
ਆਮ ਆਦਮੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕੇਂਦਰ ਸਰਕਾਰ ਤੋਂ ਦਿੱਲੀ ਧਮਾਕਿਆਂ ਦੀ ਪੂਰਨ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਉਣ ਦੀ ਮੰਗ ਕੀਤੀ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਇਕ ਰਾਸ਼ਟਰੀ ਮੁੱਦਾ ਐ, ਜਿਸ ਦੀ ਪੂਰਨ ਜਾਂਚ ਹੋਣੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਕੇਂਦਰੀ ਏਜੰਸੀਆਂ ਨੂੰ ਪੂਰਨ ਸਹਿਯੋਗ ਦੇਣ ਲਈ ਤਿਆਰ ਐ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਭਵਿੱਖ ਵਿੱਚ ਅਜਿਹੇ ਧਮਾਕਿਆਂ ਨੂੰ ਰੋਕਣ ਲਈ ਇੱਕ ਖਾਸ ਰਣਨੀਤੀ ਵਿਕਸਤ ਕਰਨੀ ਚਾਹੀਦੀ ਹੈ।
ਉਨ੍ਹਾਂ ਭਾਰਤ ਸਰਕਾਰ ਅਤੇ ਏਜੰਸੀਆਂ ਨੂੰ ਇਸ ਮਾਮਲੇ ਦੀ ਹਰ ਕੋਣ ਤੋਂ ਜਾਂਚ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਧਮਕੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਇੱਥੇ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਲੰਬੇ ਸਮੇਂ ਤੋਂ ਕੋਸ਼ਿਸ਼ਾਂ ਹੋ ਰਹੀਆਂ ਨੇ, ਜਿਨ੍ਹਾਂ ਨੂੰ ਜਲਦੀ ਤੋਂ ਜਲਦੀ ਖਤਮ ਕਰਨ ਲਈ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਵਾਦ ਫੈਲਾਉਣ ਵਾਲਿਆਂ ਤੇ ਵੀ ਸਖਤੀ ਕੀਤੀ ਜਾ ਰਹੀ ਐ।
ਪਾਕਿਸਤਾਨ ਵਿੱਚ ਫੌਜ ਦੇ ਸਸ਼ਕਤੀਕਰਨ ਬਾਰੇ ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਭਾਰਤ ਲਈ ਸਗੋਂ ਪੂਰੀ ਦੁਨੀਆ ਲਈ ਇੱਕ ਵੱਡੀ ਚਿੰਤਾ ਦਾ ਵਿਸ਼ਾ ਹੈ, ਪਰ ਜੇਕਰ ਪਾਕਿਸਤਾਨੀ ਫੌਜ ਦੇਸ਼ ਵਿਰੁੱਧ ਕੋਈ ਵੀ ਨਾਪਾਕ ਕਾਰਵਾਈ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਇਸਦਾ ਸਖ਼ਤ ਜਵਾਬ ਦਿੱਤਾ ਜਾਵੇਗਾ।

