ਮੁੱਖ ਮੰਤਰੀ ਮਾਨ ਦਾ ਸਿਹਤ ਯੋਜਨਾ ਨੂੰ ਲੈ ਕੇ ਵੱਡਾ ਬਿਆਨ/ 25 ਲੱਖ ਲਾਭਪਾਤਰੀਆਂ ਦੇ ਕਾਰਡ ਬਣਨ ਦਾ ਦਾਅਵਾ/ 4 ਸਾਲਾਂ ਦੇ ਕੰਮਾਂ ਨੂੰ ਦੱਸਿਆ ਕ੍ਰਾਂਤੀਕਾਰੀ ਪ੍ਰਾਪਤੀ

0
4

 

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੇ ਸਿਹਤ ਖੇਤਰ ਵਿਚ ਕੀਤੇ ਕੰਮਾਂ ਦਾ ਗੁਣਗਾਣ ਕੀਤਾ ਹੈ। ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰ ਕੇ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕਿਆ ਹੈ। ਹਰੇਕ ਪਰਿਵਾਰ ਨੂੰ 10 ਲੱਖ ਦੇ ਇਲਾਜ ਦੀ ਇਸ ਯੋਜਨਾ ਤਹਿਤ ਹੁਣ ਤਕ 25 ਲੱਖ ਲਾਭਪਾਤਰੀਆਂ ਦੇ ਕਾਰਡ ਬਣ ਚੁੱਕੇ ਨੇ ਅਤੇ 1 ਲੱਖ 60 ਹਜ਼ਾਰ ਦੇ ਕਰੀਬ ਲੋਕ ਇਸ ਦਾ ਲਾਭ ਵੀ ਉਠਾ ਚੁੱਕੇ ਨੇ। ਉਨ੍ਹਾਂ ਕਿਹਾ ਕਿ ਸਕੀਮ ਨੂੰ ਸੰਚਾਰੂ ਢੰਗ ਨਾਲ ਚਲਾਉਣ ਲਈ ਵਿੱਤੀ ਵਰ੍ਹੇ 25-26 ਲਈ 1200 ਕਰੋੜ ਦਾ ਬਜਟ ਰੱਖਿਆ ਸੀ, ਜਿਸ ਨੂੰ 26-27 ਲਈ ਵਧਾ ਕੇ 2 ਹਜ਼ਾਰ ਕਰੋੜ ਕਰ ਦਿੱਤਾ ਹੈ।
ਕੇਂਦਰ ਸਰਕਾਰ ਦੀ ਆਯੂਸ਼ਮਾਨ ਯੋਜਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੇ 140 ਕਰੋੜ ਲੋਕਾਂ ਲਈ ਆਯੁਸ਼ਮਾਨ ਯੋਜਨਾ ਤਹਿਤ 9300 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜਦੋਂ ਕਿ ਪੰਜਾਬ ਸਰਕਾਰ ਨੇ ਮਹਿਜ ਤਿੰਨ ਕਰੋੜ ਲੋਕਾਂ ਲਈ 2000 ਕਰੋੜ ਰੁਪਏ ਦਾ ਬਜਟ ਰੱਖਿਆ ਹੈ ਜੋ ਕੇਂਦਰ ਦੇ ਬਜਟ ਤੋਂ ਕਾਫੀ ਜ਼ਿਆਦਾ ਹੈ। ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 84 ਆਮ ਆਦਮੀ ਕਲੀਨਿਕ ਖੋਲ ਦਿੱਤੇ ਹਨ ਜਦੋਂ ਕਿ 100 ਆਮ ਆਦਮੀ ਕਲੀਨਿਕ ਹੋਰ ਜਲਦ ਸ਼ੁਰੂ ਕੀਤੇ ਜਾਣਗੇ। ਇਸ ਤੋਂ ਬਾਅਦ 400 ਹੋਰ ਕਲੀਨਿਕ ਖੋਲੇ ਜਾਣਗੇ। ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਪੰਜ ਕਰੋੜ ਤੋਂ ਵੱਧ ਲੋਕ ਆਪਣਾ ਇਲਾਜ ਕਰਵਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ 948 ਜਨਰਲ ਡਾਕਟਰ ਅਤੇ 627 ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ 250 ਬੈਡਾਂ ਦੀ ਸਮਰੱਥਾ ਵਾਲੇ ਸੱਤ ਜੱਚਾ ਬੱਚਾ ਕਲੀਨਿਕ ਖੋਲੇ ਗਏ ਹਨ ਅਤੇ ਮੁਹਾਲੀ ਵਿਖੇ ਪੰਜਾਬ ਦਾ ਪਹਿਲਾ ਲੀਵਰ ਟਰਾਂਸਪਲਾਂਟ ਹਸਪਤਾਲ ਵੀ ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਸਾਰੀ ਦਵਾਈ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਦੋ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦਾ ਟੈਂਡਰ ਜਾਰੀ ਕਰ ਦਿੱਤਾ ਹੈ ਜਦੋਂ ਕਿ ਹੋਰਨਾ ਮੈਡੀਕਲ ਕਾਲਜ ਅਤੇ ਹਸਪਤਾਲਾਂ ਦੀ ਉਸਾਰੀ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਲੋਕਾਂ ਦੀ ਸਿਹਤ ਨੂੰ ਲੈ ਕੇ ਵਧੇਰੇ ਕਾਰਜ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਖੇਤਰ ਵਿਚ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਕਿਤੇ ਵੱਧ ਕੰਮ ਕੀਤਾ ਹੈ ਅਤੇ ਰਹਿੰਦੇ ਸਰਕਾਰ ਦੇ ਬਾਕੀ ਰਹਿੰਦੇ ਸਮੇਂ ਦੌਰਾਨ ਹੋਰ ਵੱਡੇ ਕੰਮ ਕੀਤੇ ਜਾਣਗੇ।

LEAVE A REPLY

Please enter your comment!
Please enter your name here