ਫਰੀਦਕੋਟ ’ਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ/ ਵਿਧਾਇਕ ਸੇਖੋਂ ਨੇ ਕੀਤਾ ਉਦਘਾਟਨ/ ਘਰਾਂ ਨੇੜੇ ਮੁਫਤ ਸਿਹਤ ਸਹੂਲਤਾਂ ਦਾ ਦਾਅਵਾ

0
2

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਅਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਵਿਧਾਇਕ ਸੇਖੋਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਦੇ ਉਦਘਾਟਨਾਂ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 990 ਤੱਕ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ, ਖ਼ਾਸ ਕਰਕੇ ਵਿਸਾਖੀ ਤੱਕ, ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਉਨ੍ਹਾਂ ਦੱਸਿਆ ਕਿ ਫਰੀਦਕੋਟ ਵਿੱਚ ਪਹਿਲਾਂ ਚੱਲ ਰਹੇ ਕਲੀਨਿਕਾਂ ਦੇ ਨਾਲ ਅੱਜ 3 ਹੋਰ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਡੋਗਰ ਬਸਤੀ, ਗੁਰੂ ਤੇਗ ਬਹਾਦਰ ਨਗਰ, ਬਰਾੜ ਇਨਕਲੇਵ, ਸਾਈਂ ਇਨਕਲੇਵ ਅਤੇ ਕੱਕੜ ਕਲੋਨੀ ਸਮੇਤ ਕਈ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਇਲਾਜ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਖ਼ਾਸ ਕਰ ਕੇ ਗਰੀਬ ਅਤੇ ਜ਼ਰੂਰਤਮੰਦ ਵਰਗ ਨੂੰ ਲਾਭ ਹੋ ਰਿਹਾ ਹੈ। ਪਿਛਲੇ ਸਾਲ ਦੇ ਅੰਕੜਿਆਂ ਮੁਤਾਬਕ ਲਗਭਗ 3 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਇਲਾਜ ਕਰਵਾਇਆ ਹੈ, ਜੋ ਇਸ ਯੋਜਨਾ ਦੀ ਸਫਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਅਤੇ ਹਰ ਘਰ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ।
ਇਸ ਮੌਕੇ ਮਹਿਲਾਵਾਂ ਸਮੇਤ ਆਮ ਲੋਕਾਂ ਨੇ ਮੀਡੀਆ ਰਾਹੀਂ ਪੰਜਾਬ ਸਰਕਾਰ ਅਤੇ ਫਰੀਦਕੋਟ ਦੇ ਵਧਾਇਕ ਗੁਰਦਿੱਤ ਸਿੰਘ ਸੇਖੋਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਇਸ ਮੁਹੱਲੇ ਦੇ ਵਾਸੀਆਂ ਲਈ ਵੱਡੀ ਰਾਹਤ ਦਿਤੀ ਹੈ ਕਿਉਕਿ ਇਨ੍ਹਾਂ ਲੋਕਾਂ ਨੂੰ ਆਪਣੇ ਇਲਾਜ ਲਈ 3 ਕਿਲੋਮੀਟਰ ਸਿਵਲ ਹਸਪਤਾਲ ਜਾਂ ਮੈਡੀਕਲ ਹਸਪਤਾਲ ਜਾਣਾ ਪੈਂਦਾ ਸੀ ਹੁਣ ਕਿਸੇ ਨੂੰ ਕੋਈ ਦਿੱਕਤ ਨਹੀਂ ਆਵੇਗੀ। ਉਨ੍ਹਾਂ ਮੁੱਖ ਮੰਤਰੀ ਮਾਨ ਅਤੇ MLA ਸੇਖੋਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here