ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਨੀਸ਼ ਤਿਵਾੜੀ/ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ/ ਸਿਆਸੀ ਗੱਲਾਂ ਤੋਂ ਵੱਟਿਆ ਪਾਸਾ, ਕਿਹਾ, ਸਿਰਫ਼ ਅਰਦਾਸ ਕਰਨ ਆਏ ਹਾਂ

0
9

ਸੀਨੀਅਰ ਕਾਂਗਰਸੀ ਆਗੂ ਮਨੀਸ਼ ਤਿਵਾੜੀ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਅੰਮ੍ਰਿਤਸਰ ਕਾਂਗਰਸ ਦੀ ਪੂਰੀ ਲੀਡਰਸ਼ਿਪ ਵੀ ਹਾਜ਼ਰ ਰਹੀ। ਉਨ੍ਹਾਂ ਗੁਰੂ ਘਰ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਵਾਹਿਗੁਰੂ ਦਾ  ਆਸ਼ੀਰਵਾਦ ਲੈਣ ਅਤੇ ਸਰਬੱਤ ਦੀ ਭਲਾਈ ਲਈ ਅਰਦਾਸ ਕਰਨ ਵਾਸਤੇ ਆਏ ਹਨ। ਉਨ੍ਹਾਂ ਕਿਹਾ ਕਿ 2026 ਦਾ ਸਾਲ ਪੂਰੀ ਦੁਨੀਆਂ, ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਲਈ ਖੁਸ਼ੀਆਂ, ਸੁਖ-ਸ਼ਾਂਤੀ ਅਤੇ ਖੁਸ਼ਹਾਲੀ ਲੈ ਕੇ ਆਵੇ, ਇਹੀ ਅਰਦਾਸ ਗੁਰੂ ਸਾਹਿਬ ਅੱਗੇ ਕੀਤੀ ਗਈ ਹੈ।
ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਦੁਨੀਆਂ ਭਰ ਵਿੱਚ ਅਸ਼ਾਂਤੀ ਦਾ ਮਾਹੌਲ ਹੈ, ਹਰ ਪਾਸੇ ਟਕਰਾਵ ਅਤੇ ਜੰਗਾਂ ਦੀ ਸਥਿਤੀ ਬਣੀ ਹੋਈ ਹੈ। ਅਜਿਹੇ ਹਾਲਾਤਾਂ ਵਿੱਚ ਸਰਬੱਤ ਦੀ ਭਲਾਈ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕਰਨੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵਾਹਿਗੁਰੂ ਅੱਗੇ ਬੇਨਤੀ ਕੀਤੀ ਕਿ ਦੁਨੀਆਂ ਵਿੱਚ ਅਮਨ ਕਾਇਮ ਰਹੇ, ਦੇਸ਼ ਤਰੱਕੀ ਕਰੇ ਅਤੇ ਪੰਜਾਬ ਸਦਾ ਚੜ੍ਹਦੀ ਕਲਾ ਵਿੱਚ ਰਹੇ।
ਪਿਛਲੇ ਸਾਲ ਬਾਰੇ ਗੱਲ ਕਰਦੇ ਹੋਏ ਤਿਵਾਰੀ ਨੇ ਕਿਹਾ ਕਿ ਪੰਜਾਬ ਨੇ ਕਈ ਤਰ੍ਹਾਂ ਦੇ ਸੰਤਾਪ ਸਹਿਣੇ ਹਨ, ਖ਼ਾਸ ਕਰਕੇ ਹੜ੍ਹਾਂ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਹੋਇਆ। ਉਨ੍ਹਾਂ ਆਸ ਜਤਾਈ ਕਿ 2026 ਸਾਲ 2025 ਨਾਲੋਂ ਕਈ ਗੁਣਾ ਬਿਹਤਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਅਤੇ ਪੰਜਾਬੀਅਤ ਨੇ ਹਰ ਚੁਣੌਤੀ ਦਾ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਸਿਆਸੀ ਸਵਾਲਾਂ ਦੇ ਜਵਾਬ ਵਿੱਚ ਮਨੀਸ਼ ਤਿਵਾਰੀ ਨੇ ਸਪੱਸ਼ਟ ਕੀਤਾ ਕਿ ਇਹ ਕੋਈ ਸਿਆਸੀ ਦੌਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਸਿਰਫ਼ ਗੁਰੂ ਘਰ ਵਿੱਚ ਨਤਮਸਤਕ ਹੋਣ ਅਤੇ ਅਰਦਾਸ ਕਰਨ ਆਏ ਹਨ। ਜਦੋਂ ਸਿਆਸੀ ਤੌਰ ’ਤੇ ਦੌਰਾ ਕੀਤਾ ਜਾਵੇਗਾ, ਤਦੋਂ 2027 ਦੀ ਰਾਜਨੀਤੀ ’ਤੇ ਵੀ ਖੁਲ੍ਹ ਕੇ ਗੱਲ ਕੀਤੀ ਜਾਵੇਗੀ।

LEAVE A REPLY

Please enter your comment!
Please enter your name here