ਫਤਹਿਗੜ੍ਹ ’ਚ ਵਿਆਹੁਤਾ ਦੀ ਭੇਦਭਰੀ ਹਾਲਤ ’ਚ ਮੌਤ/ ਪੇਕਾ ਪਰਿਵਾਰ ਨੇ ਕਤਲ ਹੋਣ ਦੇ ਲਾਏ ਇਲਜ਼ਾਮ/ ਪੁਲਿਸ ਨੇ ਲਾਸ਼ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਸ਼ੁਰੂ

0
2

 

ਫਤਹਿਗੜ੍ਹ ਸਾਹਿਬ ਦੇ ਪਿੰਡ ਭੱਦਲਥੂਹਾ ਵਿਖੇ ਵਿਆਹੁਤਾ ਦੀ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ 35 ਸਾਲਾ ਰੁਪਿੰਦਰ ਕੌਰ ਵਜੋਂ ਹੋਈ ਹੈ, ਜੋ ਦੋ ਬੱਚਿਆਂ ਦੀ ਮਾਂ ਸੀ। ਘਟਨਾ ਨੂੰ ਖੁਦਕੁਸ਼ੀ ਦੇ ਐਂਗਲ ਤੋਂ ਜਾ ਰਿਹਾ ਹੈ, ਜਦਕਿ ਮ੍ਰਿਤਕਾ ਦੇ ਪੇਕਾ ਪਰਿਵਾਰ ਨੇ ਇਸਨੂੰ ਸਾਫ਼ ਤੌਰ ‘ਤੇ ਕਤਲ ਕਰਾਰ ਦਿੱਤਾ ਹੈ। ਪੇਕਾ ਪਰਿਵਾਰ ਦਾ ਇਲਜਾਮ ਹੈ ਕਿ ਸਹੁਰਾ ਪਰਿਵਾਰ ਵਲੋਂ ਉਸ ਨੂੰ ਲੰਮੇ ਸਮੇਂ ਤੋਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪਰਿਵਾਰ ਨੇ ਇਨਸਾਫ ਮਿਲਣ ਤਕ ਸੰਸਕਾਰ ਨਾ ਕਰਨ ਦੀ ਚਿਤਾਵਨੀ ਦਿੱਤੀ ਹੈ। ਪੁਲਿਸ ਨੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।
ਪਰਿਵਾਰ ਦੇ ਦੱਸਣ ਮੁਤਾਬਕ ਉਸਦਾ ਵਿਆਹ ਕਰੀਬ 14 ਸਾਲ ਪਹਿਲਾਂ ਪਿੰਡ ਭੱਦਲਥੂਹਾ ਵਿਖੇ ਹੋਇਆ ਸੀ ਅਤੇ ਉਹ ਦੋ ਬੱਚਿਆਂ ਦੀ ਮਾਂ ਸੀ। ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਸਦਾ ਸਹੁਰਾ ਪਰਿਵਾਰ ਲੰਬੇ ਸਮੇਂ ਤੋਂ ਉਸਨੂੰ ਤੰਗ-ਪਰੇਸ਼ਾਨ ਕਰ ਰਿਹਾ ਸੀ। ਉਹਨਾਂ ਦੇ ਅਨੁਸਾਰ, ਰੁਪਿੰਦਰ ਕੌਰ ਨਾਲ ਅਕਸਰ ਕੁੱਟਮਾਰ ਵੀ ਕੀਤੀ ਜਾਂਦੀ ਸੀ ਅਤੇ ਇਸ ਸਬੰਧੀ ਕਈ ਵਾਰ ਸਮਝਾਉਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਹਾਲਾਤ ਵਿੱਚ ਕੋਈ ਸੁਧਾਰ ਨਹੀਂ ਆਇਆ।
ਪਰਿਵਾਰ ਦਾ ਦਾਅਵਾ ਹੈ ਕਿ ਲਗਾਤਾਰ ਹੋ ਰਹੀ ਤੰਗ-ਪਰੇਸ਼ਾਨੀ ਦੇ ਕਾਰਨ ਹੀ ਉਸਦਾ ਕਤਲ ਕੀਤਾ ਗਿਆ ਹੈ। ਉਹਨਾਂ ਨੇ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਇਨਸਾਫ਼ ਦੀ ਮੰਗ ਕਰਦੇ ਹੋਏ ਮ੍ਰਿਤਕਾ ਦਾ ਅੰਤਿਮ ਸੰਸਕਾਰ ਰੋਕ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦ ਤੱਕ ਉਹਨਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਅਮਲੋਹ ਥਾਣਾ ਦੇ ਐਸਐਚਓ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮ੍ਰਿਤਕਾ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸਾਰੇ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀਆਂ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਹਾਲੇ ਤੱਕ ਇਹ ਪੱਕਾ ਨਹੀਂ ਕਿਹਾ ਜਾ ਸਕਦਾ ਕਿ ਮੌਤ ਖੁਦਕੁਸ਼ੀ ਹੈ ਜਾਂ ਕਤਲ। ਪੋਸਟਮਾਰਟਮ ਰਿਪੋਰਟ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਹੀ ਅਸਲੀ ਹਕੀਕਤ ਸਾਹਮਣੇ ਆ ਸਕੇਗੀ। ਫਿਲਹਾਲ, ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।

LEAVE A REPLY

Please enter your comment!
Please enter your name here