
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਸ਼ਹੀਦਾਂ ਦੀ ਪਵਿੱਤਰ ਧਰਤੀ ਗੁਰਦੁਆਰਾ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ। ਇਸ ਮੌਕੇ ਸਾਰਾ ਆਲਾ ਦੁਆਲਾ ਧਾਰਮਿਕ ਰੰਗ ਵਿੱਚ ਰੰਗਿਆ ਗਿਆ ਅਤੇ ਜੈਕਾਰਿਆਂ ਦੀ ਗੂੰਜ ਨਾਲ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੇ ਪੂਰੀ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਗੁਰੂ ਸਾਹਿਬ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਬਲਿਦਾਨ ਦਿੱਤਾ ਅਤੇ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਹੋਰ ਨਹੀਂ ਮਿਲਦੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਵਿਆਪਕ ਪੱਧਰ ‘ਤੇ ਸਮਾਗਮ ਉਲੀਕੇ ਹਨ ਜਿਸ ਤਹਿਤ 23 ਤੋਂ 25 ਨਵੰਬਰ ਤੱਕ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਹੋਣ ਵਾਲੇ ਵੱਖ—ਵੱਖ ਧਾਰਮਿਕ ਸਮਾਗਮਾਂ ਵਿੱਚ ਲੱਖਾਂ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਭਲੇ ਦੇ ਸਦੀਵੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ ਕੋਨੇ ਵਿੱਚ ਵਸਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਰੇ ਸੇਧ ਲੈ ਸਕਣ। ਦੱਸਣਯੋਗ ਐ ਕਿ ਪੰਜਾਬ ਸਰਕਾਰ ਵੱਲੋਂ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਯਾਤਰਾ ਦੇ ਰੂਪ ਵਿੱਚ ਇਹ ਨਗਰ ਕੀਰਤਨ ਬੀਤੇ ਦਿਨੀਂ ਫਰੀਦਕੋਟ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰੰਭ ਹੋਇਆ ਸੀ ਜੋ ਰਾਤ ਫਤਿਹਗੜ੍ਹ ਸਾਹਿਬ ਠਹਿਰਿਆ ਸੀ, ਜਿੱਥੋਂ ਅੱਜ ਅਗਲੇ ਪੜਾਅ ਲਈ ਰਵਾਨਗੀ ਹੋਈ ਐ।

