ਲਹਿਰਾ ਹਲਕੇ ਦਾ ਦੌਰਾ ਕਰਨ ਪਹੁੰਚੇ ਮੰਤਰੀ ਬਰਿੰਦਰ ਗੋਇਲ/ ਗੈਸ ਏਜੰਸੀਆਂ ਦਾ ਦੌਰਾ ਕਰ ਸਪਲਾਈ ਦਾ ਲਿਆ ਜਾਇਜ਼ਾ

0
2

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅੱਜ ਸੰਗਰੂਰ ਦੇ ਹਲਕਾ ਲਹਿਰਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਗੈਸ ਏਜੰਸੀ ਦਾ ਦੌਰਾ ਕਰ ਕੇ ਗੈਸ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੈਸ ਸਪਲਾਈ ‘ਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਨੇ ਗੈਸ ਸਿਲੰਡਰਾਂ ਦੀ ਸਮੇਂ-ਸਿਰ ਵੰਡ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ। ਇਸ ਦਿੱਕਤ ਲਈ ਕੇਂਦਰ ਨੂੰ ਜ਼ਿੰਮੇਵਾਰ ਦਸਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਥਿਤੀ ਨਾਲ ਨਜਿੱਠਣ ਵਿਚ ਅਸਫਲ ਸਾਬਤ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਸਰਕਾਰ ਆਪਣੇ ਪੱਧਰ ਤੇ ਲੋਕਾਂ ਦੀ ਪ੍ਰੇਸ਼ਾਨੀ ਘਟਾਉਣ ਵਿਚ ਲੱਗੀ ਹੋਈ ਹੈ।
ਇਸ ਮੌਕੇ ਕੈਬਨਿਟ ਮੰਤਰੀ ਨੇ ਏਜੰਸੀ ਵਿੱਚ ਗੈਸ ਸਿਲੰਡਰ ਪ੍ਰਾਪਤ ਕਰਨ ਆਏ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਲੋਕਾਂ ਨੇ ਗੈਸ ਸਪਲਾਈ ਨਾਲ ਸੰਬੰਧਿਤ ਕੁਝ ਮੁਸ਼ਕਲਾਂ ਵੀ ਉਨ੍ਹਾਂ ਦੇ ਧਿਆਨ ਵਿੱਚ ਲਿਆਦੀਆਂ, ਜਿਨ੍ਹਾਂ ਨੂੰ ਮੰਤਰੀ ਨੇ ਗੰਭੀਰਤਾ ਨਾਲ ਲੈਂਦਿਆਂ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਗੈਸ ਸਿਲੰਡਰ ਪ੍ਰਾਪਤ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਪਲਾਈ ਚੇਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗੈਸ ਸਪਲਾਈ ਨਾਲ ਜੁੜੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਖ਼ਪਤਕਾਰਾਂ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਪਾਈ ਗਈ ਤਾਂ ਉਸਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਸੁਚਾਰੂ ਅਤੇ ਬਿਨਾ ਰੁਕਾਵਟ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਮੌਕੇ ‘ਤੇ ਹੱਲ ਕਰਨਾ ਹੀ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਲਗਾਤਾਰ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।

LEAVE A REPLY

Please enter your comment!
Please enter your name here