
ਅਕਾਲੀ ਦਲ ਵਾਰਿਸ ਪੰਜਾਬ ਦਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅੱਗੇ ਧਰਨਾ ਦੇ ਕੇ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਰੋਕਣ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਸਰਕਾਰਾਂ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਰੋਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਹੋ ਰਹੀਆਂ ਨੇ, ਜੋ ਲੋਕਤੰਤਰ ਦਾ ਘਾਣ ਐ। ਉਨ੍ਹਾਂ ਕਿਹਾ ਕਿ ਲੱਖਾਂ ਲੋਕਾਂ ਦੀਆਂ ਵੋਟਾਂ ਨਾਲ ਜਿੱਤੇ ਵਿਅਕਤੀ ਨੂੰ ਜੇਲ੍ਹ ਅੰਦਰ ਰੱਖਣਾ ਲੋਕਾਂ ਲੋਕਤੰਤਰ ਦਾ ਘਾਣ ਐ।
ਐਮਪੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਜਾਣਬੁੱਝ ਕੇ ਪੈਰੋਲ ਦੇਣ ਤੋਂ ਇਨਕਾਰ ਕਰ ਰਹੀ ਹੈ। ਕਾਨੂੰਨ ਵਿਵਸਥਾ ਵਿਗੜਨ ਦੇ ਬਹਾਨੇ ਜਨਤਾ ਦੇ ਪ੍ਰਤੀਨਿਧੀ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਦੱਸ ਦਈਏ ਕਿ ਹਜ਼ਾਰਾਂ ਦੀ ਗਿਣਤੀ ’ਚ ਸਮਰਥਕਾਂ ਵੱਲੋਂ ਰੋਸ ਜਾਹਿਰ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵੱਡੀ ਗਿਣਤੀ ਵਿਚ ਇਕੱਤਰ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਡਿਪਟੀ ਕਮਿਸ਼ਨਰ ਦਫਤਰ ਵੱਲ ਪੈਦਲ ਮਾਰਚ ਕੱਢਿਆ। ਇਸ ਦੌਰਾਨ ਕੁੱਢ ਆਗੂਆਂ ਨੇ ਗਲਾਂ ਅੰਦਰ ਸੰਗਲ ਪਾਏ ਹੋਏ ਸਨ। ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਲਗਭਗ 200,000 ਵੋਟਾਂ ਦੇ ਫਰਕ ਨਾਲ ਜਿੱਤੀ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਸਹੁੰ ਚੁਕਾਈ ਗਈ ਪਰ ਉਨ੍ਹਾਂ ਨੂੰ ਸੰਸਦ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

