ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਰਦੀਪ ਸਿੰਘ ਗਿੱਲ/ ਗੁਰੂ ਘਰ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

0
2

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਇਸ ਚੇਅਰਮੈਨ ਹਰਦੀਪ ਸਿੰਘ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਦੇਸ਼ ਦੀ ਖੁਸ਼ਹਾਲੀ, ਪੰਜਾਬ ਦੀ ਤਰੱਕੀ ਅਤੇ ਗਰੀਬ ਵਰਗ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲ ਪੁਰਖ ਦਾ ਧੰਨਵਾਦ ਕਰਨ ਲਈ ਇੱਥੇ ਪਹੁੰਚੇ ਹਨ, ਕਿਉਂਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਵਜੋਂ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ।
ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਸਫਾਈ ਕਰਮਚਾਰੀਆਂ ਦੇ ਹੱਕਾਂ ਦੀ ਰੱਖਿਆ ਕਰਨੀ ਹੈ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਨਗਰ ਨਿਗਮਾਂ, ਲੋਕਲ ਬਾਡੀਆਂ ਅਤੇ ਪੰਚਾਇਤਾਂ ਵਿੱਚ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਘੱਟੋ-ਘੱਟ ਮਜ਼ਦੂਰੀ ਵੀ ਪੂਰੀ ਨਹੀਂ ਮਿਲ ਰਹੀ, ਜੋ ਕਿ ਚਿੰਤਾ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕੇਂਦਰ ਸਰਕਾਰ ਦੇ ਨਿਯਮਾਂ ਮੁਤਾਬਕ ਸਫਾਈ ਕਰਮਚਾਰੀਆਂ ਨੂੰ ਉਨ੍ਹਾਂ ਦੇ ਹੱਕ ਮਿਲਣੇ ਯਕੀਨੀ ਬਣਾਏ ਜਾਣਗੇ।
ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕਿਸੇ ਸਫਾਈ ਕਰਮਚਾਰੀ ਨਾਲ ਕੰਮ ਦੌਰਾਨ ਹਾਦਸਾ ਵਾਪਰਦਾ ਹੈ ਤਾਂ ਉਸਦੇ ਪਰਿਵਾਰ ਨੂੰ ਦਿੱਤਾ ਜਾਣ ਵਾਲਾ ਮੁਆਵਜ਼ਾ ਪਹਿਲਾਂ 10 ਲੱਖ ਰੁਪਏ ਸੀ, ਜਿਸਨੂੰ ਵਧਾ ਕੇ ਹੁਣ 30 ਲੱਖ ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਥਾਂ ਮੁਆਵਜ਼ਾ ਦੇਣ ਵਿੱਚ ਦੇਰੀ ਹੁੰਦੀ ਹੈ ਤਾਂ ਕਮਿਸ਼ਨ ਵੱਲੋਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ ਅਤੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਇਸ ਮੌਕੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰਦੀਪ ਸਿੰਘ ਗਿੱਲ ਨੂੰ ਦਿੱਤੀ ਗਈ ਇਹ ਜਿੰਮੇਵਾਰੀ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਗਿੱਲ ਇਸ ਅਹੁਦੇ ‘ਤੇ ਰਹਿੰਦੇ ਹੋਏ ਗਰੀਬ ਅਤੇ ਦਬੇ ਕੁਚਲੇ ਵਰਗ ਦੀ ਸੇਵਾ ਕਰਦੇ ਹੋਏ ਉਹਨਾਂ ਦੇ ਹੱਕਾਂ ਦੀ ਰੱਖਿਆ ਲਈ ਅਹਿਮ ਭੂਮਿਕਾ ਨਿਭਾਉਣਗੇ।

LEAVE A REPLY

Please enter your comment!
Please enter your name here