ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ/ 4 ਕਿੱਲੋ 13 ਗ੍ਰਾਮ ਹੀਰੋਇਨ ਸਮੇਤ 2 ਗ੍ਰਿਫਤਾਰ/ ਡਰੋਨ ਰਾਹੀਂ ਮੰਗਵਾਈ ਸੀ ਨਸ਼ੇ ਦੀ ਖੇਪ

0
3

ਅੰਮ੍ਰਿਤਸਰ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਨਸ਼ੇ ਦੀ ਖੇਪ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 4 ਕਿੱਲੋ 13 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜਮਾਂ ਨੇ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ ਜੋ ਅੱਗੇ ਮਾਝਾ ਅਤੇ ਦੁਆਬਾ ਵਿਚ ਸਪਲਾਈ ਕੀਤੀ ਜਾਣੀ ਸੀ। ਫੜੇ ਗਏ ਮੁਲਜ਼ਮ ਯੂਰਪ ਅਧਾਰਤ ਹੈਂਲਡਰਾਂ ਤੇ ਜੇਲ ਵਿਚ ਬੰਦ ਮੁਲਜਮਾਂ ਦੇ ਸੰਪਰਕ ਵਿਚ ਸਨ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ।
ਪੁਲਿਸ ਦੇ ਮੁਤਾਬਕ ਦੋਵੇਂ ਦੋਸ਼ੀ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾਉਂਦੇ ਸਨ ਅਤੇ ਉਸ ਨੂੰ ਮਾਝਾ ਅਤੇ ਦੁਆਬਾ ਖੇਤਰਾਂ ਵਿੱਚ ਸਪਲਾਈ ਕਰਦੇ ਸਨ। ਗ੍ਰਿਫਤਾਰ ਦੋਸ਼ੀਆਂ ਦੀ ਪਹਿਚਾਣ ਆਤਿਸ਼ ਸੁਮਨ ਅਤੇ ਸੁਖਵਿੰਦਰ ਉਰਫ਼ ਸੁੰਦਰੀ ਵਜੋਂ ਹੋਈ ਹੈ। ਆਤਿਸ਼ ਸੁਮਨ ਫਗਵਾੜਾ ਦੇ ਨੇੜਲੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਸ ਨੇ ਡੀਜ਼ਲ ਮਕੈਨਿਕ ਦਾ ਡਿਪਲੋਮਾ ਕੀਤਾ ਹੋਇਆ ਹੈ ਅਤੇ ਮਹਿੰਦਰਾ ਕੰਪਨੀ ਵਿੱਚ ਮਕੈਨਿਕ ਵਜੋਂ ਕੰਮ ਕਰਦਾ ਸੀ। ਉਸ ਦੀ ਉਮਰ 22 ਸਾਲ ਦੱਸੀ ਜਾ ਰਹੀ ਹੈ। ਉਸ ਦੇ ਖਿਲਾਫ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਪਿਛਲੇ ਕੁਝ ਸਮੇਂ ਤੋਂ ਉਹ ਨਸ਼ਾ ਤਸਕਰੀ ਦੇ ਕੰਮ ਵਿੱਚ ਕਾਫੀ ਸਰਗਰਮ ਸੀ।
ਦੂਜਾ ਦੋਸ਼ੀ ਸੁਖਵਿੰਦਰ ਉਰਫ਼ ਸੁੰਦਰੀ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਬੋਪਰ ਰਾਏ ਕਲਾ ਦਾ ਰਹਿਣ ਵਾਲਾ ਹੈ। ਉਸ ਦੀ ਉਮਰ 28 ਸਾਲ ਹੈ ਅਤੇ ਉਹ ਦਸਵੀਂ ਪਾਸ ਹੈ। ਉਹ ਡਰਾਈਵਰੀ ਦਾ ਕੰਮ ਕਰਦਾ ਸੀ। ਪੁਲਿਸ ਮੁਤਾਬਕ ਉਸ ਦੇ ਖਿਲਾਫ ਵੀ ਪਹਿਲਾਂ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਵੀ ਨਸ਼ਾ ਤਸਕਰੀ ਦੇ ਇਸ ਗਿਰੋਹ ਨਾਲ ਜੁੜਿਆ ਹੋਇਆ ਸੀ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਦੋਸ਼ੀਆਂ ਦੇ ਸੰਪਰਕ ਯੂਰਪ ਵਿੱਚ ਬੈਠੇ ਨਸ਼ਾ ਤਸਕਰਾਂ ਅਤੇ ਜੇਲ੍ਹ ਵਿੱਚ ਬੰਦ ਕੁਝ ਕਾਰਕੁਨਾਂ ਨਾਲ ਸਨ। ਇਹ ਗਿਰੋਹ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੇ ਦੀ ਖੇਪ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਫੈਲਾਉਣ ਦਾ ਕੰਮ ਕਰਦਾ ਸੀ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਨਾਲ ਇਸ ਨਸ਼ਾ ਤਸਕਰੀ ਦੇ ਜਾਲ ਨੂੰ ਵੱਡਾ ਝਟਕਾ ਲੱਗਿਆ ਹੈ।
ਪੁਲਿਸ ਕਮਿਸ਼ਨਰ ਭੁੱਲਰ ਨੇ ਅੱਗੇ ਦੱਸਿਆ ਕਿ ਸਾਲ 2026 ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਹੁਣ ਤੱਕ ਐਨਡੀਪੀਐਸ ਐਕਟ ਹੇਠ 488 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ ਅਤੇ 840 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵੱਲੋਂ 31 ਕਿਲੋਗ੍ਰਾਮ ਤੋਂ ਵੱਧ ਹੀਰੋਇਨ ਅਤੇ 18 ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰੀ ਖਿਲਾਫ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਅਜਿਹੇ ਗਿਰੋਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਤੱਕ ਵੀ ਪਹੁੰਚ ਕੀਤੀ ਜਾ ਸਕੇ।

LEAVE A REPLY

Please enter your comment!
Please enter your name here