
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਜਲੰਧਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 13 ਸਾਲਾ ਬੱਚੀ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਕਾਤਲ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਅਤੇ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ ਨੂੰ ਫਾਸਟ-ਟਰੈਕ ਅਦਾਲਤ ਵਿੱਚ ਮੁਕੱਦਮੇ ਦੀ ਸੁਣਵਾਈ ਤੇਜ਼ ਕਰਨ ਅਤੇ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ।
ਇਸ ਤੋਂ ਇਲਾਵਾ, ਉਨ੍ਹਾਂ ਅਪੀਲ ਕੀਤੀ ਕਿ ਇਸ ਘਟਨਾ ਨੂੰ ਸਿੱਖ ਧਰਮ ਨਾਲ ਨਾ ਜੋੜਿਆ ਜਾਵੇ, ਕਿਉਂਕਿ ਪਾਪੀ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਸਿੱਖ ਕਦੇ ਵੀ ਕਿਸੇ ਅਪਰਾਧੀ ਦੀ ਰੱਖਿਆ ਨਹੀਂ ਕਰਦੇ। ਜਥੇਦਾਰ ਨੇ ਕਿਹਾ ਕਿ ਇਸ ਆਦਮੀ ਨੂੰ ਇੰਨੀ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਕਿ ਭਵਿੱਖ ਵਿੱਚ ਕੋਈ ਵੀ ਅਜਿਹੀ ਹਰਕਤ ਕਰਨ ਬਾਰੇ ਸੋਚ ਵੀ ਨਾ ਸਕੇ। ਪਰਿਵਾਰ ਨੇ ਇਹ ਵੀ ਮੰਗ ਕੀਤੀ ਕਿ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਪਰਿਵਾਰ ਨੇ ਦੋਸ਼ ਲਗਾਇਆ ਕਿ ਮਾਮਲੇ ਨੂੰ ਦਬਾਉਣ ਲਈ ਪਰਿਵਾਰ ‘ਤੇ ਦਬਾਅ ਪਾਇਆ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਫਾਂਸੀ ਦਿੱਤੀ ਜਾਵੇ। ਪਰਿਵਾਰ ਅਤੇ ਜਥੇਦਾਰ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਵੀ ਦੋਸ਼ੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਸਕਦਾ ਹੈ।
ਜਥੇਦਾਰ ਗੜਗੱਜ ਨੇ ਪਰਿਵਾਰ ਪਾਸੋਂ ਸਮੁੱਚੀ ਘਟਨਾ ਦੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚੀ ਸਿੱਖ ਕੌਮ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਦੋਸ਼ੀ ਵਿਅਕਤੀ ਦੀ ਸ਼ੈਤਾਨ ਸੋਚ ਹੈ ਅਤੇ ਇਸ ਦੀ ਜਿਤਨੀ ਨਿਖੇਧੀ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਹਿਰਦਿਆਂ ਨੂੰ ਵਲੂੰਧਰਣ ਵਾਲੀ ਹੈ ਕਿਉਂਕਿ 13 ਸਾਲ ਦੀ ਬੱਚੀ ਨੂੰ ਬਹੁਤ ਹੀ ਦਰਿੰਦਗੀ ਦੇ ਨਾਲ ਕਤਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਖਾਸਾ ਹੈ ਕਿ ਇੱਥੇ ਧੀਆਂ ਨੂੰ ਬਹੁਤ ਸਤਿਕਾਰ ਦਿੱਤਾ ਜਾਂਦਾ ਹੈ ਅਤੇ ਭਾਵੇਂ ਇੱਥੇ ਜੰਗਾਂ ਵੀ ਹੋਈਆਂ ਤਾਂ ਕਿਸੇ ਦੀ ਧੀ ਭੈਣ ਨਾਲ ਕੋਈ ਅਜਿਹਾ ਨਹੀਂ ਕਰਦਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਜਦੋਂ ਪਰਿਵਾਰ ਨੂੰ ਬੱਚੀ ਨਹੀਂ ਲੱਭ ਰਹੀ ਸੀ ਤਾਂ ਪੁਲਿਸ ਨੂੰ ਜਾਣਕਾਰੀ ਦਿੱਤੀ ਅਤੇ ਪੁਲਿਸ ਅਧਿਕਾਰੀ ਦੋਸ਼ੀ ਵਿਅਕਤੀ ਦੀ ਘਰੋਂ ਬਰੀਕੀ ਨਾਲ ਜਾਂਚ ਕਰੇ ਬਿਨਾਂ ਹੀ ਵਾਪਸ ਆ ਗਏ। ਬਾਅਦ ਵਿੱਚ ਹੋਰ ਸਖ਼ਤੀ ਹੋਣ ਉੱਤੇ ਬੱਚੀ ਦੀ ਲਾਸ਼ ਦੋਸ਼ੀ ਦੇ ਘਰੋਂ ਹੀ ਮਿਲੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਵਿੱਚ ਸ਼ੁਰੂ ਵਿੱਚ ਅਣਗਹਿਲੀ ਵਰਤਣ ਵਾਲੇ ਸਬੰਧਤ ਪੁਲਿਸ ਅਧਿਕਾਰੀ ਬਰਖਾਸਤ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਇਸ ਮਾਮਲੇ ਵਿੱਚ ਦੇਰੀ ਨਹੀਂ ਸੀ ਹੋਣੀ ਚਾਹੀਦੀ।

