ਪੰਜਾਬ ਜਲੰਧਰ ਦੇ ਗੁਰਾਇਆ ’ਚ ਵਾਪਰੀ ਬੇਅਦਬੀ ਦੀ ਘਟਨਾ/ ਸੰਗਤ ਅੰਦਰ ਗੁੱਸੇ ਦੀ ਲਹਿਰ, ਐਸਜੀਪੀਸੀ ਤੇ ਜਥੇਦਾਰ ਵੱਲੋਂ ਸਖਤ ਸ਼ਬਦਾਂ ’ਚ ਨਿੰਦਾ By admin - January 21, 2026 0 6 Facebook Twitter Pinterest WhatsApp ਜਲੰਧਰ ਅਧੀਨ ਆਉਂਦੇ ਗੁਰਾਇਆ ਖੇਤਰ ਦੇ ਪਿੰਡ ਮਾਹਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀ ਖਬਰ ਐ। ਪਿੰਡ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੁਆਰ ਵਿਖੇ ਵਾਪਰੀ ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਤਣਾਅ ਫੈਲ ਗਿਆ ਹੈ। ਪਿੰਡ ਵਾਸੀਆਂ ਨੇ ਇਸ ਘਟਨਾ ਨੂੰ ਆਪਣੇ ਧਰਮ ‘ਤੇ ਸਿੱਧਾ ਹਮਲਾ ਦੱਸਿਆ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮਿਲਣ ‘ਤੇ, ਵੱਡੀ ਗਿਣਤੀ ‘ਚ ਪਿੰਡ ਵਾਸੀ ਗੁਰਦੁਆਰਾ ਸਾਹਿਬ ਪਹੁੰਚੇ। ਗੁਰਦੁਆਰੇ ‘ਚ ਸੀਸੀਟੀਵੀ ਕੈਮਰੇ ਲੱਗੇ ਹੋਏ ਹਨ, ਪਰ ਘਟਨਾ ਸਮੇਂ ਕੋਈ ਵੀ ਚਾਲੂ ਨਹੀਂ ਸੀ। ਇਸ ਗੁਰਦੁਆਰੇ ਨੂੰ ਪਿੰਡ ਦਾ ਸਭ ਤੋਂ ਪੁਰਾਣਾ ਤੇ ਸ਼ਰਧਾ ਦਾ ਵੱਡਾ ਕੇਂਦਰ ਮੰਨਿਆ ਜਾਂਦਾ ਹੈ, ਹਾਲਾਂਕਿ ਇੱਥੇ ਕੋਈ ਸਥਾਈ ਗ੍ਰੰਥੀ ਸਿੰਘ ਨਿਯੁਕਤ ਨਹੀਂ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ। ਡੀਐਸਪੀ ਫਿਲੌਰ ਤੇ ਐਸਐਚਓ ਗੁਰਾਇਆ ਨੇ ਸਥਿਤੀ ਦਾ ਜਾਇਜ਼ਾ ਲਿਆ ਤੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਪਿੰਡ ਦੀ ਸਰਪੰਚ ਬਲਵਿੰਦਰ ਕੌਰ ਨੇ ਇਸ ਘਟਨਾ ਨੂੰ ਬਹੁਤ ਹੀ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫੜ ਕੇ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਭਵਿੱਖ ‘ਚ ਕੋਈ ਵੀ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰੇ। ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ‘ਚ ਲੱਗੀ ਹੋਈ ਹੈ। ਉਧਰ ਘਟਨਾ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਨਰਾਜਗੀ ਜਾਹਰ ਕੀਤੀ ਐ। ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋਣਾ ਵੱਡੀ ਚਿੰਤਾ ਦਾ ਵਿਸ਼ਾ ਹੈ। ਮੌਜੂਦਾ ਪੰਜਾਬ ਸਰਕਾਰ ਇਨ੍ਹਾਂ ਨੂੰ ਰੋਕਣ ਵਿਚ ਅਸਫਲ ਸਿੱਧ ਹੋਈ ਹੈ ਅਤੇ ਬਹੁਤੀਆਂ ਘਟਨਾਵਾਂ ਵਿਚ ਸਾਹਮਣੇ ਆਏ ਦੋਸ਼ੀਆਂ ਖਿਲਾਫ਼ ਵੀ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਸਕੀ, ਜੋ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰਨ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵਿਚ ਜਲੰਧਰ ਦੇ ਪਿੰਡ ਮਾਹਲਾ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦੇਣਾ ਸਿੱਖ ਭਾਵਨਾਵਾਂ ਨੂੰ ਸਿੱਧੀ ਚੁਣੌਤੀ ਹੈ। ਇਹ ਘਟਨਾ ਵੀ ਵੱਡੀ ਸਾਜ਼ਿਸ਼ ਦਾ ਹਿੱਸਾ ਲਗਦੀ ਹੈ, ਕਿਉਂਕਿ ਇਥੇ ਗੁਰਦੁਆਰਾ ਸਾਹਿਬ ਵਿਚ ਲੱਗੇ ਕੈਮਰੇ ਵੀ ਬੰਦ ਸਨ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਇਹ ਹੈ ਕਿ ਸਰਕਾਰ ਵੱਲੋਂ ਬੇਅਦਬੀਆਂ ਦਾ ਕੋਈ ਗੰਭੀਰ ਨੋਟਿਸ ਨਹੀਂ ਲਿਆ ਜਾ ਰਿਹਾ ਅਤੇ ਅਜਿਹੀਆਂ ਘਟਨਾਵਾਂ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਾਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ ਵਿੱਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ।