ਅੰਮ੍ਰਿਤਸਰ ‘ਚ ਭਾਜਪਾ ਦਾ ਵੱਡਾ ਰੋਸ਼ ਪ੍ਰਦਰਸ਼ਨ/ ਪੰਜਾਬ ਸਰਕਾਰ ‘ਤੇ ਕੀਤੇ ਤਿੱਖੇ ਹਮਲੇ/ ਤਰੁਣ ਚੁੱਗ, ਜਾਖੜ ਤੇ ਬਿੱਟੂ ਸਮੇਤ ਕਈ ਨੇਤਾ ਰਹੇ ਮੌਜੂਦ

0
5

ਅੰਮ੍ਰਿਤਸਰ ਦੇ ਹਾਲ ਬਾਜ਼ਾਰ ਦੇ ਬਾਹਰ ਅੱਜ ਬੀਜੇਪੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਪ੍ਰਵਕਤਾ ਤਰੁਣ ਚੁੱਗ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਸਮੇਤ ਕਈ ਹੋਰ ਆਗੂਆਂ ਨੇ ਸ਼ਿਰਕਤ ਕੀਤੀ। ਪ੍ਰਦਰਸ਼ਨ ਦੌਰਾਨ ਨੇਤਾਵਾਂ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰਦੇ ਹੋਏ ਕਾਨੂੰਨ-ਵਿਵਸਥਾ ਦੀ ਹਾਲਤ ਨੂੰ ਨਾਕਾਮ ਦੱਸਿਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤਰੁਣ ਚੁੱਗ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੇ ਮਨ ਵਿੱਚ ਭਾਰੀ ਰੋਸ਼ ਹੈ, ਜੋ ਹੁਣ ਸੜਕਾਂ ‘ਤੇ ਸਾਹਮਣੇ ਆ ਰਿਹਾ ਹੈ।
ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਮਾਫੀਆ ਸਿਸਟਮ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਗੈਂਗਸਟਰ ਖੁੱਲ੍ਹੇਆਮ ਵਾਰਦਾਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਪਰਾਧੀ ਲੁਕ ਕੇ ਕਾਰਵਾਈ ਕਰਦੇ ਸਨ, ਪਰ ਹੁਣ ਉਹ ਵੀਡੀਓ ਬਣਾਕੇ ਸੋਸ਼ਲ ਮੀਡੀਆ ‘ਤੇ ਪਾ ਰਹੇ ਹਨ, ਜੋ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਚੁੱਗ ਨੇ ਇਹ ਵੀ ਦਾਅਵਾ ਕੀਤਾ ਕਿ ਸੂਬੇ ਵਿੱਚ ਰੰਗਦਾਰੀ, ਲੂਟਪਾਟ ਅਤੇ ਧਮਾਕਿਆਂ ਦੇ ਮਾਮਲੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਮੰਦਰਾਂ, ਪੁਲਿਸ ਥਾਣਿਆਂ ਅਤੇ ਰਾਜਨੀਤਿਕ ਦਫਤਰਾਂ ‘ਤੇ ਹਮਲੇ ਹੋ ਚੁੱਕੇ ਹਨ, ਜਿਸ ਨਾਲ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ ਹੈ। ਉਨ੍ਹਾਂ ਨੇ ਸਰਕਾਰ ‘ਤੇ ਇਹ ਵੀ ਦੋਸ਼ ਲਗਾਇਆ ਕਿ ਕੁਝ ਮੰਤਰੀਆਂ ਵੱਲੋਂ ਅਧਿਕਾਰੀਆਂ ‘ਤੇ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਇਸ ਮੌਕੇ ਸੁਨੀਲ ਜਾਖੜ ਨੇ ਗਗਨਦੀਪ ਰੰਧਾਵਾ ਮਾਮਲੇ ਨੂੰ ਉਠਾਉਂਦੇ ਹੋਏ ਕਿਹਾ ਕਿ ਭਾਜਪਾ ਇਸ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਪੀੜਤ ਪਰਿਵਾਰ ਨੂੰ ਨਿਆਂ ਨਹੀਂ ਮਿਲਦਾ, ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿੱਚ ਰੂਲ ਆਫ ਲਾਅ ਲਾਗੂ ਕਰਵਾਉਣ ਲਈ ਵਚਨਬੱਧ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇਗੀ। ਭਾਜਪਾ ਨੇ ਸਾਫ ਕੀਤਾ ਕਿ ਉਹ ਲੋਕਤਾਂਤਰਿਕ ਤਰੀਕੇ ਨਾਲ ਆਪਣੀ ਲੜਾਈ ਜਾਰੀ ਰੱਖੇਗੀ ਅਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਪ੍ਰਦਰਸ਼ਨ ਨਾਲ ਸੂਬੇ ਦੀ ਸਿਆਸਤ ਵਿੱਚ ਗਰਮੀ ਵਧ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਭੜਕਣ ਦੀ ਸੰਭਾਵਨਾ ਹੈ।

LEAVE A REPLY

Please enter your comment!
Please enter your name here