
ਪੰਜਾਬ ਯੂਨੀਵਰਸਿਟੀ ਦੇ ਵਾਇਸ ਚਾਸਲਰ ਨੇ ਵਿਦਿਆਰਥੀਆਂ ਜਥੇਬੰਦੀਆਂ ਨੂੰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲੈਣ ਦੇ ਭਰੋਸਾ ਦਿੱਤਾ ਐ। ਵਾਇਸ ਚਾਸਲਰ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੇ ਵਾਇਸ ਚਾਸਲਰ ਅੱਗੇ ਆਪਣੀਆਂ ਸਾਰੀਆਂ ਮੰਗਾਂ ਰੱਖ ਦਿੱਤੀਆਂ ਨੇ ਅਤੇ ਵੀਸੀ ਨੇ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਐ। ਉਨ੍ਹਾਂ ਕਿਹਾ ਕਿ ਭਾਵੇਂ ਵੀਸੀ ਨੇ ਮੰਗਾਂ ਮੰਨਣ ਦਾ ਭਰੋਸਾ ਦੇ ਦਿੱਤਾ ਐ ਪਰ ਜਦੋਂ ਤਕ ਉਨ੍ਹਾਂ ਨੂੰ ਇਸ ਸਬੰਧੀ ਲਿਖਤੀ ਭਰੋਸਾ ਨਹੀਂ ਦਿੱਤਾ ਜਾਂਦਾ, ਧਰਨਾ ਜਾਰੀ ਰਹੇਗਾ।
ਮੀਟਿੰਗ ਦੌਰਾਨ ਵਿਦਿਆਰਥੀ ਜੱਥੇਬੰਦੀਆਂ ਨੇ ਆਪਣੀਆਂ ਮੰਗਾਂ ਸਬੰਧੀ ਕਈ ਮੁੱਦਿਆਂ ‘ਤੇ ਵਿਚਾਰ-ਚਰਚਾ ਕੀਤੀ। ਜੱਥੇਬੰਦੀਆਂ ਦਾ ਕਹਿਣਾ ਸੀ ਕਿ ਹਾਲ ਹੀ ‘ਚ ਵਿਦਿਆਰਥੀਆਂ ‘ਤੇ ਦਾਇਰ ਕੀਤੇ ਕੇਸਾਂ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣਾਂ ਹੋਣ ਤੱਕ ਅਦਾਲਤੀ ਕੇਸ ਵਾਪਸ ਲਏ ਜਾਣੇ ਚਾਹੀਦੇ ਹਨ। ਵਿਦਿਆਰਥੀਆਂ ਨੇ ਸੈਨੇਟ ਦੀ ਗੈਰ-ਹਾਜਰੀ ਵਿਚ ਲਏ ਗਏ ਸਾਰੇ ਫੈਸਲੇ ਵਾਪਸ ਲੈਣ ਦੀ ਮੰਗ ਵੀ ਕੀਤੀ।
ਮੀਡੀਆ ਨਾਲ ਗੱਲਬਪਾਤ ਕਰਦਿਆਂ ਪੰਜਾਬ ਯੂਨੀਵਰਸਿਟੀ ਦੇ ਵਾਈਸ ਪ੍ਰਧਾਨ ਅਸ਼ਮੀਤ ਸਿੰਘ ਨੇ ਕਿਹਾ ਕਿ ਅਸੀਂ ਆਪਣੀਆਂ ਮੰਗਾਂ ਵੀ. ਸੀ. ਅੱਗੇ ਰੱਖੀਆਂ ਹਨ ਅਤੇ ਉਨ੍ਹਾਂ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਸੈਨੇਟ ਚੋਣਾਂ ਦਾ ਸ਼ਡਿਊਲ ਜਲਦੀ ਜਾਰੀ ਕੀਤਾ ਜਾਵੇਗਾ। ਅਸ਼ਮੀਤ ਸਿੰਘ ਦਾ ਕਹਿਣਾ ਹੈ ਕਿ ਜਦੋਂ ਤੱਕ ਚੋਣਾਂ ਦਾ ਸ਼ਡਿਊਲ ਨਹੀਂ ਆ ਜਾਂਦਾ, ਉਦੋਂ ਤੱਕ ਵਿਦਿਆਰਥੀਆਂ ਵਲੋਂ ਮੋਰਚਾ ਜਾਰੀ ਰੱਖਿਆ ਜਾਵੇਗਾ।
ਦੱਸ ਦੇਈਏ ਕਿ ਵਿਦਿਆਰਥੀਆਂ ਵਲੋਂ ਲਿਖ਼ਤੀ ਰੂਪ ‘ਚ ਚੋਣਾਂ ਦਾ ਸ਼ਡਿਊਲ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਤਰ੍ਹਾਂ ਐੱਸਐੱਫਐੱਸ ਵਿਦਿਆਰਥੀ ਜੱਥੇਬੰਦੀ ਦੇ ਸੰਦੀਪ ਸਿੰਘ ਨੇ ਕਿਹਾ ਕਿ ਵੀ. ਸੀ. ਨੇ ਭਰੋਸਾ ਦਿਵਾਇਆ ਹੈ ਕਿ ਚੋਣਾਂ ਦਾ ਸ਼ਡਿਊਲ ਇਕ-ਦੋ ਦਿਨਾਂ ‘ਚ ਜਾਰੀ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਦੀ ਮੰਗ ਸੀ ਕਿ ਸੈਨੇਟ ਦੀ ਗੈਰ-ਹਾਜ਼ਰੀ ‘ਚ ਵੀ. ਸੀ. ਨੇ ਜਿੰਨੇ ਵੀ ਫ਼ੈਸਲੇ ਲਏ ਹਨ, ਉਹ ਸਾਰੇ ਰਿਵਿਊ ਕੀਤੇ ਜਾਣ। ਜਦੋਂ ਤੱਕ ਸੈਨੇਟ ਚੁਣੀ ਨਹੀਂ ਜਾਂਦੀ, ਉਦੋਂ ਤੱਕ ਵੀ. ਸੀ. ਰੂਟੀਨ ਫ਼ੈਸਲੇ ਤੋਂ ਇਲਾਵਾ ਕੋਈ ਵੀ ਵੱਡੇ ਫ਼ੈਸਲੇ ਨਾ ਲੈਣ। ਇਸ ਤੋਂ ਇਲਾਵਾ ਸੈਨੇਟ ਨੂੰ ਲੈ ਕੇ ਵਿਦਿਆਰਥੀਆਂ ‘ਤੇ ਦਰਜ ਕੀਤੇ ਗਏ ਸਾਰੇ ਮਾਮਲੇ ਵਾਪਸ ਲੈਣ ਦੀ ਮੰਗ ਕੀਤੀ ਗਈ। ਵੀਸੀ ਨੇ ਵਿਦਿਆਰਥੀਆਂ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਐ।
ਵਿਦਿਆਰਥੀ ਆਗੂਆਂ ਦਾ ਕਹਿਣਾ ਸੀ ਬੀਤੇ ਦਿਨ ਹੋਇਆ ਇਤਿਹਾਸਕ ਪ੍ਰਦਰਸ਼ਨ ਇਕ ਟਰੇਲਰ ਸੀ ਅਤੇ ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀ ਜਥੇਬੰਦੀਆਂ ਨਾਲ ਵਾਅਦਾ-ਖਿਲਾਫੀ ਦੀ ਕੋਸ਼ਿਸ਼ ਕੀਤੀ ਤਾਂ ਇਸ ਦਾ ਹੋਰ ਤਕੜੇ ਰੂਪ ਵਿਚ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਪੂਰੀ ਯੂਨੀਵਰਸਿਟੀ ਨੂੰ ਜਾਮ ਕਰਨ ਤੋਂ ਵੀ ਗੁਰੇਜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਕਾਫੀ ਸਮੇਂ ਤੋਂ ਵਿਦਿਆਰਥੀਆਂ ਨੂੰ ਬਿਨਾਂ ਵਜ੍ਹਾਂ ਦਬਾ ਕੇ ਰੱਖਣ ਦੀ ਨੀਤੀ ਤੇ ਕੰਮ ਕਰ ਰਿਹਾ ਸੀ ਪਰ ਹੁਣ ਵਿਦਿਆਰਥੀ ਜਥੇਬੰਦੀਆਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਕਿਸੇ ਵੀ ਧੱਕੇ ਨੂੰ ਬਰਦਾਸ਼ਤ ਨਹੀਂ ਕਰੇਗਾ।



