ਅੰਮ੍ਰਿਤਸਰ ਵਿਖੇ ਵਿਧਾਇਕ ਧਾਲੀਵਾਲ ਦੀ ਪ੍ਰੈੱਸ ਕਾਨਫਰੰਸ; ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਸ਼ਾਨਦਾਰ ਜਿੱਤ ਦਾ ਦਾਅਵਾ; ਕਿਹਾ, ਨਸ਼ਾ ਮੁਕਤੀ ਮੁਹਿੰਮ ਦੇ ਚਲਦਿਆਂ ਮਿਲ ਰਹੀ ਜਿੱਤ

0
12

ਆਮ ਆਦਮੀ ਪਾਰਟੀ ਦੇ ਬੁਲਾਰਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਲੋਕਾਂ ਦਾ ਚੰਗਾ ਹੁੰਗਾਰਾ ਮਿਲਣ ਦਾ ਦਾਅਵਾ ਕੀਤਾ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨਸ਼ਿਆਂ ਖਿਲਾਫ ਸਖਤੀ ਦੇ ਨਾਲ ਨਾਲ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੱਤਾ, ਜਿਸ ਦੇ ਚਲਦਿਆਂ ਲੋਕ ਆਮ ਆਦਮੀ ਪਾਰਟੀ ਦੀ ਭਰੋਸਾ ਜਿਤਾ ਰਹੇ ਨੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਬਿੱਲ ਮੁਆਫ ਕਰਨ ਸਮੇਤ ਆਪਣੇ ਕਾਰਜਕਾਲ ਦੌਰਾਨ ਬਹੁਤ ਸਾਰੇ ਲੋਕ ਭਲਾਈ ਦੇ ਕੰਮ ਕੀਤੇ ਨੇ, ਜਿਸ ਦੇ ਚਲਦਿਆਂ ਲੋਕ ਸਰਕਾਰ ਤੋਂ ਖੁਸ਼ ਨੇ।

ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪਿੰਡਾਂ ਦੇ ਸਰਵਾਂਗੀਕ ਵਿਕਾਸ ਲਈ ਲੰਘੇ ਤਿੰਨ ਸਾਲਾਂ ਦੌਰਾਨ ਕੀਤੇ ਗਏ ਠੋਸ ਕੰਮਾਂ ਦਾ ਅਸਰ ਜ਼ਮੀਨੀ ਪੱਧਰ ’ਤੇ ਸਾਫ਼ ਦਿਖਾਈ ਦੇ ਰਿਹਾ ਹੈ, ਜਿਸ ਕਰਕੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨੂੰ ਸਮਰਥਨ ਦੇ ਰਹੇ ਹਨ। ਧਾਲੀਵਾਲ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਸਖ਼ਤ ਮੁਹਿੰਮ ਬਾਰੇ ਬੋਲਦਿਆਂ ਕਿਹਾ ਕਿ ਮਾਰਚ ਮਹੀਨੇ ਤੋਂ ਸ਼ੁਰੂ ਕੀਤੇ ਗਏ ‘ਨਸ਼ਿਆਂ ਦੇ ਖ਼ਿਲਾਫ਼ ਯੁੱਧ’ ਦੇ ਹੌਂਸਲਾ ਅਫ਼ਜ਼ਾਈ ਕਰਨ ਵਾਲੇ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਮੁਤਾਬਕ, ਪੰਜਾਬ ਦੇ 50 ਫ਼ੀਸਦੀ ਤੋਂ ਵੱਧ ਪਿੰਡ ਨਸ਼ਾਮੁਕਤ ਹੋ ਚੁੱਕੇ ਹਨ ਅਤੇ 1000 ਤੋਂ ਵੀ ਵੱਧ ਪਿੰਡ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਘੋਸ਼ਿਤ ਕੀਤੇ ਜਾ ਚੁੱਕੇ ਹਨ। ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਸਰਕਾਰ ਵੱਲੋਂ 3100 ਪਿੰਡਾਂ ਵਿੱਚ ਖੇਡ ਸਟੇਡੀਅਮ ਤਿਆਰ ਕਰਵਾਏ ਗਏ ਹਨ, ਤਾਂ ਜੋ ਉਹ ਖੇਡਾਂ ਨਾਲ ਜੁੜ ਕੇ ਸਿਹਤਮੰਦ ਜੀਵਨ ਜੀ ਸਕਣ।

ਬਿਜਲੀ ਅਤੇ ਬੁਨਿਆਦੀ ਢਾਂਚੇ ’ਤੇ ਗੱਲ ਕਰਦੇ ਹੋਏ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਬਿਨਾਂ ਕਿਸੇ ਭੇਦਭਾਵ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ। ਨਾਲ ਹੀ ਪਿੰਡਾਂ ਵਿੱਚ ਲਿੰਕ ਰੋਡਾਂ ਦਾ ਵੱਡਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਨਾ ਸਿਰਫ਼ ਆਵਾਜਾਈ ਸੁਗਮ ਹੋਈ ਹੈ, ਸਗੋਂ ਪਿੰਡਾਂ ਦੀ ਆਰਥਿਕ ਤੇ ਸਮਾਜਿਕ ਦਿਸ਼ਾ ਵੀ ਬਦਲੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 60 ਹਜ਼ਾਰ ਤੋਂ ਜ਼ਿਆਦਾ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।

328 ਸਰੂਪ ਮਾਮਲੇ ’ਤੇ ਟਿੱਪਣੀ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਇਹ ਕੋਈ ਛੋਟਾ ਮਾਮਲਾ ਨਹੀਂ ਸੀ ਅਤੇ ਇਸ ’ਚ FIR ਦਰਜ ਹੋਣਾ ਬਿਲਕੁਲ ਸਹੀ ਤੇ ਲਾਜ਼ਮੀ ਕਦਮ ਹੈ। ਉਨ੍ਹਾਂ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ’ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਪ੍ਰਧਾਨ ਨੂੰ ਖੁਦ ਅੱਗੇ ਆ ਕੇ ਜਾਂਚ ਲਈ ਸਹਿਯੋਗ ਕਰਨਾ ਚਾਹੀਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਜਿਸ ਦੀ ਵੀ ਭੂਮਿਕਾ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਦਾ ਇਤਿਹਾਸ ਭ੍ਰਿਸ਼ਟਾਚਾਰ ਨਾਲ ਭਰਿਆ ਰਿਹਾ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ‘350 ਕਰੋੜ’ ਦੇ ਮਾਮਲੇ ’ਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਤੋਂ ਸਿੱਧਾ ਤੇ ਸਪਸ਼ਟ ਜਵਾਬ ਮੰਗਿਆ।

LEAVE A REPLY

Please enter your comment!
Please enter your name here