ਅਮਿਤ ਸ਼ਾਹ ਦੇ ਬਿਆਨਾਂ ‘ਤੇ ਇਮਾਨ ਸਿੰਘ ਦੀ ਪ੍ਰਤੀਕਰਮ/ ਸਿੱਖਾਂ ਨੂੰ ਸਨਾਤਨ ਨਾਲ ਜੋੜਣ ’ਤੇ ਚੁੱਕੇ ਸਵਾਲ/ ਹਿੰਦੂ ਰਾਸ਼ਟਰ ਬਣਾਉਣ ਦੇ ਬਿਆਨ ਦੀ ਨਿਖੇਧੀ

0
3

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਐਕਟਿੰਗ ਪ੍ਰਧਾਨ ਇਮਾਨ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨਾਂ ‘ਤੇ ਤਿੱਖੀ ਪ੍ਰਤੀਕਿਰਿਆ ਜਾਹਰ ਕੀਤੀ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਈਮਾਨ ਸਿੰਘ ਨੇ ਕਿਹਾ ਕਿ ਸਿੱਖ ਧਰਮ ਨੂੰ ਕਿਸੇ ਹੋਰ ਧਰਮ ਨਾਲ ਜੋੜਣਾ ਗਲਤ ਅਤੇ ਅਸਵੀਕਾਰਯੋਗ ਹੈ। ਉਨ੍ਹਾਂ ਕਿਹਾ ਕਿ ਸਿੱਖ ਧਰਮ ਦੀ ਆਪਣੀ ਵੱਖਰੀ ਪਹਿਚਾਣ ਅਤੇ ਫਲਸਫਾ ਹੈ, ਜਿਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਿੰਦੂ ਰਾਸ਼ਟਰ ਵਰਗੀਆਂ ਗੱਲਾਂ ਦੇਸ਼ ਦੇ ਸੰਵਿਧਾਨਕ ਮੁੱਲਾਂ ਦੇ ਖ਼ਿਲਾਫ ਹਨ, ਇਸ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਜਿਹੇ ਬਿਆਨਾਂ ਦੀ ਸਖਤ ਨਿਖੇਧੀ ਕਰਦਾ ਹੈ।
ਇਮਾਨ ਸਿੰਘ ਨੇ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ‘ਤੇ ਵੀ ਕੇਂਦਰ ਸਰਕਾਰ ਦੀ ਨੀਤੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਿਰਫ਼ ਸਖ਼ਤੀ ਜਾਂ ਡੰਡੇ ਨਾਲ ਇਹ ਸਮੱਸਿਆ ਹੱਲ ਨਹੀਂ ਹੋ ਸਕਦੀ। ਉਨ੍ਹਾਂ ਦੇ ਅਨੁਸਾਰ, ਨੌਜਵਾਨਾਂ ਨੂੰ ਰੋਜ਼ਗਾਰ ਅਤੇ ਮੌਕੇ ਦੇ ਕੇ ਹੀ ਨਸ਼ਿਆਂ ਤੋਂ ਦੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀਆਂ ਨੀਤੀਆਂ ਕਾਰਨ ਪੰਜਾਬ ਦੀ ਇੰਡਸਟਰੀ ਹੌਲੀ ਹੌਲੀ ਹੋਰ ਰਾਜਾਂ, ਖ਼ਾਸ ਕਰਕੇ ਗੁਜਰਾਤ ਵੱਲ ਸ਼ਿਫਟ ਹੋ ਰਹੀ ਹੈ, ਜਿਸ ਨਾਲ ਸੂਬੇ ਵਿੱਚ ਬੇਰੋਜ਼ਗਾਰੀ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਵਿੱਚ ਗੈਸ ਪਾਈਪਲਾਈਨ ਅਤੇ ਇੰਡਸਟਰੀਕਲ ਵਿਕਾਸ ਕੀਤਾ ਜਾਵੇ ਤਾਂ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਪੈਦਾ ਹੋ ਸਕਦਾ ਹੈ।
ਪਾਣੀ ਦੇ ਮਸਲੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਦਰਿਆਈ ਪਾਣੀ ਦੀ ਵੰਡ ਅਤੇ ਇੰਟਰਲਿੰਕਿੰਗ ਪ੍ਰੋਜੈਕਟ ਪੰਜਾਬ ਲਈ ਨੁਕਸਾਨਦਾਇਕ ਸਾਬਤ ਹੋ ਸਕਦੇ ਹਨ। ਇਸ ਨਾਲ ਸੂਬੇ ਦੇ ਭੂਗਰਭ ਪਾਣੀ ‘ਤੇ ਹੋਰ ਦਬਾਅ ਪਵੇਗਾ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਜੰਗ ਦਾ ਮੈਦਾਨ ਬਣਾਉਣ ਦੀ ਬਜਾਏ ਅਮਨ ਅਤੇ ਵਿਕਾਸ ਵੱਲ ਧਿਆਨ ਦਿੱਤਾ ਜਾਵੇ, ਬਾਰਡਰ ਖੇਤਰਾਂ ਵਿੱਚ ਵਪਾਰ ਵਧਾਇਆ ਜਾਵੇ ਅਤੇ ਇੰਡਸਟਰੀ ਲਿਆ ਕੇ ਲੋਕਾਂ ਨੂੰ ਰੋਜ਼ਗਾਰ ਦਿੱਤਾ ਜਾਵੇ।
ਬੇਅਦਬੀ ਦੇ ਮਾਮਲਿਆਂ ‘ਤੇ ਉਨ੍ਹਾਂ ਕਿਹਾ ਕਿ ਸਖ਼ਤ ਕਾਨੂੰਨਾਂ ਨਾਲ ਨਾਲ ਇਮਾਨਦਾਰੀ ਨਾਲ ਕਾਰਵਾਈ ਕਰਨਾ ਵੀ ਜ਼ਰੂਰੀ ਹੈ। ਸਿਰਫ਼ ਕਾਨੂੰਨ ਬਣਾਉਣ ਨਾਲ ਨਹੀਂ, ਸਗੋਂ ਉਨ੍ਹਾਂ ਦੀ ਸਹੀ ਤਰ੍ਹਾਂ ਲਾਗੂ ਕਰਨ ਨਾਲ ਹੀ ਨਿਆਂ ਮਿਲ ਸਕਦਾ ਹੈ। ਖਾਲਿਸਤਾਨ ਦੇ ਮੁੱਦੇ ‘ਤੇ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਗੱਲ ਸ਼ਾਂਤਮਈ ਅਤੇ ਕਾਨੂੰਨੀ ਤਰੀਕੇ ਨਾਲ ਰੱਖਦੇ ਹਨ ਅਤੇ ਇਹ ਲੋਕਤੰਤਰਿਕ ਹੱਕ ਹੈ। ਉਨ੍ਹਾਂ ਨੇ ਅੰਤ ਵਿੱਚ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਰੋਜ਼ਗਾਰ, ਇੰਡਸਟਰੀ ਅਤੇ ਅਮਨ ਸਭ ਤੋਂ ਜ਼ਰੂਰੀ ਹਨ, ਨਾ ਕਿ ਸਿਰਫ਼ ਰਾਜਨੀਤਿਕ ਬਿਆਨਬਾਜ਼ੀ।

LEAVE A REPLY

Please enter your comment!
Please enter your name here