ਉਨ੍ਹਾਂ ਕਿਹਾ ਕਿ ਨਿੱਜੀਕਰਣ ਦੀ ਲੋੜ ਵਜੋਂ ਲਏ ਜਾ ਰਹੇ ਇਹ ਕਦਮ ਬੜੇ ਸਾਜ਼ਿਸ਼ੀ ਅਤੇ ਧੋਖੇ ਭਰੇ ਢੰਗ ਤਰੀਕੇ ਨਾਲ ਲਏ ਜਾ ਰਹੇ ਹਨ। ਇੱਕ ਪਾਸੇ ਇਸ ਤਬਾਹਕੁੰਨ ਹਮਲੇ ਨੂੰ ਲਾਗੂ ਕਰਦਿਆਂ ਖਪਤਕਾਰਾਂ ਪ੍ਰਤੀ ਝੂਠਾ ਹੇਜ ਜਤਾਉਣ ਦੇ ਯਤਨ ਕੀਤੇ ਜਾ ਰਹੇ ਹਨ।  ਬਿਜਲੀ ਮੰਤਰੀ ਅਤੇ ਪਾਵਰਕਾਮ ਮਨੇਜਮੈਂਟ ਵਲੋਂ ਕੰਮ ਦੌਰਾਨ ਮੈਨ ਪਾਵਰ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਵੱਲੋਂ ਨਵੀਂ ਅਤੇ ਪੱਕੀ ਭਰਤੀ ਕਰਨ ਦੀ ਥਾਂ, ਠੇਕੇ ’ਤੇ ਬਾਹਰੀ ਸਰੋਤਾਂ ਤੋਂ ਲੇਬਰ ਦਾ ਪ੍ਰਬੰਧ ਕਰਨ ਦੇ ਹੋਰ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦਾ ਮਕਸਦ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁੱਹਈਆ ਕਰਨਾ ਨਹੀਂ ਸਗੋਂ ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਅਸਫਲ ਬਣਾਉਣ ਦੀ ਸਾਜ਼ਿਸ਼ ਹੈ। ਜਿਸ ਨੂੰ ਅਸਫਲ ਬਣਾ ਕੇ  ਨਿਜੀਕਰਣ ਵਿਰੁੱਧ ਸੰਘਰਸ਼ ਨੂੰ ਸਫ਼ਲ ਬਣਾਉਣ ਦੀ ਲੋੜ ਹੈ।

LEAVE A REPLY

Please enter your comment!
Please enter your name here