ਮੋਗਾ ’ਚ ਵਿਧਾਇਕ ਵੱਲੋਂ ਵਿਕਾਸ ਕੰਮਾਂ ਦਾ ਉਦਘਾਟਨ/ ਸਿਵਲ ਹਸਪਤਾਲ ਰੋਡ ਦੀ ਹੋਵੇਗੀ ਕਾਇਆਕਲਪ

0
8

ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਜਿਲ੍ਹੇ ਅੰਦਰ ਹੋਣ ਵਾਲੇ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ ਮੋਗਾ ਸ਼ਹਿਰ ਦੇ ਵਾਰਡਾਂ ਲਈ ਕਰੋੜਾਂ ਰੁਪਏ ਜਾਰੀ ਕੀਤੇ ਗਏ ਹਨ ਅਤੇ ਵਾਰਡਾਂ ਵਿੱਚ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਗ਼ ਗਲੀ ਵਿੱਚ ਲਗਭਗ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਾਉਣ ਦੇ ਕੰਮ ਪਹਿਲਾਂ ਹੀ ਸ਼ੁਰੂ ਕਰਵਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਸਿਵਲ ਹਸਪਤਾਲ ਰੋਡ ਦੀ ਹਾਲਤ ਸੁਧਾਰਨ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਐ।
ਉਨ੍ਹਾਂ ਕਿਹਾ ਕਿ ਇੱਥੇ ਕਾਫੀ ਸਮੇਂ ਤੋਂ ਚੱਲ ਰਹੀਆਂ ਗੰਦਗੀ, ਪਾਰਕਿੰਗ ਅਤੇ ਟ੍ਰੈਫਿਕ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸ ਰੋਡ ਦੇ ਆਲੇ-ਦੁਆਲੇ ਮੌਜੂਦ ਦੁਕਾਨਦਾਰਾਂ ਵੱਲੋਂ ਲਗਾਤਾਰ ਗੰਦਗੀ ਅਤੇ ਪਾਰਕਿੰਗ ਨੂੰ ਲੈ ਕੇ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਕਾਰਨ ਅਕਸਰ ਝਗੜੇ ਵੀ ਹੋ ਜਾਂਦੇ ਸਨ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਰੋਡ ਨੂੰ ਜਿੱਥੋਂ ਤੱਕ ਸੰਭਵ ਹੈ ਉਥੋਂ ਤੱਕ ਚੌੜਾ ਕੀਤਾ ਜਾਵੇਗਾ, ਤਾਂ ਜੋ ਟ੍ਰੈਫਿਕ ਦੀ ਸਮੱਸਿਆ ਨਾ ਪੈਦਾ ਹੋਵੇ।
ਵਿਧਾਇਕ ਨੇ ਦੱਸਿਆ ਕਿ ਇਸ ਦੇ ਨਾਲ-ਨਾਲ ਪਲਾਂਟੇਸ਼ਨ ਅਤੇ ਬਿਊਟੀਫਿਕੇਸ਼ਨ ਦਾ ਕੰਮ ਵੀ ਕੀਤਾ ਜਾਵੇਗਾ, ਤਾਂ ਜੋ ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਅਤੇ ਖਾਸ ਕਰਕੇ ਮੋਗਾ ਸ਼ਹਿਰ ਵਿੱਚ ਬਿਊਟੀਫਿਕੇਸ਼ਨ ਦੇ ਕੰਮ ਕਰਵਾਏ ਜਾ ਰਹੇ ਹਨ, ਤਾਂ ਜੋ ਸ਼ਹਿਰ ਨੂੰ ਸਭ ਮਿਲ ਕੇ ਹੋਰ ਸੁੰਦਰ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਅੱਜ ਉਦਘਾਟਨ ਕੀਤਾ ਗਿਆ ਹੈ, ਅਤੇ ਇਹ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਡਾ. ਅਮਨਦੀਪ ਕੌਰ ਅਰੋੜਾ ਨੇ ਸ਼ਹਿਰ ਵਾਸੀਆਂ ਨੂੰ ਹੱਥ ਜੋੜ ਕੇ ਅਪੀਲ ਕਰਦਿਆਂ ਕਿਹਾ ਕਿ ਸਾਰੇ ਮਿਲ ਕੇ ਇਹ ਯਕੀਨੀ ਬਣਾਈਏ ਕਿ ਅਜਿਹੇ ਕੰਮ ਨਾ ਕੀਤੇ ਜਾਣ, ਜਿਸ ਨਾਲ ਦੂਸਰਿਆਂ ਨੂੰ ਅਸੁਵਿਧਾ ਪੈਦਾ ਹੋਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਤਰੱਕੀ ਅਤੇ ਸੁਵਿਧਾ ਸਾਡੇ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਵਾਰਡ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਸਮੱਸਿਆ ਦੇ ਹੱਲ ਤੋਂ ਬਾਅਦ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਨੂੰ ਹਾਰ ਅਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here