ਖਰੜ ’ਚ ਗੁਟਕਾ ਸਾਹਿਬ ਦੀ ਬੇਅਦਬੀ/ ਖਿਲਰੀ ਹਾਲਤ ’ਚ ਮਿਲੇ ਗੁਟਕਾ ਸਾਹਿਬ ਦੇ ਅੰਗ/ ਲੋਕਾਂ ਅੰਦਰ ਭਾਰੀ ਰੋਸ, ਪੁਲਿਸ ਕਰ ਰਹੀ ਜਾਂਚ

0
3

ਖਰੜ ਦੇ ਵਾਰਡ ਨੰਬਰ-20 ਅਧੀਨ ਆਉਂਦੇ ਆਰੀਆ ਰੋਡ ਇਲਾਕੇ ਅੰਦਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇੱਥੇ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਕਰ ਕੇ ਅੰਗ ਫਟੇ ਹੋਏ ਹਾਲਤ ‘ਚ ਮਿਲੇ ਹਨ। ਘਟਨਾ ਤੋਂ ਬਾਅਦ ਇਲਾਕੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਮੋਬਾਇਲ ਦੁਕਾਨਦਾਰ ਮਨਦੀਪ ਸਿੰਘ ਨੇ ਆਪਣੀ ਦੁਕਾਨ ਦੇ ਸਾਹਮਣੇ ਖ਼ਾਲੀ ਥਾਂ ਉਤੇ ਗੁਟਕਾ ਸਾਹਿਬ ਦੇ ਫਟੇ ਹੋਏ ਅੰਗ ਪਏ ਦੇਖੇ। ਉਸਨੇ ਤੁਰੰਤ ਵਾਰਡ ਦੇ ਕੌਂਸਲਰ ਮਾਨ ਸਿੰਘ ਸੈਣੀ ਅਤੇ ਸਮਾਜ ਸੇਵੀ ਆਗੂ ਅਮਨਦੀਪ ਸਿੰਘ ਅੰਮੂ ਸੈਣੀ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਅੱਗੇ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਘਟਨਾ ਤੋਂ ਬਾਅਦ ਮੌਕੇ ਤੇ ਇਕੱਠਾ ਹੋਏ ਲੋਕਾਂ ਨੇ ਪ੍ਰਸ਼ਾਸਨ ਤੋਂ ਸ਼ਰਾਰਤੀਆਂ ਨੂੰ ਟਰੇਸ ਕਰ ਕੇ ਕਾਬੂ ਕਰਨ ਦੀ ਮੰਗ ਕੀਤੀ ਹੈ। ਲੋਕਾਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਮਾਹੌਲ ਵਿਗੜਦਾ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਕਰਨ ਦੇ ਮਾਮਲੇ ‘ਚ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਐਸਐਚਓ ਅਮਰਿੰਦਰ ਸਿੰਘ ਸਿੱਧੂ ਨੇ ਭਰੋਸਾ ਦਿਵਾਇਆ ਕਿ ਇਸ ਮਾਮਲੇ ਦੀ ਪੂਰੀ ਜਾਂਚ ਕਰਕੇ ਜਲਦੀ ਕਾਰਵਾਈ ਕੀਤੀ ਜਾਵੇਗੀ। ਸ਼ਹਿਰ ਦੀਆਂ ਸਮੂਹ ਸਿੱਖ ਜੱਥੇਬੰਦੀਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here