ਮਨਰੇਗਾ ਨਾਲ ਛੇੜਛਾੜ ਖਿਲਾਫ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ/ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਦਨ ਵਿੱਚ ਮਤਾ ਪੇਸ਼

0
15

 

ਪੰਜਾਬ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਲਿਆਂਦੇ ਜਾ ਰਹੇ ਜੀ ਰਾਮ ਜੀ ਕਾਨੂੰਨ ਖਿਲਾਫ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਗਿਆ ਐ। ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਤੋਂ ਬਾਅਦ ਸ਼ੁਰੂ ਹੋਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰੂ ਸਾਹਿਬ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਾਹਿਬਜ਼ਾਦਿਆਂ ਦੇ ਸਿਦਕ ਨੂੰ ਸਿਜਦਾ ਕੀਤਾ। ਆਪ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਵੱਲੋਂ ਸਦਨ ’ਚ ਚਾਰ ਸਾਹਿਬਜ਼ਾਦਿਆਂ ਨੂੰ ਅਕੀਦਤ ਭੇਂਟ ਕੀਤੀ ਗਈ।
ਇਸ ਤੋਂ ਪਹਿਲਾਂ ਮਗਨਰੇਗਾ ਦੀ ਥਾਂ ਲਿਆਂਦੇ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਸੱਦੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਮਗਨਰੇਗਾ ਕਾਮਿਆਂ ਦੀਆਂ ਦਰਖਾਸਤਾਂ ਲੈ ਕੇ ਪਹੁੰਚੇ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿਧਾਇਕਾਂ ਨੇ ਕਿਹਾ ਕਿ ਜੀ ਰਾਮ ਜੀ ਕਾਨੂੰਨ ਲਿਆ ਕੇ ਮਜ਼ਦੂਰਾਂ ਅਤੇ ਪਛੜੇ ਵਰਗ ਦੇ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨਾਂ ਦਾ ਰੁਜ਼ਗਾਰ ਖੋਹ ਰਹੀ ਹੈ। ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਦੇਵ ਮਾਨ ਅਤੇ ਕੁਲਜੀਤ ਰੰਧਾਵਾ ਦਰਖਾਸਤਾਂ ਦੀ ਪੰਡ ਸਮੇਤ ਵਿਧਾਨ ਸਭਾ ਦੇ ਬਾਹਰ ਪੁੱਜੇ ਸਨ।
ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅੱਜ ਇਤਿਹਾਸ ਨਾਲ ਛੇੜ ਛਾੜ ਕੀਤੀ ਜਾ ਰਹੀ ਹੈ ਜਿਸ ਨੂੰ ਪੰਜਾਬ ਬਰਦਾਸ਼ਿਤ ਨਹੀਂ ਕਰੇਗਾ। ਉਨ੍ਹਾਂ ਸਾਹਿਬਜ਼ਾਦਿਆਂ ਨੂੰ ਬਾਲ ਦੱਸਣ ਨੂੰ ਗਲਤ ਕਰਾਰ ਦਿੰਦਿਆ ਕਿਹਾ ਕਿ ਉਹ ਸਾਡੇ ਬਾਬੇ ਸਨ। ਉਨ੍ਹਾਂ ਸਦਨ ’ਚ ਮੰਗ ਕਰਦਿਆਂ ਕਿਹਾ ਕਿ ਵਿਧਾਨ ਸਭਾ ’ਚ ਇਸ ਬਾਰੇ ਮਤਾ ਲਿਆਂਦਾ ਜਾਵੇ ।
ਜ਼ਿਕਰਯੋਗ ਹੈ ਕਿ ਮਨਰੇਗਾ (MGNREGA) ਵਿੱਚ ਹੋਏ ਬਦਲਾਅ ਦੇ ਪ੍ਰਭਾਵਾਂ ‘ਤੇ ਚਰਚਾ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਸੈਸ਼ਨ ਦੌਰਾਨ ਸਰਕਾਰ ਸਦਨ ਵਿੱਚ ਇੱਕ ਸਰਕਾਰੀ ਮਤਾ ਪੇਸ਼ ਕਰੇਗੀ, ਜਿਸ ਵਿੱਚ ਕੇਂਦਰ ਸਰਕਾਰ ਕੋਲ ਇਹ ਮੁੱਦਾ ਉਠਾਉਣ ਦੀ ਸਿਫ਼ਾਰਸ਼ ਕੀਤੀ ਜਾਵੇਗੀ ਕਿ ਮਨਰੇਗਾ ਦੇ ਢਾਂਚੇ ਨੂੰ ਮੰਗ-ਅਧਾਰਤ, ਅਧਿਕਾਰ-ਅਧਾਰਤ ਅਤੇ ਪੂਰੀ ਤਰ੍ਹਾਂ ਕੇਂਦਰ ਦੁਆਰਾ ਸਪਾਂਸਰ ਰੱਖਿਆ ਜਾਵੇ। ਇਸ ਦੇ ਨਾਲ ਹੀ ‘ਵੀਬੀ ਜੀ ਰਾਮ ਜੀ’ (VB G RAM G) ਐਕਟ ਦੀਆਂ ਮੱਦਾਂ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਜਾਣੀ ਹੈ।
ਇਸ ਵਿਸ਼ੇਸ਼ ਸੈਸ਼ਨ ਦੌਰਾਨ ਸੂਬਾ ਸਰਕਾਰ ਵੱਲੋਂ ਤਿੰਨ ਅਹਿਮ ਬਿੱਲ ਵੀ ਪੇਸ਼ ਕੀਤੇ ਜਾਣੇ ਹਨ, ਜਿਨ੍ਹਾਂ ਵਿੱਚ ਪੰਜਾਬ ਆਬਾਦੀ ਦੇਹ (ਮਾਲਕੀ ਰਿਕਾਰਡ) ਸੋਧ ਬਿੱਲ, ਭਾਰਤੀ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ ਅਤੇ ਪੰਜਾਬ ਲੈਂਡ ਰੈਵੇਨਿਊ (ਸੋਧ) ਬਿੱਲ-2025 ਸ਼ਾਮਲ ਹਨ। ਇਹ ਸੈਸ਼ਨ ਕਾਫੀ ਹੰਗਾਮੇ ਭਰਿਆ ਰਹਿਣ ਦੀ ਉਮੀਦ ਹੈ।

LEAVE A REPLY

Please enter your comment!
Please enter your name here