ਪੰਜਾਬ ਮੋਗਾ ਪਹੁੰਚੇ ਬੀਜੇਪੀ ਪੰਜਾਬ ਪ੍ਰਧਾਨ ਸੁਨੀਲ ਜਾਖੜ/ 14 ਮਾਰਚ ਦੀ ਰੈਲੀ ਬਾਰੇ ਵਰਕਰਾਂ ਨਾਲ ਮੀਟਿੰਗ/ ਪ੍ਰਬੰਧਾਂ ਦਾ ਲਿਆ ਜਾਇਜ਼ਾ, ਬਜਟ ’ਤੇ ਚੁੱਕੇ ਸਵਾਲ By admin - March 9, 2026 0 2 Facebook Twitter Pinterest WhatsApp ਮੋਗਾ ਵਿੱਚ 14 ਮਾਰਚ ਨੂੰ ਗ੍ਰਹਿ ਮੰਤਰੀ ਦੀ ਹੋਣ ਵਾਲੀ ਰੈਲੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਨੂੰ ਲੈ ਕੇ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਮੋਗਾ ਪਹੁੰਚੇ ਜਿੱਥੇ ਉਨ੍ਹਾਂ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਦੇ ਤਾਜ਼ਾ ਪੇਸ਼ ਕੀਤੇ ਬਜਟ ‘ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਇਹ ਬਜਟ ਸਿਰਫ਼ ਸੱਤਾ ਵਿੱਚ ਬਣੇ ਰਹਿਣ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਕਰਜ਼ੇ ਦੇ ਭਾਰ ਹੇਠਾਂ ਦਬਿਆ ਹੋਇਆ ਹੈ, ਪਰ ਫਿਰ ਵੀ ਸਰਕਾਰ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਜਾਖੜ ਨੇ ਕਿਹਾ ਕਿ ਸਰਕਾਰ ਹਰ ਮਹੀਨੇ ਹਜ਼ਾਰਾਂ ਕਰੋੜ ਦਾ ਖਰਚ ਦਿਖਾ ਰਹੀ ਹੈ ਪਰ ਇਹ ਨਹੀਂ ਦੱਸ ਰਹੀ ਕਿ ਪੈਸਾ ਆਖਿਰ ਆ ਰਿਹਾ ਕਿੱਥੋਂ ਹੈ। ਉਨ੍ਹਾਂ ਕਿਹਾ ਕਿ “ਪੱਲੇ ਨਹੀਂ ਧੇਲਾ ਤੇ ਕਰਦੀ ਮੇਲਾ” ਵਾਲੀ ਹਾਲਤ ਬਣੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਸਰਕਾਰ ਪੰਜਾਬ ਦੇ ਭਵਿੱਖ ਨਾਲ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਦੌਰਾਨ ਕਈ ਵਾਅਦੇ ਕੀਤੇ ਸਨ, ਜਿਵੇਂ 16 ਮੈਡੀਕਲ ਕਾਲਜ ਬਣਾਉਣ ਦਾ ਐਲਾਨ, ਪਰ ਹਾਲੇ ਤੱਕ ਕਿਸੇ ਵੀ ਪ੍ਰੋਜੈਕਟ ‘ਤੇ ਢੰਗ ਨਾਲ ਕੰਮ ਸ਼ੁਰੂ ਨਹੀਂ ਹੋਇਆ।ਜਾਖੜ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਨਸ਼ੇ, ਗੈਂਗਸਟਰ ਵਾਦ ਅਤੇ ਕਾਨੂੰਨ-ਵਿਵਸਥਾ ਦੇ ਮਸਲੇ ਗੰਭੀਰ ਬਣੇ ਹੋਏ ਹਨ ਅਤੇ ਲੋਕ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਿਤ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 14 ਮਾਰਚ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵੀਂ ਸ਼ੁਰੂਆਤ ਸਾਬਤ ਹੋਵੇਗੀ ਅਤੇ ਲੋਕ ਵੱਡੀ ਗਿਣਤੀ ਵਿੱਚ ਇਸ ਵਿੱਚ ਸ਼ਾਮਲ ਹੋਣਗੇ।