ਸ਼੍ਰੋਮਣੀ ਕਮੇਟੀ ਵੱਲੋਂ ਡਾ. ਮਨਮੋਹਨ ਸਿੰਘ ਦੀ ਤਸਵੀਰ ਲਾਉਣ ਦਾ ਫੈਸਲਾ ਮੁਲਤਵੀ/ ਭਾਈ ਰਾਜੋਆਣਾ ਦੀ ਚਿੱਠੀ ਤੋਂ ਬਾਅਦ ਲਿਆ ਫੈਸਲਾ/ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਾਂਝਾ ਕੀਤੀ ਜਾਣਕਾਰੀ

0
50

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਅੰਦਰ ਲਾਉਣ ਦੇ ਫੈਸਲੇ ਤੇ ਮੁੜ ਵਿਚਾਰ ਕਰੇਗੀ। ਸ਼੍ਰੋਮਣੀ ਕਮੇਟੀ ਨੇ ਇਹ ਕਦਮ ਜੇਲ੍ਹ ਅੰਦਰ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ਤੋਂ ਬਾਅਦ ਚੁੱਕਿਆ ਐ, ਜਿਸ ਵਿਚ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਦੀ ਤਸਵੀਰ ਲਗਾਏ ਜਾਣ ਦਾ ਵਿਰੋਧ ਕੀਤਾ ਸੀ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਦੀ ਭੈਣ ਰਾਹੀਂ ਚਿੱਠੀ ਪ੍ਰਾਪਤ ਹੋਈ ਐ, ਜਿਸ ਤੋਂ ਬਾਅਦ ਤਸਵੀਰ ਲਗਾਏ ਜਾਣ ਬਾਰੇ ਮੁੜ ਵਿਚਾਰ  ਕੀਤਾ ਜਾਵੇਗਾ। ਬਾਬਾ ਢੱਡਰੀਆਂ ਵਾਲੇ ਦੀ ਮੁਆਫੀ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਕੋਈ ਨਿਮਾਣਾ ਬਣ ਕੇ ਸ੍ਰੀ ਅਕਾਲ ਤਖਤ ਸਾਹਿਬ ਅੱਗੇ ਪੇਸ਼ ਹੋ ਕੇ ਮੁਆਫੀ ਮੰਗ ਲੈਂਦਾ ਐ ਤਾਂ ਉਸ ਨਾਲ ਜੁੜੇ ਵਿਵਾਦ ਆਪਣੇ ਆਪ ਸਮਾਪਤ ਹੋ ਜਾਂਦੇ ਨੇ।  ਖਬਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਹਾਲ ਦੀ ਘੜੀ ਫੋਟੋ ਲਾਉਣ ਦੇ ਫੈਸਲੇ ਨੂੰ ਟਾਲ ਦਿੱਤਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਡਾ. ਮਨਮੋਹਨ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ’ਤੇ ਵੱਖ-ਵੱਖ ਧਿਰਾਂ ਵੱਲੋਂ ਇਤਰਾਜ਼ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਫਿਲਹਾਲ ਮੁਲਤਵੀ ਰੱਖਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਇਸ ਮਾਮਲੇ ਸਬੰਧੀ ਸਿੱਖਾਂ ਅੰਦਰ ਆਮਰਾਇ ਬਣਨੀ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਸਵੀਰ ਲਗਾਉਣ ਦੇ ਇਸ ਫੈਸਲੇ ਬਾਰੇ ਅੰਤ੍ਰਿੰਗ ਕਮੇਟੀ ਵਿਚ ਮੁੜ ਵਿਚਾਰ ਕੀਤਾ ਜਾਵੇਗਾ। ਗ਼ੌਰਤਲਬ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਇਸ ਫੈਸਲੇ ਦਾ ਬਲਵੰਤ ਸਿੰਘ ਰਾਜੋਆਣਾ ਅਤੇ ਦਲ ਖਾਲਸਾ ਸਮੇਤ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਹੈ। ਰਾਜੋਆਣਾ ਵੱਲੋਂ ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਪੱਤਰ ਲਿਖ ਕੇ ਇਸ ਫੈਸਲੇ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਅਤੇ ਉਸ ਨੇ ਆਖਿਆ ਡਾ. ਮਨਮੋਹਨ ਸਿੰਘ ਨੇ ਉਸ ਸਿਆਸੀ ਪਾਰਟੀ ਦੀ ਨੁਮਾਇੰਦਗੀ ਕੀਤੀ ਜੋ ਸਿੱਖਾਂ ’ਤੇ ਹੋਏ ਅੱਤਿਆਚਾਰਾਂ ਲਈ ਜ਼ਿੰਮੇਵਾਰ ਹੈ, ਉਹ ਉਸੇ ਪਾਰਟੀ ਦੇ ਪ੍ਰਤੀਨਿਧ ਵਜੋਂ ਪ੍ਰਧਾਨ ਮੰਤਰੀ ਬਣੇ ਜੋ 1984 ਵਿੱਚ ਸਿੱਖ ਕਤਲੇਆਮ ਅਤੇ ਸਾਕਾ ਨੀਲਾ ਤਾਰਾ ਲਈ ਦੋਸ਼ੀ ਹੈ। ਇਸੇ ਤਰ੍ਹਾਂ ਦਲ ਖਾਲਸਾ ਦੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਵੀ ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ’ਤੇ ਇਤਰਾਜ਼ ਕੀਤਾ ਸੀ। ਉਹਨਾਂ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਇੱਕ ਸਿੱਖ ਸ਼ਖਸੀਅਤ ਜ਼ਰੂਰ ਸਨ, ਪਰ ਉਹਨਾਂ ਨੇ ਪ੍ਰਧਾਨ ਮੰਤਰੀ ਹੁੰਦਿਆਂ ਆਪਣੇ ਕਾਰਜ ਕਾਲ ਦੌਰਾਨ ਸਿੱਖ ਪੰਥ ਵਾਸਤੇ ਕੋਈ ਅਜਿਹਾ ਕਾਰਜ ਨਹੀਂ ਕੀਤਾ, ਜਿਸ ਲਈ ਉਹਨਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿੱਚ ਸਥਾਪਿਤ ਕੀਤੀ ਜਾਵੇ।

LEAVE A REPLY

Please enter your comment!
Please enter your name here