ਪੰਜਾਬ ਅੰਮ੍ਰਿਤਸਰ ’ਚ ਵਾਰਸ ਪੰਜਾਬ ਪਾਰਟੀ ਨੂੰ ਵੱਡਾ ਹੁਲਾਰਾ/ ਗੁਰਦੇਵ ਸਿੰਘ ਸੰਧੂ ਆਪ ਛੱਡ ਕੇ ਵਾਰਿਸ ਪੰਜਾਬ ’ਚ ਸ਼ਾਮਲ/ ਤਰਸੇਮ ਸਿੰਘ ਨੇ ਕੀਤਾ ਸਵਾਗਤ By admin - March 20, 2026 0 2 Facebook Twitter Pinterest WhatsApp ਅੰਮ੍ਰਿਤਸਰ ਵਿਖੇ ਵਾਰਿਸ ਪੰਜਾਬ ਜਥੇਬੰਦੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਤਰਨ ਤਾਰਨ ਤੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਦੇਵ ਸਿੰਘ ਸੰਧੂ ਪਾਰਟੀ ਛੱਡ ਕੇ ਵਾਰਿਸ ਪੰਜਾਬ ਜਥੇਬੰਦੀ ਵਿਚ ਸ਼ਾਮਲ ਹੋ ਗਏ। ਅੰਮ੍ਰਿਤਸਰ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਗੁਰਦੇਵ ਸਿੰਘ ਸੰਧੂ ਨੇ ਪੰਜਾਬ ਦੀ ਬਿਹਤਰੀ ਲਈ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ ਜੋ ਉਨ੍ਹਾਂ ਦੀਆਂ ਉਮੀਦਾਂ ਤੇ ਖਰੀ ਨਹੀਂ ਉਤਰੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਹੁਣ ਵਾਰਿਸ ਪੰਜਾਬ ਜਥੇਬੰਦੀ ਵਿਚ ਆਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਗੁਰਦੇਵ ਸਿੰਘ ਸੰਧੂ ਨੂੰ ਵਾਰਿਸ ਪੰਜਾਬ ਜਥੇਬੰਦੀ ਵਿਚ ਆਉਣ ਲਈ ਜੀ ਆਇਆ ਕਹਿੰਦਿਆਂ ਪਾਰਟੀ ਅੰਦਰ ਬਣਦਾ ਸਤਿਕਾਰ ਦੇਣ ਦਾ ਭਰੋਸਾ ਵੀ ਦਿਵਾਇਆ। ਪ੍ਰੈਸ ਕਾਨਫਰੰਸ ਦੌਰਾਨ ਤਰਨ ਤਾਰਨ ਦੇ ਆਗੂ ਗੁਰਦੇਵ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ ਛੱਡ ਕੇ ਵਾਰਸ ਪੰਜਾਬ ਜਥੇਬੰਦੀ ਨਾਲ ਜੁੜਨ ਦਾ ਐਲਾਨ ਕੀਤਾ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਗੁਰਦੇਵ ਸਿੰਘ ਸੰਧੂ ਪਿਛਲੇ ਕਈ ਸਾਲਾਂ ਤੋਂ ਸਮਾਜਿਕ ਸੇਵਾ ਨਾਲ ਜੁੜੇ ਹੋਏ ਹਨ ਅਤੇ 2021 ਤੋਂ ਆਮ ਆਦਮੀ ਪਾਰਟੀ ਲਈ ਵੀ ਕੰਮ ਕਰਦੇ ਰਹੇ। ਉਨ੍ਹਾਂ ਨੇ ਕਿਹਾ ਕਿ ਸੰਧੂ ਨੇ ਪਾਰਟੀ ਨੂੰ ਖੜ੍ਹਾ ਕਰਨ ਅਤੇ ਚੋਣਾਂ ਵਿੱਚ ਜਿਤਾਉਣ ਲਈ ਵੱਡਾ ਯੋਗਦਾਨ ਦਿੱਤਾ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦੋ ਬੋਰਡਾਂ ਦਾ ਚੇਅਰਮੈਨ ਵੀ ਬਣਾਇਆ ਗਿਆ ਸੀ। ਪਰ ਸਮੇਂ ਦੇ ਨਾਲ ਉਨ੍ਹਾਂ ਨੂੰ ਇਹ ਮਹਿਸੂਸ ਹੋਇਆ ਕਿ ਜਿਨ੍ਹਾਂ ਵਾਅਦਿਆਂ ਦੇ ਆਧਾਰ ‘ਤੇ ਪੰਜਾਬ ਦੇ ਲੋਕਾਂ ਨੇ ਸਰਕਾਰ ਬਣਾਈ ਸੀ, ਉਹ ਪੂਰੇ ਨਹੀਂ ਹੋ ਰਹੇ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਘਟਣ ਦੀ ਬਜਾਏ ਵੱਧ ਰਹੀ ਹੈ ਅਤੇ ਕਈ ਵੱਡੇ ਮਾਮਲਿਆਂ ਵਿੱਚ ਸਿਆਸੀ ਲੋਕਾਂ ਦੇ ਨਾਂ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਵੀ ਅਜੇ ਤੱਕ ਇਨਸਾਫ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇਹ ਉਮੀਦ ਕਰਕੇ ਸਰਕਾਰ ਬਣਾਈ ਸੀ ਕਿ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲੇਗੀ, ਪਰ ਹੁਣ ਤੱਕ ਕਿਸੇ ਨੂੰ ਸਜ਼ਾ ਨਹੀਂ ਹੋਈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਵੀ ਚਿੰਤਾਜਨਕ ਬਣ ਰਹੀ ਹੈ ਅਤੇ ਨੌਜਵਾਨੀ ਨੂੰ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਬਚਾਉਣ ਲਈ ਸਾਰੇ ਲੋਕਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਬਚਾਉਣ ਲਈ ਇਕੱਠੇ ਹੋਣ। ਇਸ ਮੌਕੇ ਗੁਰਦੇਵ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਇਸ ਉਮੀਦ ਨਾਲ ਜੁਆਇਨ ਕੀਤੀ ਸੀ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਇਨਸਾਫ ਮਿਲੇਗਾ ਅਤੇ ਪੰਜਾਬ ਵਿੱਚ ਨਸ਼ਿਆਂ ‘ਤੇ ਰੋਕ ਲੱਗੇਗੀ। ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਹ ਮੁੱਦੇ ਹੱਲ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਉਹ ਕਾਫੀ ਸਮੇਂ ਤੋਂ “ਸੱਚ ਦਾ ਸਾਥ” ਨਾਮ ਦੀ ਸਮਾਜਿਕ ਸੰਸਥਾ ਨਾਲ ਜੁੜੇ ਹੋਏ ਹਨ ਅਤੇ ਹੁਣ ਵਾਰਸ ਪੰਜਾਬ ਜਥੇਬੰਦੀ ਨਾਲ ਮਿਲ ਕੇ ਪੰਜਾਬ ਦੇ ਹੱਕਾਂ ਲਈ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਲੋਕ ਜਥੇਬੰਦੀ ਨਾਲ ਜੁੜਣਗੇ ਅਤੇ 27 ਤਾਰੀਖ ਨੂੰ ਇੱਕ ਵੱਡਾ ਪ੍ਰੋਗਰਾਮ ਵੀ ਕੀਤਾ ਜਾਵੇਗਾ।