ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਸੀਐਮ ਮਾਨ/ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਨਮਨ By admin - December 26, 2025 0 14 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਗੁਰੂ ਘਰ ਮੱਥਾ ਟੇਕਿਆ ਤੇ ਮਾਤਾ ਗੁਜਰੀ ਜੀ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਪਵਿੱਤਰ ਅਸਥਾਨ ਉਤੇ ਮੱਥਾ ਟੇਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਕੱਦਸ ਅਸਥਾਨ ਨਾ ਸਿਰਫ ਸਿੱਖਾਂ ਲਈ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਜੀ ਨੇ ਬਾਲ ਉਮਰ ਵਿੱਚ ਸ਼ਹੀਦੀ ਪ੍ਰਾਪਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਸ਼ਹਾਦਤ ਵਾਲੀ ਇਹ ਪਾਵਨ ਧਰਤੀ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫੀ, ਜਬਰ- ਜ਼ੁਲਮ ਅਤੇ ਦਮਨ ਦੇ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਉਸ ਮੌਕੇ ਦੇ ਸਰਹਿੰਦ ਦੇ ਮੁਗਲ ਹਾਕਮ ਦੇ ਆਪਹੁਦਰੇਪਣ ਅਤੇ ਧੱਕੇਸ਼ਾਹੀ ਦੇ ਵਿਰੁੱਧ ਖੜ੍ਹੇ ਹੋ ਕੇ ਨਿਰਭੈ ਤੇ ਬਹਾਦਰੀ ਦਾ ਮਿਸਾਲੀ ਪ੍ਰਗਟਾਵਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਸੂਰਬੀਰਤਾ ਅਤੇ ਤਿਆਗ ਦੀ ਭਾਵਨਾ ਦਸਮੇਸ਼ ਪਿਤਾ ਜੀ ਪਾਸੋਂ ਗੁੜ੍ਹਤੀ ਵਿੱਚ ਮਿਲੀ ਹੈ ਅਤੇ ਗੁਰੂ ਸਾਹਿਬ ਨੇ ਮਨੁੱਖਤਾ ਦੀ ਖਾਤਰ ਹਕੂਮਤ ਦੇ ਖਿਲਾਫ਼ ਡਟ ਕੇ ਲੜਾਈ ਲੜੀ।