ਪੰਜਾਬ ਪਟਿਆਲਾ ਦੇ ਨਾਮੀ ਸਕੂਲਾਂ ਨੂੰ ਉਡਾਉਣ ਦੀ ਧਮਕੀ/ ਪੁਲਿਸ ਵੱਲੋਂ ਸਕੂਲਾਂ ਅੰਦਰ ਤਲਾਸ਼ੀ ਮੁਹਿੰਮ ਸ਼ੁਰੂ/ ਪ੍ਰਸ਼ਾਸਨ ਨੇ ਅਹਿਮ ਥਾਵਾਂ ਦੀ ਵਧਾਈ ਚੌਕਸੀ By admin - April 9, 2026 0 3 Facebook Twitter Pinterest WhatsApp ਗਵਰਨਰ ਦੀ ਆਮਦ ਤੋਂ ਪਹਿਲਾਂ ਪਟਿਆਲਾ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਮਿਲਣ ਤੋਂ ਬਾਅਦ ਹਰਕਤ ਵਿਚ ਆਈ ਪੁਲਿਸ ਨੇ ਸਬੰਧਤ ਸਕੂਲਾਂ ਵਿਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਸਾਡੀ ਸਭ ਤੋਂ ਪਹਿਲੀ ਤਰਜੀਹ ਹੈ। ਇਸ ਲਈ ਸੁਰੱਖਿਆ ਦੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਫਵਾਹਾਂ ਫੈਲਾਉਣ ਵਾਲਿਆਂ ਦੀ ਪਛਾਣ ਕੀਤੀ ਜਾ ਰਿਹਾ ਹੈ, ਜਿਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਮਕੀ ਭਰੀ ਸੂਚਨਾ ਮਿਲਦੇ ਹੀ ਕਈ ਸਕੂਲਾਂ ਨੇ ਬਿਨਾਂ ਕੋਈ ਦੇਰੀ ਕੀਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਬੱਚਿਆਂ ਨੂੰ ਛੁੱਟੀ ਕਰ ਦਿੱਤੀ। ਅਚਾਨਕ ਹੋਈ ਇਸ ਛੁੱਟੀ ਕਾਰਨ ਸਕੂਲਾਂ ਦੇ ਬਾਹਰ ਮਾਪਿਆਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜੋ ਆਪਣੇ ਬੱਚਿਆਂ ਦੀ ਸਲਾਮਤੀ ਨੂੰ ਲੈ ਕੇ ਚਿੰਤਤ ਨਜ਼ਰ ਆਏ। ਸਕੂਲ ਪ੍ਰਬੰਧਕਾਂ ਅਨੁਸਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ ਗਿਆ ਹੈ। ਐਸ.ਪੀ. (ਡੀ) ਗੁਰਬਖਸ਼ ਸਿੰਘ ਬੈਂਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੂਚਨਾ ਮਿਲਣ ਸਾਰ ਹੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅਤੇ ਬੰਬ ਨਿਰੋਧਕ ਦਸਤੇ ਮੌਕੇ ‘ਤੇ ਰਵਾਨਾ ਕਰ ਦਿੱਤੇ ਗਏ ਹਨ। ਐਸ.ਪੀ. (ਡੀ) ਅਨੁਸਾਰ “ਅਸੀਂ ਸਥਿਤੀ ‘ਤੇ ਪੂਰੀ ਨਜ਼ਰ ਰੱਖ ਰਹੇ ਹਾਂ। ਪੁਲਿਸ ਟੀਮਾਂ ਵੱਲੋਂ ਸਕੂਲ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਸਾਡੀ ਸਭ ਤੋਂ ਪਹਿਲੀ ਤਰਜੀਹ ਹੈ। ਅਸੀਂ ਲੋੜੀਂਦੇ ਸੁਰੱਖਿਆ ਕਦਮ ਚੁੱਕ ਰਹੇ ਹਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਧਮਕੀ ਈ-ਮੇਲ ਰਾਹੀਂ ਆਈ ਹੈ ਜਾਂ ਕਿਸੇ ਹੋਰ ਮਾਧਿਅਮ ਰਾਹੀਂ। ਸਾਈਬਰ ਸੈੱਲ ਦੀ ਮਦਦ ਨਾਲ ਧਮਕੀ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ। ਸ਼ਹਿਰ ਦੇ ਹੋਰਨਾਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਗਸ਼ਤ ਵਧਾ ਦਿੱਤੀ ਗਈ ਹੈ।