ਅੰਮ੍ਰਿਤਸਰ ’ਚ ਕਾਂਗਰਸ ਦਾ ਕੇਂਦਰ ਖਿਲਾਫ਼ ਪ੍ਰਦਰਸ਼ਨ/ ਓਪੀ ਸੋਨੀ ਸਮੇਤ ਦਿੱਗਜ਼ ਆਗੂਆਂ ਨੇ ਕੀਤੀ ਸ਼ਿਰਕਤ/ ਅਮਰੀਕਾ ਨਾਲ ਟਰੇਡ ਡੀਲ ’ਤੇ ਚੁੱਕੇ ਸਵਾਲ

0
2

 

ਕਾਂਗਰਸ ਪਾਰਟੀ ਵੱਲੋਂ ਅਮਰੀਕਾ ਨਾਲ ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ। ਇਸੇ ਤਹਿਤ ਅੱਜ ਅੰਮ੍ਰਿਤਸਰ ਵਿਖੇ ਖ਼ਿਲਾਫ ਜ਼ੋਰਦਾਰ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਏ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਸਾਬਕਾ ਡਿਪਟੀ ਮੁੱਖ ਮੰਤਰੀ ਓਪੀ ਸੋਨੀ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੇ ਸਵਾਲ ਉਠਾਏ। ਆਪਣੇ ਸੰਬੋਧਨ ਵਿਚ ਉਨ੍ਹਾਂ ਕਿਹਾ ਕਿ ਕੇਂਦਰ ਨੇ ਦੇਸ਼ ਦੇ ਹਿੱਤ ਅਮਰੀਕਾ ਮੂਹਰੇ ਵੇਚ ਦਿੱਤੇ ਹਨ, ਜਿਸ ਕਿਸਾਨਾਂ ਸਮੇਤ ਸਾਰੇ ਵਰਗਾਂ ਨੂੰ ਭਾਰੀ ਨੁਕਸਾਨ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਮਝੌਤੇ ਅਧੀਨ ਅਮਰੀਕਾ ਤੋਂ ਆਉਣ ਵਾਲੇ ਮਾਲ ‘ਤੇ ਭਾਰਤ ਵਿੱਚ ਫਰੀ ਡਿਊਟੀ ਦਿੱਤੀ ਜਾ ਰਹੀ ਹੈ, ਜਦਕਿ ਭਾਰਤ ਤੋਂ ਅਮਰੀਕਾ ਜਾਣ ਵਾਲੇ ਸਮਾਨ ‘ਤੇ ਕਰੀਬ 18 ਫੀਸਦੀ ਟੈਕਸ ਲਗਾਇਆ ਜਾ ਰਿਹਾ ਹੈ। ਸੋਨੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਝੌਤੇ ਨਾਲ ਦੇਸ਼ ਦੀ ਅਰਥਵਿਵਸਥਾ ਨੂੰ ਨੁਕਸਾਨ ਪਹੁੰਚ ਸਕਦਾ ਹੈ। ਉਨ੍ਹਾਂ ਨੇ ਮੌਜੂਦਾ ਸਮੇਂ ਵਿੱਚ ਗੈਸ ਸਿਲੰਡਰਾਂ ਦੀ ਕਮੀ ਨੂੰ ਲੈ ਕੇ ਵੀ ਚਿੰਤਾ ਜਤਾਈ। ਸੋਨੀ ਨੇ ਕਿਹਾ ਕਿ ਦੇਸ਼ ਭਰ ਵਿੱਚ ਲੋਕਾਂ ਨੂੰ ਘਰੇਲੂ ਗੈਸ ਸਿਲੰਡਰ ਨਹੀਂ ਮਿਲ ਰਹੇ ਅਤੇ ਲੋਕ ਗੈਸ ਏਜੰਸੀਆਂ ਦੇ ਚੱਕਰ ਕੱਟਣ ਲਈ ਮਜਬੂਰ ਹਨ।
ਉਨ੍ਹਾਂ ਦੱਸਿਆ ਕਿ ਕਈ ਥਾਵਾਂ ‘ਤੇ ਸਿਲੰਡਰ ਬਲੈਕ ਵਿੱਚ ਵੇਚੇ ਜਾ ਰਹੇ ਹਨ, ਜਿੱਥੇ 1500 ਰੁਪਏ ਦਾ ਸਿਲੰਡਰ 3000 ਤੋਂ 3500 ਰੁਪਏ ਤੱਕ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਸ ਸਿਲੰਡਰ ਘਰੇਲੂ ਜੀਵਨ ਦੀ ਮੁੱਢਲੀ ਲੋੜ ਹੈ ਅਤੇ ਇਸ ਦੀ ਕਮੀ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸਦੇ ਨਾਲ ਹੀ ਸੋਨੀ ਨੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਸਨ ਪਰ ਉਹਨਾਂ ਵਿੱਚੋਂ ਜ਼ਿਆਦਾਤਰ ਅਜੇ ਤੱਕ ਪੂਰੇ ਨਹੀਂ ਹੋਏ।
ਉਨ੍ਹਾਂ ਖ਼ਾਸ ਤੌਰ ‘ਤੇ ਮਹਿਲਾਵਾਂ ਨੂੰ 1500 ਰੁਪਏ ਮਹੀਨਾ ਦੇਣ ਦੇ ਵਾਅਦੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਕਈ ਸਾਲ ਬੀਤ ਜਾਣ ਦੇ ਬਾਵਜੂਦ ਲੋਕਾਂ ਨੂੰ ਇਸਦਾ ਪੂਰਾ ਲਾਭ ਨਹੀਂ ਮਿਲਿਆ। ਅੰਤ ਵਿੱਚ ਓਪੀ ਸੋਨੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਦੇਸ਼ ਅਤੇ ਲੋਕਾਂ ਦੇ ਹਿੱਤਾਂ ਲਈ ਖੜੀ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਵਿੱਚ ਕੋਈ ਮੁਸ਼ਕਿਲ ਆਈ ਹੈ, ਕਾਂਗਰਸ ਨੇ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨ ਕੇਂਦਰ ਸਰਕਾਰ ਤੱਕ ਲੋਕਾਂ ਦੀਆਂ ਸਮੱਸਿਆਵਾਂ ਪਹੁੰਚਾਉਣ ਲਈ ਕੀਤਾ ਗਿਆ ਹੈ।

LEAVE A REPLY

Please enter your comment!
Please enter your name here