ਪੰਜਾਬ ਅੰਮ੍ਰਿਤਸਰ ਦੇ ਰਾਜਾਸਾਂਸੀ ’ਚ ਮਹਿਲਾਵਾਂ ਦਾ ਇਕੱਠ/ ਇਕੱਠੇ ਬੈਠੇ ਕੇ ਸੁਣਿਆ ਸਰਕਾਰ ਦਾ ਬਜਟ/ ਹਜ਼ਾਰ ਰੁਪਏ ਦੇਣ ਨੂੰ ਲੈ ਕੇ ਜਾਹਰ ਕੀਤੀ ਖੁਸ਼ੀ By admin - March 8, 2026 0 2 Facebook Twitter Pinterest WhatsApp ਅੰਮ੍ਰਿਤਸਰ ਦੇ ਹਲਕਾ ਰਾਜਾ ਸਾਂਸੀ ਦੇ ਇੱਕ ਕਮਿਊਨਿਟੀ ਸੈਂਟਰ ਵਿੱਚ ਪਿੰਡ ਦੀਆਂ ਮਹਿਲਾਵਾਂ ਵੱਲੋਂ ਇਕੱਠੇ ਬੈਠ ਕੇ ਪੰਜਾਬ ਸਰਕਾਰ ਦਾ ਬਜਟ ਸੁਣਿਆ ਗਿਆ। ਜਿਵੇਂ ਹੀ ਬਜਟ ਦੌਰਾਨ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਘੋਸ਼ਣਾ ਕੀਤੀ ਗਈ, ਉੱਥੇ ਮੌਜੂਦ ਮਹਿਲਾਵਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਕਈ ਮਹਿਲਾਵਾਂ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਵਾਅਦਾ ਹੁਣ ਪੂਰਾ ਹੁੰਦਾ ਨਜ਼ਰ ਆ ਰਿਹਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪਿੰਡ ਦੀਆਂ ਮਹਿਲਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਮਾਨ-ਸਨਮਾਨ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਤੀ ਮਹੀਨਾ 1000 ਰੁਪਏ ਦੀ ਸਹਾਇਤਾ ਦੇਣ ਦਾ ਫੈਸਲਾ ਬਹੁਤ ਹੀ ਸਰਾਹਣਯੋਗ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਰੁਪਏ ਮਹੀਨਾਵਾਰ ਦੇਣ ਦੀ ਘੋਸ਼ਣਾ ਵੀ ਕੀਤੀ ਗਈ ਹੈ, ਜੋ ਕਿ ਸਮਾਜਿਕ ਤੌਰ ‘ਤੇ ਪਿੱਛੜੇ ਵਰਗਾਂ ਲਈ ਵੱਡੀ ਸਹਾਇਤਾ ਸਾਬਤ ਹੋਵੇਗੀ। ਮਹਿਲਾਵਾਂ ਨੇ ਕਿਹਾ ਕਿ ਪਹਿਲਾਂ ਕਈ ਵਾਰ ਘਰੇਲੂ ਖਰਚ ਲਈ ਉਨ੍ਹਾਂ ਨੂੰ ਆਪਣੇ ਪਤੀ ਜਾਂ ਪਰਿਵਾਰਕ ਮੈਂਬਰਾਂ ‘ਤੇ ਨਿਰਭਰ ਰਹਿਣਾ ਪੈਂਦਾ ਸੀ ਅਤੇ ਪੈਸਿਆਂ ਲਈ ਉਨ੍ਹਾਂ ਵੱਲ ਤੱਕਣਾ ਪੈਂਦਾ ਸੀ। ਪਰ ਹੁਣ ਜੇਕਰ ਸਰਕਾਰ ਵੱਲੋਂ ਹਰ ਮਹੀਨੇ ਇਹ ਰਕਮ ਮਿਲੇਗੀ ਤਾਂ ਮਹਿਲਾਵਾਂ ਨੂੰ ਆਪਣੇ ਛੋਟੇ-ਮੋਟੇ ਘਰੇਲੂ ਖਰਚੇ ਪੂਰੇ ਕਰਨ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋ ਸਕਦੀ ਹੈ। ਇਸ ਨਾਲ ਮਹਿਲਾਵਾਂ ਘਰੇਲੂ ਬਜਟ ਨੂੰ ਹੋਰ ਸੁਚੱਜੇ ਤਰੀਕੇ ਨਾਲ ਸੰਭਾਲ ਸਕਣਗੀਆਂ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ ਪਾ ਸਕਣਗੀਆਂ। ਪਿੰਡ ਦੀਆਂ ਮਹਿਲਾਵਾਂ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਲਈ ਲਿਆਂਦੇ ਜਾ ਰਹੇ ਇਹ ਫੈਸਲੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਦੇ ਹਨ। ਉਨ੍ਹਾਂ ਨੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਇਸ ਤਰ੍ਹਾਂ ਦੀਆਂ ਹੋਰ ਯੋਜਨਾਵਾਂ ਲਿਆਂਦੀਆਂ ਜਾਣਗੀਆਂ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਅੱਜ ਵਿਧਾਨ ਸਭਾ ਵਿੱਚ ਆਪਣੇ ਪੰਜ ਸਾਲਾ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਦਿਆਂ ਔਰਤਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਚੋਣਾਂ ਦੌਰਾਨ ਔਰਤਾਂ ਨਾਲ 1000 ਰੁਪਏ ਦੇਣ ਦਾ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਗਿਆ। ਬਜਟ ਪੇਸ਼ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੀਆਂ ਮਾਵਾਂ ਅਤੇ ਧੀਆਂ ਨੂੰ ਸਮਰਪਿਤ ਹੈ ਅਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਈਆਂ ਗਾਰੰਟੀਆਂ ਨੂੰ ਪੂਰਾ ਕਰਨ ਵੱਲ ਇੱਕ ਵੱਡਾ ਕਦਮ ਹੈ। ਬਜਟ ਪੇਸ਼ ਕਰਨ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਆਪਣੀ ਮਾਤਾ ਮਨਜੀਤ ਕੌਰ ਦਾ ਆਸ਼ੀਰਵਾਦ ਲਿਆ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਵਾਂ ਅਤੇ ਧੀਆਂ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ ਅਤੇ ਇਹ ਬਜਟ ਵੀ ਉਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪੜਾਅ ਹੈ।