
ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਦੋ ਸਾਥੀਆਂ ਦੀ ਅੱਜ ਅਜਨਾਲਾ ਅਦਾਲਤ ਵਿੱਚ ਪੇਸੀ ਹੋਈ, ਜਿੱਥੇ ਅਦਾਲਤ ਨੇ ਦੋਵਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਐ। ਪੁਲਿਸ ਦੇ ਦੱਸਣ ਮੁਤਾਬਕ ਇਹ ਕਾਰਵਾਈ ਸਾਲ-2023 ਵਿਚ ਦਰਜ ਹੋਏ ਕੁੱਟਮਾਰ ਦੇ ਮਾਮਲੇ ਵਿਚ ਹੋਈ ਐ। ਦੋਵੇਂ ਜੇਲ੍ਹ ਵਿਚ ਬੰਦ ਸਨ, ਜਿੱਥੋ ਪ੍ਰੋਡਕਸ਼ਨ ਵਾਰੰਟ ਰਾਹੀਂ ਅਦਾਲਤ ਵਿਚ ਲਿਆਂਦਾ ਗਿਆ ਸੀ। ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ 2023 ਵਿੱਚ ਵਰਿੰਦਰ ਸਿੰਘ ਦੇ ਬਿਆਨ ਦੇ ਆਧਾਰ ‘ਤੇ ਧਾਰਾ 365, 379 ਅਤੇ 120-ਬੀ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿੱਚ ਅਗਵਾ ਅਤੇ ਹਮਲੇ ਦਾ ਦੋਸ਼ ਲਗਾਇਆ ਗਿਆ ਸੀ। ਪੁਲਿਸ ਨੇ ਪਹਿਲਾਂ ਵੀ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਕੁਲਵੰਤ ਸਿੰਘ ਅਤੇ ਪੱਪਲਪ੍ਰੀਤ ਸਿੰਘ ਨੂੰ ਵੀ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਰਿਮਾਂਡ ਨਾਲ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੇ ਮੋਬਾਈਲ ਫੋਨਾਂ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਾ ਖੁਲਾਸਾ ਹੋ ਸਕਦਾ ਹੈ। ਡੀਐਸਪੀ ਨੇ ਕਿਹਾ ਕਿ ਪੱਪਲਪ੍ਰੀਤ ਸਿੰਘ ਅਤੇ ਕੁਲਵੰਤ ਸਿੰਘ ਰਾਓਕੇ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨਾਂ ਦਾ ਰਿਮਾਂਡ ਦਿੱਤਾ ਐ। ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਮਾਮਲਾ ਮੁੜ ਸੁਰਖੀਆਂ ਵਿਚ ਆ ਗਿਆ ਐ ਅਤੇ ਪੁਲਿਸ ਦੀ ਅਗਲੀ ਜਾਂਚ ਦੇ ਵੇਰਵਿਆਂ ਦੇ ਜਾਂਚ ਕੀਤੀ ਜਾ ਰਹੀ ਐ।

