ਕਪੂਰਥਲਾ ਪੁਲਿਸ ਖਿਲਾਫ ਫੁੱਟਿਆ ਰਾਣਾ ਗੁਰਜੀਤ ਦਾ ਗੁੱਸਾ/ ਕਾਂਗਰਸੀ ਵਰਕਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੇ ਇਲਜ਼ਾਮ/ ਧੱਕਾ ਨਾ ਰੁਕਣ ’ਤੇ ਅਦਾਲਤ ਜਾਣ ਦੀ ਚਿਤਾਵਨੀ

0
4

ਕਪੂਰਥਲਾ ਤੋਂ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸਥਾਨਕ ਪੁਲਿਸ ਪ੍ਰਸ਼ਾਸਨ ਉਤੇ ਲੋਕਤੰਤਰੀ ਮਰਿਆਦਾਵਾਂ ਨੂੰ ਛਿੱਕੇ ਟੰਗ ਕੇ ਕੰਮ ਕਰਨ ਦੇ ਇਲਜਾਮ ਲਾਏ ਹਨ। ਪੁਲਿਸ ਦੇ ਕਾਂਗਰਸੀ ਵਰਕਰਾਂ ਨਾਲ ਰਵੱਈਏ ਦੀ ਨਿਖੇਦੀ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਕਾਂਗਰਸੀ ਵਰਕਰਾਂ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਥਾਣਿਆਂ ਵਿੱਚ ਬੁਲਾ ਕੇ ਖੱਜਲ-ਖੁਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਬੇਵਜ੍ਹਾ ਦਬਾਅ ਬਣਾ ਕੇ ਵਰਕਰਾਂ ਦਾ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆਂ ਤਾਂ ਉਹ ਇਨਸਾਫ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਕੁਝ ਵਿਅਕਤੀਆਂ ਨੂੰ ਡਰਾ-ਧਮਕਾ ਕੇ ਆਮ ਆਦਮੀ ਪਾਰਟੀ  ਵਿੱਚ ਸ਼ਾਮਲ ਹੋਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਵਰਕਰਾਂ ਨੂੰ ਉਨ੍ਹਾਂ ਦੇ ਹਥਿਆਰਾਂ ਦੇ ਲਾਇਸੰਸ ਜਮ੍ਹਾਂ ਕਰਵਾਉਣ ਲਈ ਕਹਿ ਕੇ ਡਰਾਇਆ ਜਾ ਰਿਹਾ ਹੈ। ਸਿਆਸੀ ਬਦਲਾਖੋਰੀ ਤਹਿਤ ਵਿਰੋਧੀ ਧਿਰ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਰਾਣਾ ਗੁਰਜੀਤ ਸਿੰਘ ਨੇ ਕਪੂਰਥਲਾ ਦੇ ਉੱਚ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਕਿਸੇ ਵੀ ਕਾਂਗਰਸੀ ਵਰਕਰ ਨਾਲ ਕੋਈ ਵਧੀਕੀ ਹੋਈ, ਤਾਂ ਉਹ ਚੁੱਪ ਨਹੀਂ ਬੈਠਣਗੇ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਉਹ ਇਸ ਮਾਮਲੇ ਨੂੰ ਅਦਾਲਤ ਤੱਕ ਲੈ ਕੇ ਜਾਣਗੇ ਅਤੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕਰਨਗੇ। ਪੁਲਿਸ ਦੀ ਕਾਰਜਪ੍ਰਣਾਲੀ ‘ਤੇ ਸਵਾਲ ਚੁੱਕਦਿਆਂ ਵਿਧਾਇਕ ਨੇ ਕਿਹਾ ਕਿ ਇੱਕ ਪਾਸੇ ਜ਼ਿਲ੍ਹੇ ਵਿੱਚ ਲੁੱਟ-ਖੋਹ, ਸਨੈਚਿੰਗ ਅਤੇ ਫਿਰੌਤੀ ਵਰਗੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ, ਜਿਨ੍ਹਾਂ ਨੂੰ ਰੋਕਣ ਵਿੱਚ ਪੁਲਿਸ ਨਾਕਾਮ ਸਾਬਤ ਹੋ ਰਹੀ ਹੈ।
ਦੂਜੇ ਪਾਸੇ, ਪੁਲਿਸ ਆਪਣੀ ਪੂਰੀ ਤਾਕਤ ਸਿਆਸੀ ਵਿਰੋਧੀਆਂ ਨੂੰ ਦਬਾਉਣ ਲਈ ਵਰਤ ਰਹੀ ਹੈ। ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੁਲਿਸ ਦਾ ਸਿਆਸੀਕਰਨ ਲੋਕਤੰਤਰ ਲਈ ਖ਼ਤਰਾ ਹੈ ਅਤੇ ਅਧਿਕਾਰੀਆਂ ਨੂੰ ਕਿਸੇ ਪਾਰਟੀ ਦੇ ਕਠਪੁਤਲੀ ਬਣਨ ਦੀ ਬਜਾਏ ਨਿਰਪੱਖ ਹੋ ਕੇ ਕਾਨੂੰਨ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਇਸ ਸਬੰਧੀ ਡੀਐਸਪੀ ਸਬ ਡਿਵੀਜ਼ਨ ਸ਼ੀਤਲ ਸਿੰਘ ਨੇ ਕਿਹਾ ਕਿ ਪਿੰਡ ਨੱਥੂ ਚਾਹਲ ਦੇ ਰਹਿਣ ਵਾਲੇ ਰਾਜਨਬੀਰ ਦੇ ਨਾਲ ਵਿਧਾਇਕ ਰਾਣਾ ਗੁਰਜੀਤ ਸਿੰਘ ਉਹਨਾਂ ਕੋਲ ਪਹੁੰਚੇ ਸਨ ਉਸ ਨੂੰ ਸਿਰਫ ਸੂਚਨਾ ਦੇ ਅਧਾਰ ਤੇ ਵੈਰੀਫਿਕੇਸ਼ਨ ਲਈ ਬੁਲਾਇਆ ਗਿਆ ਸੀ।

LEAVE A REPLY

Please enter your comment!
Please enter your name here